Monday, April 27, 2026

ਗੁਰੂ ਨਗਰੀ ਦੇ ਵਿਕਾਸ ਕਾਰਜਾਂ ‘ਤੇ ਅਗਲੇ 6 ਮਹੀਨਿਆਂ ਵਿੱਚ 600 ਕਰੋੜ ਖ਼ਰਚੇ ਜਾਣਗੇ-ਸੁਖਬੀਰ ਬਾਦਲ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਚਹੁੰ ਮੁਖੀ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਐਲਾਨ ਕੀਤਾ ਕਿ ਅਗਲੇ 6 ਮਹੀਨਿਆਂ ਵਿਚ ਗੁਰੂ ਨਗਰੀ ਦੀ ਸੁੰਦਰਤਾ ਅਤੇ ਵਿਕਾਸ ਕਾਰਜਾਂ ‘ਤੇ 600 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿਚ ਆਰੰਭੇ ਗਏ ਵਿਕਾਸ ਕਾਰਜ ਅਗਲੇ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਏ ਜਾਣਗੇ।
ਅਰਬਨ ਹਾਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਨੇੜ੍ਹਲੇ ਭਵਿੱਖ ਵਿਚ ਹੈਰੀਟੇਜ ਹੋਟਲ, ਬੱਸ ਰੈਪਿਡ ਟ੍ਰਾਂਸਪੋਰਟ ਸਿਸਟਮ, ਕੂੜਾ-ਕਰਕਟ ਪ੍ਰਬੰਧਨ ਅਤੇ ਇਲੈਕਟ੍ਰਿਕ ਪਾਰਕਿੰਗ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਰਬਨ ਹਾਟ ਅਤੇ ਗੋਬਿੰਦਗੜ੍ਹ ਕਿਲ੍ਹੇ ਨੂੰ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ     ਅਰਬਨ ਹਾਟ ਨੂੰ ਪੁਡਾ ਵੱਲੋਂ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਪੰਜਾਬ ਦੇ ਗੌਰਵਮਈ ਵਿਰਸੇ, ਸੱਭਿਆਚਾਰ, ਕਲਾ ਅਤੇ ਖਾਣ-ਪਾਣ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਥੇ ਲਾਹੌਰ ਦੀ ਫੂਡ ਸਟਰੀਟ ਦੀ ਤਰਜ਼ ‘ਤੇ ਲਜ਼ੀਜ਼ ਪਕਵਾਨਾਂ ਦਾ ਆਨੰਦ ਵੀ ਮਿਲੇਗਾ।
ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਆਪਣੀ ਧਰਮ ਪਤਨੀ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਬੱਚਿਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਾਲ ਹੀ ਦਾ ਚੀਨ ਦੌਰਾ ਬੇਹੱਦ ਸਫਲ ਰਿਹਾ ਹੈ ਅਤੇ ਪੰਜ-ਛੇ ਕੰਪਨੀਆਂ ਨੇ ਆਪਣੇ ਸਾਈਕਲ ਪਲਾਂਟ ਸੂਬੇ ਵਿਚ ਲਗਾਉਣ ਦੀ ਹਾਮੀ ਭਰੀ ਹੈ।
ਉਨ੍ਹਾਂ ਕਿਹਾ ਕਿ ਜਲਦ ਹੀ ਲੁਧਿਆਣਾ ਵਿਖੇ 300 ਏਕੜ ਵਿਚ ਇਕ ਇਲੈਕਟ੍ਰਿਕ ਸਾਈਕਲ ਪਲਾਂਟ ਲਗਾਇਆ ਜਾ ਰਿਹਾ ਹੈ, ਜਿਥੇ ਇਕ ਲੱਖ ਇਲੈਕਟ੍ਰਿਕ ਸਾਈਕਲ ਤਿਆਰ ਕੀਤੇ ਜਾਣਗੇ ਅਤੇ ਇਕ ਲੱਖ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ 200 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਵਿਖੇ ਰਜਾਈਆਂ ਬਣਾਉਣ ਦਾ ਪਲਾਂਟ ਸਥਾਪਿਤ ਕੀਤਾ ਜਾਵੇਗਾ ਜਿਥੇ ਸੈਂਕੜੇ ਲੋਕਾਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚੀਨ ਵਿਚ ਇਕ ਨਿਵੇਸ਼ ਦਫ਼ਤਰ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਸੂਬੇ ਲਈ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੁੰਬਾਂ, ਸ਼ਹਿਦ, ਟਰੈਕਟਰ, ਕੰਬਾਈਨ ਹਾਰਵੈਸਟਰ, ਯਾਰਨ, ਹੌਜ਼ਰੀ, ਰੈਡੀਮੇਡ ਕੱਪੜੇ, ਹੈਂਡ ਟੂਲਜ਼ ਅਤੇ ਸਿਲਾਈ ਮਸ਼ੀਨਾਂ ਦੇ ਉਤਪਾਦਨ ਵਿੱਚ ਹਿੰਦੁਸਤਾਨ ਦਾ ਨੰਬਰ ਇਕ ਸੂਬਾ ਹੈ।
ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿਚੋਂ ਸਨਅਤਾਂ ਦੇ ਬਾਹਰ ਜਾਣ ਬਾਰੇ ਕੀਤੇ ਜਾ ਰਹੇ ਪ੍ਰਚਾਰ ਸਬੰਧੀ ਉਨ੍ਹਾਂ ਕਿਹਾ ਕਿ ਕੋਈ ਵੀ ਸਨਅਤ ਸੂਬੇ ਵਿਚੋਂ ਬਾਹਰ ਨਹੀਂ ਜਾ ਰਹੀ ਅਤੇ ਪੰਜਾਬ ਸਨਅਤੀ ਹੱਬ ਬਣਨ ਦੀ ਰਾਹ ‘ਤੇ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਰਗੇ ਪੰਜਾਬ ਦੇ ਦੁਸ਼ਮਣ ਇਸ ਨੂੰ ਬਦਨਾਮ ਕਰ ਕੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ ਪਰੰਤੂ ਇਨ੍ਹਾਂ ਨੂੰ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਬਾਰੇ ਭੋਰਾ ਵੀ ਗਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਭ ਤੋਂ ਨਿਕੰਮੀ ਪਾਰਟੀ ਹੈ ਅਤੇ ਇਸ ਵਿਚ ਨਕਸਲੀ ਤੱਤਾਂ ਨੇ ਘੂਸਪੈਠ ਕੀਤੀ ਹੋਈ ਹੈ।
ਉਨ੍ਹਾਂ ਇਹ ਵੀ ਸਾਫ ਕੀਤਾ ਕਿ ‘ਜ਼ੀ ਪੰਜਾਬ ਹਰਿਆਣ ਹਿਮਾਚਲ’ ਚੈਨਲ ਦਾ ਕੇਬਲ ‘ਤੇ ਪ੍ਰਸਾਰਣ ਬੰਦ ਕਰਨ ਪਿੱਛੇ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਨਾ ਹੀ ਰਹੇਗੀ ਕਿਉਂਕਿ ਅਜਿਹਾ ਕਰਨ ਦੀ ਤਾਕਤ ਕੇਵਲ ਕੇਂਦਰ ਸਰਕਾਰ ਦੀ ਮੀਡੀਆ ਰੈਗੂਲੇਟਰੀ ਬਾਡੀ ਕੋਲ ਹੀ ਹੈ।
ਐਸ ਵਾਈ ਐਲ ਸਬੰਧੀ ਉਨ੍ਹਾਂ ਆਪਣਾ ਪੱਖ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੇ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹੈ ਅਤੇ ਅਤੇ ਪਾਣੀ ਦੀ ਇਕ ਬੂੰਦ ਵੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।
ਕਾਂਗਰਸ ਦੀ ਪ੍ਰਚਾਰ ਮੁਹਿੰਮ ਦੇ ਕਰਤਾ-ਧਰਤਾ ਪ੍ਰਸ਼ਾਂਤ ਕਿਸ਼ੋਰ ‘ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕਿ ਇੰਝ ਲਗਦਾ ਹੈ ਕਿ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਪਾਰ ਲੰਘਾਉਣ ਦੀ ਕੋਸ਼ਿਸ਼ ਕਰਨ ਵਾਲੇ ਪ੍ਰਸ਼ਾਤ ਕਿਸ਼ੋਰ ਹੀ ਅਗਲੇ ਮੁੱਖ ਮੰਤਰੀ ਬਣ ਰਹੇ ਹਨ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਵਿੱਚ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ, ਜਿਸ ਨੇ ਕਿਸਾਨਾਂ ਅਤੇ ਗਰੀਬਾਂ ਦੀ ਬਾਂਹ ਫੜੀ ਹੈ ਅਤੇ ਬਹੁਤ ਸਾਰੀਆਂ ਲੋਕ ਭਲਾਈ ਦੀਆਂ ਸਕੀਮਾਂ ਚਲਾਈਆਂ ਹਨ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਅਤੇ ਇਨ੍ਹਾਂ ਨੂੰ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਬਾਅਦ ਅੰਮ੍ਰਿਤਸਰ ਦੀ ਨੁਹਾਰ ਬਦਲ ਜਾਵੇਗੀ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਸ. ਵਿਰਸਾ ਸਿੰਘ ਵਲਟੋਹਾ, ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਤੇ ਸ. ਹਰਮੀਤ ਸਿੰਘ ਸੰਧੂ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੰਤਰ ਸ. ਮਨਵੇਸ਼ ਸਿੰਘ ਸਿੱਧੂ, ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ, ਡੀ. ਸੀ. ਪੀ ਸ੍ਰੀ ਜੇ ਐਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ, ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਤੇ ਭਾਈ ਰਾਮ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੀ ਨਵਦੀਪ ਸਿੰਘ ਗੋਲਡੀ, ਸ. ਅਜੈਬੀਰ ਪਾਲ ਸਿੰਘ ਰੰਧਾਵਾ, ਸ. ਰਜਿੰਦਰ ਸਿੰਘ ਮਰਵਾਹਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply