ਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ, ਮਹਾਨ ਪਰਉਪਕਾਰੀ, ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਨਗਰ ਕੀਰਤਨ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਬਲਵਿੰਦਰ ਸਿੰਘ, ਸ. ਸਕੱਤਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਗੁਰਿੰਦਰ ਸਿੰਘ ਮੈਨੇਜਰ, ਸ. ਜਤਿੰਦਰ ਸਿੰਘ ਮੈਨੇਜਰ ਸ੍ਰੀ ਗੁਰੂ ਰਾਮਦਾਸ ਲੰਗਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ, ਸ. ਸੁਖਰਾਜ ਸਿੰਘ ਤੇ ਸ. ਸੁਖਬੀਰ ਸਿੰਘ ਐਡੀਸ਼ਨਲ ਮੈਨੇਜਰ, ਸ. ਲਖਬੀਰ ਸਿੰਘ ਮੀਤ ਮੈਨੇਜਰ, ਸ. ਜਸਵਿੰਦਰ ਸਿੰਘ ਦੀਪ, ਸ. ਕਰਨਬੀਰ ਸਿੰਘ ਤੇ ਸ. ਸਤਨਾਮ ਸਿੰਘ ਇੰਚਾਰਜ, ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ, ਸਮੂਹ ਧਾਰਮਿਕ ਸਭਾ-ਸੁਸਾਇਟੀਆਂ, ਸ਼ਬਦੀ ਜਥੇ, ਗੱਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਸੰਗਤਾਂ ਨੇ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸਰਾਂ ਗੁਰੂ ਰਾਮਦਾਸ ਤੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਬਜ਼ਾਰ ਮਾਈ ਸੇਵਾਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
27 ਅਪ੍ਰੈਲ ਨੂੰ ਪ੍ਰਕਾਸ਼-ਗੁਰਪੁਰਬ ਵਾਲੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਬਾਅਦ ਦੁਪਹਿਰ 2 ਵਜੇ ਤੋਂ ਦੇਰ ਰਾਤ ਤੀਕ ਮਹਾਨ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਸੁਖਜਿੰਦਰ ਸਿੰਘ ਤੇ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਚਰਨ ਸਿੰਘ ਰਸੀਆ, ਭਾਈ ਹਰਿੰਦਰ ਸਿੰਘ, ਭਾਈ ਪ੍ਰਮਿੰਦਰ ਸਿੰਘ ਪ੍ਰੇਮੀ, ਭਾਈ ਰਜਿੰਦਰ ਸਿੰਘ ਬੱਗਾ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਸੁਰਿੰਦਰ ਸਿੰਘ ਅਰੋੜਾ, ਭਾਈ ਜਸਬੀਰ ਸਿੰਘ ਬੈਂਕਾਂ, ਭਾਈ ਕੁਲਜੀਤ ਸਿੰਘ ਨੈਰੋਬੀ, ਭਾਈ ਗੁਰਵਿੰਦਰ ਸਿੰਘ, ਭਾਈ ਦਵਿੰਦਰ ਸਿੰਘ ਨਿਰਮਾਣ, ਸੰਤ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਬੀਬਾ ਬਖਸ਼ੀਸ਼ ਕੌਰ ਤੇ ਨਿਰਵੈਰ ਕੀਰਤਨੀ ਜੱਥਾ ਤੇਲੀਵਾੜਾ ਦਿੱਲੀ ਦੇ ਰਾਗੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਧਰਮ ਰੱਖਿਅਕ, ਮਹਾਨ ਪਰਉਪਕਾਰੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋ ਰਹੇ ਧਾਰਮਿਕ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media