ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਆਬਕਾਰੀ ਤੇ ਕਰ, ਪੁਲਿਸ ਮਾਮਲੇ, ਜਨ ਸਿਹਤ, ਸਿੱਖਿਆ, ਸਿਹਤ ਸੇਵਾਵਾਂ, ਐਸ. ਸੀਜ਼ ਤੇ ਬੀ. ਸੀਜ਼, ਸਿੰਚਾਈ ਅਤੇ ਬਿਜਲੀ ਆਦਿ ਵਿਭਾਗਾਂ ਨਾਲ ਸਬੰਧਿਤ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀ ਮੀਟਿੰਗਾਂ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੀਤੀਆਂ ਗਈਆਂ। ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਸਬੰਧਿਤ ਵਿਭਾਗਾਂ ਦੇ ਕੰਮਕਾਜ਼ ਅਤੇ ਕਾਰਜਕੁਸ਼ਲਤਾ ਵਿਚ ਸੁਧਾਰ ਲਿਆਉਣ ਲਈ ਇਨ੍ਹਾਂ ਵੱਖ-ਵੱਖ ਵਿਭਾਗੀ ਕਮੇਟੀਆਂ ਦੀਆਂ ਇਹ ਮੀਟਿੰਗਾਂ ਬਹੁਤ ਹੀ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚ ਮੈਂਬਰਾਂ ਵੱਲੋਂ ਪੇਸ਼ ਕੀਤੇ ਚੰਗੇ ਸੁਝਾਅ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ ਤਾਂ ਜੋ ਇਨ੍ਹਾਂ ਚੰਗੇ ਸੁਝਾਵਾਂ ਨੂੰ ਲਾਗੂ ਕਰਕੇ ਵਿਭਾਗ ਦੀ ਕਾਰਜਕੁਸ਼ਲਤਾ ਵਿਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵਿਚ ਨਿਯੁਕਤ ਕੀਤੇ ਗਏ ਮੈਂਬਰ ਪੇਂਡੂ ਤੇ ਸ਼ਹਿਰੀ ਖੇਤਰ ਨਾਲ ਸਬੰਧਿਤ ਹਨ ਜਿਨ੍ਹਾਂ ਦਾ ਲੋਕਾਂ ਦੇ ਨਾਲ ਰਾਬਤਾ ਜੁੜਿਆ ਰਹਿੰਦਾ ਹੈ ਅਤੇ ਲੋਕ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਸਬੰਧੀ ਆਪਣੀਆਂ ਸਮੱਸਿਆਵਾਂ ਵੀ ਦੱਸਦੇ ਹਨ। ਉਨ੍ਹਾਂ ਕਿਹਾ ਕਿ ਇਹ ਸਮੱਸਿਆਵਾਂ ਮੈਂਬਰਾਂ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚ ਸਕਣਗੀਆਂ ਅਤੇ ਇਨ੍ਹਾਂ ਸਮੱਸਿਆਵਾਂ ਦਾ ਸਮਾਧਾਨ ਹੋਣ ਨਾਲ ਲੋਕਾਂ ਨੂੰ ਰਾਹਤ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਇਕ ਅਜਿਹਾ ਪਲੇਟਫਾਰਮ ਹੈ ਜਿਥੇ ਵਿਭਾਗੀ ਸੁਧਾਰ ਵਾਸਤੇ ਚੰਗੇ ਸੁਝਾਅ ਪੇਸ਼ ਕੀਤੇ ਜਾ ਸਕਦੇ ਹਨ ਅਤੇ ਇਨ੍ਹਾਂ ਚੰਗੇ ਸੁਝਾਵਾਂ ਨੂੰ ਸਰਕਾਰ ਵਲੋਂ ਲਾਗੂ ਵੀ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਭਾਗਾਂ ਦੇ ਕੰਮਕਾਜ਼ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ ਅਤੇ ਮੈਂਬਰਾਂ ਨੇ ਆਪਣੇ ਵਡਮੁੱਲੇ ਸੁਝਾਅ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਦਿਵਾਇਆ ਕਿ ਮੈਂਬਰਾਂ ਦੇ ਸੁਝਾਵਾਂ ਨੂੰ ਅਮਲੀ ਰੂਪ ਦੇਣ ਲਈ ਪੂਰੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ਹਰੇਕ ਮਹੀਨੇ ਕੀਤੀਆਂ ਜਾਣਗੀਆਂ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media