Wednesday, July 3, 2024

ਜੋਸ਼ੀ ਵੱਲੋਂ ਬੁਢਾਪਾ ਪੈਨਸ਼ਨਾਂ ਅਤੇ ਨੀਲੇ ਕਾਰਡਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

PPN2804201615ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਇਲਾਕੇ ਦੇ ਲੋਕਾਂ ਨੂੰ ਬੁਢਾਪਾ ਪੈਨਸ਼ਨਾਂ ਅਤੇ ਨੀਲੇ ਕਾਰਡਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਅੰਮ੍ਰਿਤਸਰ ਹਲਕਾ ਉੱਤਰੀ ਵਿਚ ਪੈਂਦੀਆਂ 10 ਪੰਚਾਇਤਾਂ ਵਿਚ ਲੰਬੇ ਸਮੇਂ ਤੋਂ ਬੁਢਾਪਾ ਪੈਨਸ਼ਨਾਂ ਨਹੀਂ ਲੱਗ ਰਹੀਆਂ ਅਤੇ ਸ਼ਹਿਰ ਵਿਚ ਪੈਂਦੇ ਵਾਰਡਾਂ ਵਿਚ ਵੀ ਕਾਫੀ ਪੈਨਸ਼ਨਾਂ ਲੱਗਣ ਵਾਲੀਆਂ ਰਹਿੰਦੀਆਂ ਹਨ। ਇਸ ਤੋਂ ਇਲਾਵਾ ਆਧਾਰ ਅਤੇ ਵੋਟਰ ਕਾਰਡਾਂ ਦੀ ਉਮਰ ਅਤੇ ਨਾਮ ਦੇ ਫਰਕ ਕਾਰਨ ਪੈਨਸ਼ਨ ਧਾਰਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਟਾਫ ਨੇ ਕੈਂਪ ਲਗਵਾ ਕੇ 1700 ਦੇ ਕਰੀਬ ਨਵੀਆਂ ਪੈਨਸ਼ਨਾਂ ਭਰੀਆਂ ਗਈਆਂ, ਜਿਨ੍ਹਾਂ ਵਿਚੋਂ ਕੇਵਲ 500 ਦੇ ਹੀ ਪੀ ਐਲ ਏ ਨੰਬਰ ਅਲਾਟ ਹੋਏ ਜਦਕਿ 1200 ਦੇ ਕਰੀਬ ਬਕਾਇਆ ਪਈਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਨੂੰ ਨਵੇਂ ਪੀ ਐਲ ਏ ਨੰਬਰ ਅਲਾਟ ਹੋਏ ਹਨ, ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਵੀ ਪੈਨਸ਼ਨ ਨਹੀਂ ਜਾ ਰਹੀ।
ਸ੍ਰੀ ਜੋਸ਼ੀ ਨੇ ਕਿਹਾ ਕਿ ਇਸੇ ਤਰ੍ਹਾਂ ਬਹੁਤ ਸਾਰੇ ਬਣੇ ਨੀਲੇ ਕਾਰਡਾਂ ਨੂੰ ਆਨਲਾਈਨ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਗਰੀਬ ਲੋਕਾਂ ਨੂੰ ਆਟਾ-ਦਾਲ ਅਤੇ ਹੋਰਨਾਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਡਿਪੂ ਹੋਲਡਰ ਲਾਭਪਾਤਰੀਆਂ ਨੂੰ ਸਮੇਂ ‘ਤੇ ਰਾਸ਼ਨ ਨਹੀਂ ਦਿੰਦੇ ਅਤੇ ਕਈ ਥਾਵਾਂ ‘ਤੇ ਹਾਲੇ ਤੱਕ ਕਣਕ ਨਹੀਂ ਵੰਡੀ ਗਈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਖੀ ਹੋਣ ਦੇ ਨਾਤੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਜਲਦ ਤੋਂ ਜਲਦ ਕਰਵਾਉਣ।
ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਨੂੰ ਤੁਰੰਤ ਰਿਪੋਰਟ ਦੇਣ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕੀਤੀ ਕਿ ਬਕਾਇਆ ਪਈਆਂ ਪੈਨਸ਼ਨਾਂ ਦਾ ਰਿਕਾਰਡ ਉਨ੍ਹਾਂ ਨੂੰ ਭਲਕੇ ਸਵੇਰ ਤੱਕ ਮੁਹੱਈਆ ਕਰਵਾਉਣ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਉਨ੍ਹਾਂ ਆਦੇਸ਼ ਦਿੱਤੇ ਕਿ ਡਿਪੂ ਹੋਲਡਰਾਂ ਅਤੇ ਕਣਕ ਦੀ ਵੰਡ ਸਬੰਧੀ ਢੁਕਵੀਂ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ੍ਰੀ ਜੋਸ਼ੀ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਡਾ ਯੋਗੇਸ਼ ਅਰੋੜਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply