Monday, July 1, 2024

ਡੀ.ਸੀ ਵੱਲੋਂ ਸਕੂਲ ਪ੍ਰਬੰਧਕਾਂ ਤੇ ਮੁਖੀਆਂ ਨਾਲ ਮੀਟਿੰਗ-ਕਿਤਾਬਾਂ ਤੇ ਵਰਦੀਆਂ ਦੇ ਕਾਊਂਟਰ ਬੰਦ ਕਰਨ ਦੀ ਹਦਾਇਤ

ਫੀਸਾਂ ਦਾ ਬਿਓਰਾ ਫੌਰਨ ਜਮ੍ਹਾਂ ਕਰਵਾਉਣ ਦੇ ਆਦੇਸ਼

PPN2104201610

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਅਤੇ ਮੁਖੀਆਂ ਨਾਲ ਮੀਟਿੰਗ ਕੀਤੀ ਤਾਂ ਜੋ ਇਸ ਮਸਲੇ ਦਾ ਹੱਲ ਕੱਢਿਆ ਜਾ ਸਕੇ। ਮੀਟਿੰਗ ਵਿਚ ਆਈ. ਏ. ਐਸ ਡਾ. ਪ੍ਰੀਤੀ ਯਾਦਵ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਸਤਿੰਦਰਬੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਹਿਰ ਦੇ 10 ਦੇ ਕਰੀਬ ਵੱਡੇ ਪ੍ਰਾਈਵੇਟ ਸਕੂਲਾਂ ਦੇ ਖਿਲਾਫ਼ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸ਼ਿਕਾਇਤਾਂ ਮਿਲੀਆਂ ਹਨ ਕਿ ਇਨ੍ਹਾਂ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿਚ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਸਕੂਲ ਕਿਤਾਬਾਂ, ਵਰਦੀਆਂ, ਸਟੇਸ਼ਨਰੀ ਅਤੇ ਹੋਰ ਚੀਜ਼ਾਂ ਵੀ ਸਕੂਲ ਤੋਂ ਹੀ ਲੈਣ ਲਈ ਮਜ਼ਬੂਰ ਕਰਦੇ ਹਨ ਅਤੇ ਪ੍ਰਿੰਟ ਰੇਟ ਤੋਂ ਵੀ ਵੱਧ ਪੈਸੇ ਵਸੂਲਦੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਗੰਭੀਰ ਮਸਲਾ ਹੈ ਅਤੇ ਇਹ ਸਰਕਾਰ ਅਤੇ ਸੀ. ਬੀ. ਐਸ. ਈ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੀਸਾਂ ਵਿਚ ਵਾਧਾ ਸਹਿਣਯੋਗ ਅਤੇ ਮਾਪਿਆਂ ਨਾਲ ਗੱਲਬਾਤ ਕਰਕੇ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਇਕ ਭਲਾਈ ਦਾ ਕਾਰਜ ਹੈ ਅਤੇ ਇਹ ਏਨੀ ਮਹਿੰਗੀ ਨਹੀਂ ਹੋਣੀ ਚਾਹੀਦੀ ਕਿ ਭਾਰ ਹੀ ਬਣ ਜਾਵੇ।  ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਸਤਿੰਦਰਬੀਰ ਸਿੰਘ ਨੇ ਵੀ ਇਸ ਮੌਕੇ ਕਿਹਾ ਕਿ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਸ਼ਵਾਸ ਵਿਚ ਲੈ ਕੇ ਹੀ ਫ਼ੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਅਤੇ ਸੰਘਰਸ਼ ਦਾ ਸਭ ਤੋਂ ਵੱਡਾ ਕਾਰਨ ਸਕੂਲਾਂ ਅਤੇ ਮਾਪਿਆਂ ਵਿਚਾਲੇ ਸੰਵਾਦ ਦੀ ਘਾਟ ਹੈ, ਜਿਸ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਇਨ੍ਹਾਂ ਸ਼ਿਕਾਇਤਾਂ ਸਬੰਧੀ ਸਕੂਲ ਪ੍ਰਬੰਧਕਾਂ ਦਾ ਪੱਖ ਜਾਣਿਆ ਗਿਆ, ਜਿਨ੍ਹਾਂ ਵਿਚ ਉਨ੍ਹਾਂ ਫੀਸਾਂ ਵਧਾਉਣ ਦੇ ਵੱਖ-ਵੱਖ ਤਰਕ ਦਿੱਤੇ, ਜਿਨ੍ਹਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਬੁਨਿਆਦੀ ਢਾਂਚਾ, ਫੀਸ ਮੁਆਫ਼ੀ, ਸਕੂਲ ਵਾਹਨਾਂ ਦੀ ਅਪਗ੍ਰੇਡੇਸ਼ਨ ਆਦਿ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਕਿਤਾਬਾਂ ਅਤੇ ਵਰਦੀਆਂ ਮਾਪਿਆਂ ਦੀ ਸਹੂਲਤ ਲਈ ਹੀ ਸਕੂਲਾਂ ਵਿਚੋਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਪ੍ਰੇਸ਼ਾਨ ਨਾ ਹੋਣਾ ਪਵੇ।  ਡਿਪਟੀ ਕਮਿਸ਼ਨਰ ਨੇ ਸਕੂਲਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਕਿਤਾਬਾਂ ਅਤੇ ਵਰਦੀਆਂ ਦੇ ਕਾਊਂਟਰ ਬੰਦ ਕਰ ਦੇਣ। ਉਨ੍ਹਾਂ ਸਕੂਲਾਂ ਨੂੰ ਆਪਣੀਆਂ ਫੀਸਾਂ ਦਾ ਬਿਓਰਾ ਫੌਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਲ ਜਮ੍ਹਾਂ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦੋਵਾਂ ਧਿਰਾਂ ਦੀ ਮੀਟਿੰਗ ਬੁਲਾ ਕੇ ਇਸ ਮਸਲੇ ਦਾ ਜਲਦ ਹੱਲ ਕੱਢਿਆ ਜਾਵੇਗਾ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply