ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ।
ਇਸ ਮੌਕੇ ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ। ਉਪਰੰਤ ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਤੇ ਕੌਮ ਖਾਤਿਰ ਦਿੱਤੀ ਲਾਸਾਨੀ ਸ਼ਹਾਦਤ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ‘ਤੇ ਚਾਨਣਾ ਪਾਇਆ।
ਇਸ ਮੌਕੇ ਸ: ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ੍ਤਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ‘ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ, ਸ: ਸਰਦੂਲ ਸਿੰਘ ਮੰਨਣ, ਮੈਂਬਰ ਗੁਰਮਹਿੰਦਰ ਸਿੰਘ, ਸ: ਲਖਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰ: ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰ: ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫਾਰਮੇਸੀ ਪ੍ਰਿੰ: ਆਰ. ਕੇ. ਧਵਨ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਲੜਕੇ ਪ੍ਰਿੰ: ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰ: ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰ: ਸ੍ਰੀਮਤੀ ਡੀ. ਕੇ. ਸੰਧੂ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media