Friday, March 20, 2026

ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਮੁੱਦਾ-ਅਨਿਲ ਜੋਸ਼ੀ

PPN2504201609

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਸੂਲਣ ਦਾ ਮੁੱਦਾ 30 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਵਿਚ ਵਿਚਾਰਿਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਸ੍ਰੀ ਜੋਸ਼ੀ ਨੇ ਕਿਹਾ ਕਿ ਇਹ ਮਸਲਾ ਪੂਰੇ ਸੂਬੇ ਵਿਚ ਭਖਿਆ ਹੋਇਆ ਹੈ, ਇਸ ਲਈ ਇਸ ਨੂੰ ਹੱਲ ਕਰਨ ਲਈ ਰਾਜ ਪੱਧਰ ‘ਤੇ ਕੋਈ ਰੈਗੂਲੇਟਰੀ ਬੋਰਡ ਜਾਂ ਕਮਿਸ਼ਨ ਗਠਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਸਬੰਧੀ ਕੈਬਨਿਟ ਵਿੱਚੋਂ ਕੋਈ ਮਨਜ਼ੂਰੀ ਨਹੀਂ ਆਉਂਦੀ ਉਦੋਂ ਤੱਕ ਇਸ ਮਸਲੇ ਦਾ ਹੱਲ ਨਹੀਂ ਨਿਕਲ ਸਕਦਾ।
ਉਨ੍ਹਾਂ ਕਿਹਾ ਕਿ ਇਸ ਮਸਲੇ ਸਬੰਧੀ ਕੋਈ ਵੱਖਰਾ ਕਾਨੂੰਨ ਬਣਨ ਨਾਲ ਹੀ ਆਪਹੁਦਰੀਆਂ ਕਰਨ ਵਾਲੇ ਸਕੂਲਾਂ ਉੱਤੇ ਸਖ਼ਤੀ ਵਰਤੀ ਜਾ ਸਕਦੀ ਹੈ। ਸ੍ਰੀ ਜੋਸ਼ੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬਗੈਰ ਰਸੀਦ ਦਿੱਤਿਆਂ ਪੈਸੇ ਲੈਣ ਵਾਲੇ ਸਕੂਲਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਇਸ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਮਸਲੇ ਸਬੰਧੀ ਸਕੂਲਾਂ ਕੋਲੋਂ ਫੀਸਾਂ, ਵਰਦੀਆਂ, ਕਿਤਾਬਾਂ ਅਤੇ ਹੋਰਨਾਂ ਪਹਿਲੂਆਂ ਸਬੰਧੀ ਵਿਸਥਾਰਤ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਭਲਕੇ ਤੋਂ ਇਸ ਬਾਰੇ ਵੈਰੀਫਿਕੇਸ਼ਨ ਕੀਤੀ ਜਾਵੇਗੀ, ਜਿਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿੱ) ਦੀ ਅਗਵਾਈ ਹੇਠ ਇਕ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ, ਜੋ ਕਿ ਸਕੂਲਾਂ ਵਿਚ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਟੀਮ ਇਹ ਵੀ ਪਤਾ ਲਗਾਵੇਗੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਹੋ ਰਹੀ ਹੈ ਜਾਂ ਨਹੀਂ।
ਇਸ ਮੌਕੇ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿੱ) ਸ. ਸਤਿੰਦਰਬੀਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ, ਡੀ. ਆਰ. ਪੀ ਸ੍ਰੀ ਰਾਜਿੰਦਰ ਕੁਮਾਰ, ਡਾ. ਯੋਗੇਸ਼ ਅਰੋੜਾ ਅਤੇ ਹੋਰ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply