ਅੰਮ੍ਰਿਤਸਰ, 28 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਦੀਆਂ ਦੀਵਾਰਾਂ ‘ਤੇ ਕਲਮਾ ਲਿਖੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਪਾਕਿਸਤਾਨ ਓਕਾਫ ਬੋਰਡ ਦੇ ਚੇਅਰਮੈਨ ਜਨਾਬ ਸਦੀਕ-ਉਲ-ਫਾਰੂਕ ਨੂੰ ਗੁਰਦੁਆਰਾ ਸਾਹਿਬ ਦੀ ਕੰਧ ‘ਤੇ ਕਲਮਾ ਲਿਖੇ ਜਾਣ ਦੀ ਪੜਤਾਲ ਕਰਵਾਉਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਅੰਦਰ ਜਾਂ ਨਜ਼ਦੀਕ ਕਬਰਫ਼ਮਜ਼ਾਰ ਬਣਾ ਕੇ ਨਜ਼ਾਇਜ਼ ਕਬਜ਼ੇ ਕੀਤੇ ਜਾ ਰਹੇ ਹਨ।
ਇਥੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਗੁਰਦੁਆਰਿਆ ਦੀ ਜਾਇਦਾਦ ਤੇ ਨਜਾਇਜ਼ ਕਬਜ਼ੇ ਰੋਕਣ ਲਈ ਓਕਾਫ ਬੋਰਡ ਨੂੰ ਹਰਕਤ ਵਿੱਚ ਆਉਣਾ ਚਾਹੀਦਾ ਹੈ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਨ੍ਹਾਂ ਅਸਥਾਨਾਂ ਦੀ ਸਾਂਭ-ਸੰਭਾਲ ਲਈ ਹਰ ਉਹ ਹੀਲਾ ਵਰਤਣਾ ਚਾਹੀਦਾ ਹੈ ਜਿਸ ਨਾਲ ਜਾਇਦਾਦਾਂ ਨੂੰ ਖੁਰਦ-ਬੁਰਦ ਹੋਣ ਤੋਂ ਬਣਾਇਆ ਜਾ ਸਕੇ।ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਿਆਲਕੋਟ (ਪਾਕਿਸਤਾਨ) ਗੁਰਦੁਆਰਾ ਬਾਬੇ ਦੀ ਬੇਰ ਦੀਆਂ ਦੀਵਾਰਾਂ ‘ਤੇ ਬਣੇ ਗੁਰੂਆਂ ਦੇ ਕੰਧ ਚਿੱਤਰਾਂ ‘ਤੇ ਲਿਖੀਆਂ ਗੁਰਬਾਣੀ ਦੀਆਂ ਤੁਕਾਂ ਨੂੰ ਲੁਪਤ ਕਰਕੇ ਉਸ ਜਗ੍ਹਾ ਕਲਮਾ ਲਿਖਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਗੁਰੂ ਸਾਹਿਬਾਨ ਦੇ ਚਿੱਤਰਾਂ ਨੂੰ ਸੰਭਾਲਣ ਦੀ ਜ਼ਰੂਰਤ ਸੀ ਪਰ ਉਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।ਸ. ਬੇਦੀ ਨੇ ਕਿਹਾ ਕਿ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਪਾਕਿਸਤਾਨ ਓਕਾਫ ਬੋਰਡ ਦੇ ਚੇਅਰਮੈਨ ਜਨਾਬ ਸਦੀਕ-ਉਲ-ਫਾਰੂਕ ਨੂੰ ਇਕ ਪੱਤਰ ਰਾਹੀਂ ਅਪੀਲ ਕਰਦਿਆਂ ਕਿਹਾ ਕਿ ਇਸ ਪਾਵਨ ਪਵਿੱਤਰ ਅਸਥਾਨ ਦੀ ਪੜਤਾਲ ਕਰਵਾ ਕੇ ਜਲਦ ਇਸ ਦਾ ਕੋਈ ਢੁਕਵਾਂ ਹੱਲ ਲੱਭਣ ਤਾਂ ਜੋ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖਾਂ ਦੇ ਮਨਾਂ ਵਿਚ ਪਾਏ ਜਾ ਰਹੇ ਰੋਸ ਨੂੰ ਦੂਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਪੁਰਾਣੇ ਲੋਕ ਦੱਸਦੇ ਹਨ ਕਿ ਗੁਰਦੁਆਰਾ ਸਾਹਿਬ ਬਾਬੇ ਦੀ ਬੇਰ ਵਿੱਚ ਕੋਈ ਕਬਰ ਜਾਂ ਮਜ਼ਾਰ ਪਹਿਲਾਂ ਨਹੀਂ ਸੀ ਇਹ ਬਾਅਦ ਵਿੱਚ ਬਣਾਈ ਗਈ ਹੈ।
ਸ. ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਆਪਣੇ ਪੱਤਰ ਵਿਚ ਓਕਾਫ ਬੋਰਡ ਦੇ ਚੇਅਰਮੈਨ ਜਨਾਬ ਸਦੀਕ-ਉਲ-ਫਾਰੂਕ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਸੂਬਾ ਬਲੋਚਿਸਤਾਨ ਦੇ ਜ਼ਿਲ੍ਹਾ ਕੱਚੀ ਬੁਲਨ ਦੇ ਇਲਾਕੇ ਹਾਜੀ ਸ਼ਹਿਰ ਦੇ ਗੁਰਦੁਆਰਾ ਸਾਹਿਬ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਪਾਵਨ ਸਰੂਪ ਦੀ ਭਾਲ ਕਰਨ ਬਾਰੇ ਵੀ ਲਿਖਦਿਆਂ ਕਿਹਾ ਕਿ ਇਹ ਕਾਰਾ ਉਹ ਲੋਕ ਹੀ ਕਰ ਸਕਦੇ ਹਨ ਜੋ ਦੇਸ਼ ਵਿਚ ਭਾਈਚਾਰਕ ਸਾਂਝ ਵਿਚ ਦਰਾੜ ਪਾ ਕੇ ਅਸ਼ਾਂਤੀ ਫੈਲਾਉਣਾ ਚਾਹੁੰਦੇ ਹਨ।ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਕਿਸੇ ਨੇ ਵੀ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਦੀ ਤੁਰੰਤ ਭਾਲ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖਤ ਸਜ਼ਾ ਦਿੱਤੀ ਜਾਵੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media