Monday, July 1, 2024

ਹੁਣ ਤੱਕ ਜ਼ਿਲ੍ਹੇ ਵਿਚ 150952 ਮੀਟ੍ਰਿਕ ਟਨ ਕਣਕ ਦੀ ਖ਼ਰੀਦ- ਡੀ. ਸੀ

PPN2104201609
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 150952 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਖ਼ਰੀਦ ਦੇ ਕੰਮ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 31484 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 40209 ਮੀਟ੍ਰਿਕ ਟਨ, ਪਨਸਪ ਵੱਲੋਂ 33542 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 16342 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 20210 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 9005 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 160 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਵਾਸਤੇ 56 ਖ਼ਰੀਦ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿਚ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਸ੍ਰੀ ਰੂਜਮ ਨੇ ਦੱਸਿਆ ਕਿ ਖ਼ਰੀਦ ਦੇ ਕੰਮ ਦੀ ਰੋਜ਼ਾਨਾ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਖ਼ਰੀਦ ਕੀਤੀ ਕਣਕ ਦੀ ਲਿਫਟਿੰਗ ਵੀ ਰੋਜ਼ਾਨਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਪ੍ਰਕਿਰਿਆ ‘ਤੇ ਨਜ਼ਰ ਰੱਖ ਰਹੇ ਹਨ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਸ੍ਰੀ ਵਰੁਣ ਰੂਜਮ ਨੇ ਰਈਆ, ਮਜੀਠਾ, ਸੋਹੀਆਂ, ਕੱਥੂਨੰਗਲ, ਪਾਖਰਪੁਰਾ ਅਤੇ ਜੰਡਿਆਲਾ ਮੰਡੀਆਂ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਉਥੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਆਈ. ਏ. ਐਸ ਡਾ. ਪ੍ਰੀਤੀ ਯਾਦਵ, ਡੀ. ਐਫ. ਐਸ. ਸੀ ਸ. ਨਿਰਮਲ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਜਸਬੀਰ ਸਿੰਘ ਪੰਨੂੰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply