Monday, July 1, 2024

ਬੇਰੁਜ਼ਗਾਰ ਟੈਟ ਪਾਸ ਅਧਿਆਪਕਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ

ਬਠਿੰਡਾ, 27 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਕਈ ਸਾਲਾਂ ਭਾਵ ਕਿ ਸਾਲ 2011 ਤੋਂ ਨੌਕਰੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਦੀਆਂ ਉਮੀਦਾਂ ਤੇ ਉਸ ਸਮੇਂ ਪਾਣੀ ਫਿਰ ਗਿਆ ਜਦੋਂ ਮੁੱਖ ਮੰਤਰੀ ਪੰਜਾਬ ਨੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਦੀਆਂ ਪੋਸਟਾਂ ਵਿੱਚ ਵਾਧੇ ਸਬੰਧੀ ਮੰਗ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ। ਮੀਟਿੰਗ ਬੇਸਿੱਟਾ ਰਹਿਣ ਤੋਂ ਗੁੱਸੇ ਵਿੱਚ ਆਏ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ 1 ਮਈ ਨੂੰ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਮੀਟਿੰਗ ਕਰਕੇ ਅਗਲੇ ਗੁਪਤ ਐਕਸ਼ਨ ਦੀ ਤਿਆਰੀ ਲਈ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ। ਇਸ ਸਮੇਂ ਈਟੀਟੀ ਟੈਟ ਪਾਸ ਯੂਨੀਅਨ ਦੇ ਨੁਮਾਇੰਦੇ ਅਮਰਜੀਤ ਸਿੰਘ ਕੰਬੋਜ ਨੇ ਦੱਸਿਆ ਕਿ ਪਿਛਲੇ ਦਿਨੀਂ ਜਥੇਬੰਦੀ ਦੀ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ 4500 ਪੋਸਟਾਂ ਨੂੰ ਵਧਾ ਕੇ 8500 ਕਰਨ ਦੀ ਸੀ ਪਰ ਪੰਜਾਬ ਸਰਕਾਰ ਨੇ ਇਸ ਨੂੰ ਸਿਰੋ ਤੋਂ ਨਕਾਰਦਿਆਂ ਸਿੱਖਿਆ ਵਿਰੋਧੀ ਨੀਤੀ ਦਾ ਪ੍ਰਗਟਾਵਾ ਕੀਤਾ ਹੈ ਜਦੋਂ ਕਿ ਪ੍ਰਾਈਮਰੀ ਸਕੂਲਾਂ ਵਿੱਚ ਬਹੁਤ ਸਾਰੀਆਂ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਜੋ ਕਿ ਸਿੱਖਿਆ ਅਧਿਕਾਰ ਕਾਨੂੰਨ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਲੱਖ 20 ਹਜਾਰ ਨੌਕਰੀਆਂ ਕੱਢਣ ਦੇ ਬਿਆਨ ਸੁਣਕੇ ਈਟੀਟੀ ਟੈਟ ਪਾਸ, ਬੇਰੁਜ਼ਗਾਰ ਅਧਿਆਪਕਾਂ ਵਿੱਚ ਨੌਕਰੀ ਮਿਲਣ ਦੀ ਆਸ ਜਾਗੀ ਸੀ ਪਰ ਮੁੱਖ ਮੰਤਰੀ ਪੰਜਾਬ ਵੱਲੋਂ ਕਾਨੂੰਨੀ ਉਣਤਾਈਆਂ ਦਾ ਹਵਾਲਾ ਦੇਕੇ ਪੋਸਟਾਂ ਦੀ ਗਿਣਤੀ ਵਿੱਚ ਵਾਧਾ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਜਿਸ ਕਰਕੇ ਅਧਿਆਪਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਸਾਮੀਆਂ ਗਿਣਤੀ 4500 ਤੋਂ ਵਧਾਕੇ 8500 ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਦੀਪ ਥਿੰਦ, ਸੁਲਿੰਦਰ ਸਿੰਘ ਫਾਜਿਲਕਾ, ਜਸਵਿੰਦਰ ਸਿੰਘ, ਤਰਸੇਮ ਸਿੰਘ ਆਦਿ ਹਾਜਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply