ਅੰਮ੍ਰਿਤਸਰ, 24 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖਹਿਰਾ ਨੂੰ ਪੈਰੋਲ ‘ਤੇ ਰਿਹਾਅ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰੋ: ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੀ ਰੋਸ ਮਾਰਚ ਕੱਢਿਆ ਗਿਆ ਸੀ ਤੇ ਥਾਂ-ਥਾਂ ਪੂਰੇ ਪੰਜਾਬ ਵਿਚ ਪ੍ਰੋ: ਭੁੱਲਰ ਦੇ ਹੱਕ ਵਿਚ ਲੋਕਾਂ ਨੇ ਪ੍ਰਦਰਸ਼ਨ ਕੀਤਾ ਸੀ।ਕਈ ਸਾਲਾਂ ਤੋਂ ਜੇਲ੍ਹਾਂ ਵਿਚ ਕੈਦ ਸਿੱਖ ਕੈਦੀਆਂ ਨੂੰ ਕੇਂਦਰ ਸਰਕਾਰ ਦੇ ਪੱਖਪਾਤ ਵਾਲੇ ਰਵੱਈਏ ਕਾਰਨ ਪੈਰੋਲ ਨਹੀਂ ਮਿਲ ਰਹੀ ਸੀ ਤੇ ਹੁਣ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਨ੍ਹਾਂ ਨੂੰ ਪੈਰੋਲ ‘ਤੇ ਰਿਹਾਈ ਮਿਲੀ ਹੈ।ਕੇਂਦਰ ਸਰਕਾਰ ਦੇ ਸਿੱਖ ਕੈਦੀਆਂ ਨਾਲ ਪੱਖਪਾਤ ਵਾਲੇ ਰਵੱਈਏ ਕਾਰਨ ਹੀ ਇਨ੍ਹਾਂ ਦੀ ਰਿਹਾਈ ਵਿਚ ਰੁਕਾਵਟ ਆਉਂਦੀ ਰਹੀ ਹੈ।ਸਿੱਖ ਕੈਦੀਆਂ ਨੂੰ ਸਜ਼ਾ ਪੂਰੀ ਹੋਣ ‘ਤੇ ਵੀ ਜੇਲ੍ਹਾਂ ਵਿਚੋਂ ਰਿਹਾਅ ਨਾ ਕਰਨਾ ਦੇਸ਼ ਦੇ ਕਾਨੂੰਨ ਤੇ ਸੰਵਿਧਾਨ ‘ਤੇ ਵੀ ਸਵਾਲੀਆ ਚਿੰਨ੍ਹ ਹੈ।ਉਨ੍ਹਾਂ ਹਿੰਦੁਸਤਾਨੀ ਮੀਡੀਏ ਨੂੰ ਵੀ ਸਿੱਖਾਂ ਲਈ ਅੱਤਵਾਦੀ ਲਫਜ਼ ਵਰਤਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ ਕਿਉਂਕਿ ਇਤਿਹਾਸ ਗਵਾਹ ਹੈ ਕਿ ਸਿੱਖਾਂ ਨੇ ਭਾਰਤ ਦੀ ਅਜ਼ਾਦੀ ਲਈ 80% ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ ਤੇ ਹੁਣ ਦੇਸ਼ ਸੁਰੱਖਿਆ ਤੇ ਤਰੱਕੀ ਲਈ ਹਰ ਖੇਤਰ ਵਿਚ ਆਪਣਾ ਯੋਗਦਾਨ ਪਾ ਰਹੇ ਹਨ।ਉਨ੍ਹਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੋਰ ਵੀ ਜੋ ਸਿੱਖ ਕੈਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਦੀ ਪੱਕੀ ਰਿਹਾਈ ਕੀਤੀ ਜਾਵੇ, ਬਾਕੀਆਂ ਨੂੰ ਪੈਰੋਲ ‘ਤੇ ਰਿਹਾਅ ਕੀਤਾ ਜਾਵੇ ਅਤੇ ਪੰਜਾਬ ਤੋਂ ਬਾਹਰ ਦੀਆਂ ਜੇਲ੍ਹਾਂ ਵਿਚ ਕੈਦ ਸਿੱਖਾਂ ਨੂੰ ਵੀ ਪੰਜਾਬ ਵਿਚ ਤਬਦੀਲ ਕੀਤਾ ਜਾਵੇ ਕਿਉਂਕਿ ਇਹ ਉਨ੍ਹਾਂ ਦਾ ਮੁੱਢਲਾ ਕਾਨੂੰਨੀ ਤੇ ਮਨੁੱਖੀ ਅਧਿਕਾਰ ਹੈ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media