Wednesday, July 3, 2024

ਲੋਕਾਂ ਦੇ ਸਾਂਝੇ ਮਸਲੇ ਹੱਲ ਕਰਵਾਉਣਗੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ-ਡੀ.ਸੀ

PPN0505201606ਫਾਜ਼ਿਲਕਾ, 5 ਮਈ (ਵਨੀਤ ਅਰੋੜਾ)- ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੇ ਸੁਝਾਅ ਤੇ ਵਿਚਾਰ ਵਟਾਂਦਰਾ ਕਰਕੇ ਜ਼ਿਲ੍ਹਾ ਵਾਸੀਆਂ ਦੇ ਸਾਂਝੇ ਮਸਲਿਆਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਨਾਲ ਲੋਕਾਂ ਨੂੰ ਸੁਚੱਜਾ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚਾ ਮੁਹੱਈਆ ਕਰਵਾਇਆ ਜਾ ਸਕੇਗਾ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ ਕਾਲੀਆ ਆਈ.ਏ.ਐਸ. ਵੱਲੋਂ ਇੱਥੇ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੇ ਕਨਵੀਨਰਾਂ ਅਤੇ ਕਮੇਟੀ ਮੈਂਬਰਾਂ ਦੀਆਂ ਮੀਟਿੰਗਾਂ ਨੂੰ ਆਯੋਜਿਤ ਕਰਨ ਦੌਰਾਨ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸਲਾਹਕਾਰ ਕਮੇਟੀਆਂ ਦਾ ਉਦੇਸ਼ ਲੋਕਾਂ ਦੇ ਸਾਂਝੇ ਮਸਲਿਆਂ ਅਤੇ ਸਮੱਸਿਆਵਾਂ ਸਬੰਧੀ ਆਪਣੇ ਸੁਝਾਅ ਦੇਣਾ ਹੈ ਤਾਂ ਕਿ ਲੋਕਾਂ ਨੂੰ ਚੰਗੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਨਾਲ ਲੋਕਾਂ ਦੇ ਸਾਂਝੇ ਕੰਮਾਂ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਸਕੇਗੀ। ਪੁਲਿਸ ਮਾਮਲੇ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਟ੍ਰੈਫ਼ਿਕ ਪੁਲਿਸ ਨੂੰ ਆਦੇਸ਼ ਦਿੱਤੇ ਕਿ ਉਹ ਡਿਊਟੀ ਦੌਰਾਨ ਫੋਨ ਦੀ ਵਰਤੋਂ ਨਾ ਕਰਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਟ੍ਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਸਾਂਝੇ ਤੌਰ ਤੇ ਨਾਕੇ ਲਗਾਏ ਜਾਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜੀਪਾਂ ਅਤੇ ਰਿਕਸ਼ਿਆਂ ਤੇ ਮੁਨਿਆਦੀ ਕਰ ਕੇ ਸ਼ਰਾਬ ਵੇਚਣ ਵਾਲੇ ਅਤੇ ਲੋਕਾਂ ਨੂੰ ਗੁੰਮਰਾਹ ਕਰਕੇ ਲੋਕਾਂ ਦੀ ਲੁੱਟ ਖੋਹ ਕਰਨ ਵਾਲੇ ਗਿਰੋਹਾਂ ਤੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਤੋਂ ਪੈਸੇ ਲੈ ਕੇ ਕੰਮ ਕਰਨ ਵਾਲੇ ਰਿਸ਼ਵਤਖੋਰ ਅਫ਼ਸਰਾਂ ਸਬੰਧੀ ਇਨਕੁਆਰੀ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਤੇ ਉਨ੍ਹਾਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਕਰ ਅਤੇ ਆਬਕਾਰੀ ਮਾਮਲੇ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸ਼ਰਾਬ ਦੇ ਠੇਕੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੇਂ ਤੇ ਖੋਲ੍ਹੇ ਅਤੇ ਬੰਦ ਕੀਤੇ ਜਾਣ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਇੰਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਵਿਰੁੱਧ ਕਾਰਵਾਈ ਕਰਨ। ਇਸ ਤਰ੍ਹਾਂ ਹੀ ਉਨ੍ਹਾਂ ਮਾਲ ਵਿਭਾਗ ਮਾਮਲੇ ਕਮੇਟੀ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿਚ ਖੇਤ ਮਜ਼ਦੂਰਾਂ ਨੂੰ ਮੁਆਵਜੇ ਦੀ ਵੰਡ ਜਲਦ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਬਾਰਸ਼ ਦੌਰਾਨ ਗੁਆਰੇ ਅਤੇ ਭਿੰਡੀ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਜਲਦ ਵੰਡਿਆ ਜਾਵੇਗਾ। ਫੂਡ ਸਪਲਾਈ ਮਾਮਲੇ ਸਬੰਧੀ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਡਿਪੂਆਂ ਤੇ ਕਣਕ ਅਤੇ ਦਾਲ ਦੀ ਵੰਡ ਨਿਗਰਾਨ ਕਮੇਟੀਆਂ ਬਣਾ ਕੇ ਕੀਤੀ ਜਾਵੇਗੀ। ਜਿਸ ਵਿਚ ਹਰ ਡਿਪੂ ਤੇ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਮੇਟੀਆਂ ਦਾ ਗਠਨ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਲਈ ਕਿਹਾ।
ਸਿਹਤ ਮਾਮਲੇ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੀ ਸਿਹਤ ਸਬੰਧੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲਈ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਯੋਜਨਾ ਦਾ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪ੍ਰਮਾਣਿਤ ਹਸਪਤਾਲ ਜੇਕਰ ਇਸ ਸਕੀਮ ਦਾ ਲਾਭ ਨਹੀਂ ਦਿੰਦਾ ਤਾਂ ਇਸ ਦੀ ਸ਼ਿਕਾਇਤ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਵਿਚ ਨਕਲੀ ਦੁੱਧ, ਪਨੀਰ, ਘਿਉ ਅਤੇ ਮਠਿਆਈਆਂ ਆਦਿ ਦੇ ਸੈਂਪਲ ਭਰਨ ਲਈ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ 15 ਅਗਸਤ ਤੋਂ ਹਸਪਤਾਲਾਂ ਤੇ ਮੁਫ਼ਤ ਦਵਾਈਆਂ ਦੇਣ ਲਈ ਮੈਡੀਕਲ ਖੋਲ੍ਹੇ ਜਾ ਰਹੇ ਹਨ ਅਤੇ ਸੀ.ਐਚ.ਸੀ. ਤੇ ਮੁਫ਼ਤ ਟੈਸਟ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਦੀ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਕੂਲਾਂ ਵਿਚ ਸਵੱਛਤਾ ਕਲੱਬ ਦੇ ਗਠਨ ਕਰਨ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਹਰ ਰੋਜ ਸਕੂਲਾਂ ਵਿਚ ਸਫ਼ਾਈ ਦੇ ਵਿਸ਼ੇ ਤੇ ਲੇਖ, ਭਾਸ਼ਣ, ਚਾਰਟ ਮੇਕਿੰਗ ਮੁਕਾਬਲੇ ਕਰਵਾਏ ਜਾਣ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply