Friday, July 5, 2024

ਪੁਲਿਸ ਸਲਾਹਕਾਰ ਕਮੇਟੀ ਦੀ ਮੀਟਿੰਗ ‘ਚ ਟ੍ਰੈਫਿਕ ਤੇ ਨਜਾਇਜ਼ ਕਬਜ਼ਿਆਂ ਦਾ ਮੁੱਦਾ ਰਿਹਾ ਭਾਰੂ

PPN1105201610ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ)-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਸਬੰਧਤ ਵਿਭਾਗਾਂ ਦੇ ਕੰਮਕਾਜ਼ ਵਿਚ ਸੁਧਾਰ ਲਿਆਉਣ ਲਈ ਆਪਣੇ ਕੀਮਤੀ ਸੁਝਾਅ ਦਿੰਦੀਆਂ ਹਨ। ਇਸੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੁਲਿਸ ਸਲਾਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਜਿਥੇ ਮੈਂਬਰਾਂ ਨੇ ਪੁਲਿਸ ਵਿਭਾਗ ਦੇ ਕੰਮਕਾਜ਼ ਨੂੰ ਬਿਹਤਰ ਅਤੇ ਸੁਚਾਰੂ ਬਣਾਉਣ ਲਈ ਆਪਣੇ ਵਡਮੁੱਲੇ ਸੁਝਾਅ ਦਿੱਤੇ ਉਥੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਅਧਿਕਾਰੀਆਂ ਅੱਗੇ ਰੱਖੀਆਂ। ਇਸ ਦੌਰਾਨ ਟ੍ਰੈਫਿਕ ਅਤੇ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਦਾ ਮੁੱਦਾ ਭਾਰੂ ਰਿਹਾ।
ਇਸ ਮੌਕੇ ਮੈਂਬਰਾਂ ਨੇ ਕਿਹਾ ਕਿ ਸ਼ਹਿਰ ਵਿਚ ਰੇਹੜੀਆਂ ਅਤੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਾਮਾਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਰੇਤਾ ਅਤੇ ਮਿੱਟੀ ਵਾਲੀਆਂ ਟਰਾਲੀਆਂ ਖੜ੍ਹੀਆਂ ਰਹਿਣ ਕਾਰਨ ਬਹੁਤ ਸਾਰੀਆਂ ਥਾਵਾਂ ‘ਤੇ ਸਮੱਸਿਆ ਪੇਸ਼ ਆ ਰਹੀ ਹੈ। ਇਸੇ ਤਰ੍ਹਾਂ ਟੋਅ ਕੀਤੀਆਂ ਗੱਡੀਆਂ ਨੂੰ ਹਾਸਲ ਕਿੱਥੋਂ ਕਰਨਾ ਹੈ, ਇਸ ਬਾਰੇ ਕੋਈ ਪਤਾ ਨਹੀਂ ਲੱਗਦਾ। ਕੁਝ ਮੈਂਬਰਾਂ ਨੇ ਮੁੱਦਾ ਉਠਾਇਆ ਕਿ ਚਾਲਾਨ ਕੱਟਣ ਲਈ ਤਾਂ ਬਹੁਤ ਸਾਰੇ ਪੁਲਿਸ ਕਰਮੀ ਇਕੱਠੇ ਹੋ ਜਾਂਦੇ ਹਨ ਪਰੰਤੂ ਟ੍ਰੈਫਿਕ ਨੂੰ ਕੰਟਰੋਲ ਕਰਨ ਵਾਲਾ ਇਕ ਵੀ ਨਹੀਂ ਲੱਭਦਾ। ਮੈਂਬਰਾਂ ਨੇ ਪਿੰਗਲਵਾੜੇ ਦੇ ਸਾਹਮਣੇ ਟੈਂਪੂ ਵਾਲਿਆਂ ਦਾ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੀ ਮੰਗ ਕੀਤੀ। ਇਸ ਮੌਕੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਮਿਲੇ ਸਾਰੇ ਸੁਝਾਵਾਂ ‘ਤੇ ਅਮਲ ਕੀਤਾ ਜਾਵੇਗਾ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਾਲ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਆਪਣੀ ਪੱਧਰ ‘ਤੇ ਮਿਸਾਲ ਕਾਇਮ ਕਰਕੇ ਟ੍ਰੈਫਿਕ ਸਮੱਸਿਆ ਦੇ ਕੀਤੇ ਗਏ ਹੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਨੂੰ ਵੀ ਇਸੇ ਤਰ੍ਹਾਂ ਦੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਸਟਮ ਵਿਚ ਵੀ ਤਾਂ ਹੀ ਸੁਧਾਰ ਹੋ ਸਕਦਾ ਹੈ ਜੇਕਰ ਅਸੀਂ ਸਾਰੇ ਰਲ-ਮਿਲ ਕੇ ਹੰਭਲਾ ਮਾਰੀਏ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਨੂੰ ਕੇਵਲ ਜਾਗਰੂਕਤਾ ਪੈਦਾ ਕਰਨ ਦੀ ਹੀ ਲੋੜ ਨਹੀਂ ਹੈ ਬਲਕਿ ਆਪਣੀ ਜ਼ਿੰਮੇਵਾਰੀ ਸਮਝਣ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦੇ ਮੈਂਬਰਾਂ ਨੂੰ ਆਪਣੀ ਪੱਧਰ ‘ਤੇ ਵੀ ਟੈਂਪੂ, ਮਿੰਨੀ ਬੱਸਾਂ ਅਤੇ ਦੁਕਾਨਦਾਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਕਰਨੀਆਂ ਚਾਹੀਦੀਆਂ ਹਨ।
ਇਸ ਮੌਕੇ ਏ. ਸੀ. ਪੀ ਟ੍ਰੈਫਿਕ ਹਰਦਿਆਲ ਸਿੰਘ, ਇੰਸਪੈਕਟਰ ਸਿਕੰਦਰ ਸਿੰਘ, ਸਾਬਕਾ ਏ. ਡੀ. ਸੀ. ਪੀ ਕ੍ਰਾਈਮ ਸ਼ਮਸ਼ੇਰ ਜੰਗ ਬਹਾਦਰ, ਗਿੰਨੀ ਭਾਟੀਆ, ਗਿਰੀਸ਼ ਸ਼ਰਮਾ, ਸੁਨੀਲ ਸ਼ਰਮਾ, ਬੱਤਰਾ, ਮੈਡਮ ਇੰਦਰਜੀਤ ਕੌਰ, ਸ੍ਰੀ ਮੁਕੇਸ਼ ਸ਼ਰਮਾ ਅਤੇ ਹੋਰ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply