ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ), ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਮਨੋਜ ਕੁਮਾਰ ਡੀ.ਐਸ.ਪੀ., ਸੁਭਾਸ਼ ਚੰਦਰ ਭਰਦਵਾਜ ਜ਼ਿਲ੍ਹਾ ਮਾਲ ਅਫ਼ਸਰ, ਡਾ. ਤਰਸੇਮ ਸਿੰਘ ਡੀ.ਐਚ.ਓ., ਜਸਵੰਤ ਸਿੰਘ ਡੀ.ਟੀ.ਓ., ਰਘਬੀਰ ਸਿੰਘ ਐਕਸੀਅਨ ਡਰੇਨਜ਼, ਸਲਿੰਦਰ ਸਿੰਘ ਐਸ.ਐਸ. ਪੰਜਾਬ ਰੋਡਵੇਜ਼ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧ 16 ਜੂਨ, 2016 ਤੋਂ ਪਹਿਲਾਂ ਹੀ ਕਰਕੇ ਰੱਖਣ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਰੋਕੂ ਕੰਮਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਨ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਡਰੇਨਾਂ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਰਾਵੀ, ਉਝ ਅਤੇ ਚੱਕੀ ਦਰਿਆਵਾਂ ਉੱਪਰ ਜਿੱਥੇ ਹੜ੍ਹ ਰੋਕੂ ਕੰਮ ਹੋਣ ਵਾਲੇ ਹਨ ਨੂੰ ਤੁਰੰਤ ਕਰਵਾਉਣ ਅਤੇ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਸਬੰਧੀ ਅਗੇਤੀ ਸੂਚਨਾ ਦੇਣ ਲਈ ਜ਼ਿਲ੍ਹੇ ਅੰਦਰ ਕੰਟਰੌਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ ਜੋ ਇੱਕ 16 ਜੂਨ ਤੋਂ 30 ਸਤੰਬਰ, 2016 ਤੱਕ 24 ਘੰਟੇ ਕੰਮ ਕਰਨਗੇ। ਉਨ੍ਹਾਂ ਨੇ ਡਨੇਰਜ਼ ਅਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਧੁੱਸੀ ਬੰਨ੍ਹਾਂ ‘ਤੇ 24 ਘੰਟੇ ਨਿਗਰਾਨੀ ਰੱਖਣ ਲਈ ਕਰਮਚਾਰੀਆਂ ਦੀਆਂ ਡਿਊਟੀਆਂ ਲੱਗਾ ਕੇ ਲਿਸਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਭੇਜਣ। ਉਨ੍ਹਾਂ ਨੇ ਨਗਰ ਨਿਗਮ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਖੇਤਰਾਂ ਵਿੱਚ ਸੰਭਾਵੀ ਹੜ੍ਹਾਂ /ਬਰਸਾਤ ਦੇ ਜਮ੍ਹਾਂ ਹੋਏ ਪਾਣੀ ਨੂੰ ਡਰੇਨ ਆਉਟ ਕਰਨ ਲਈ ਪੰਪ ਤਿਆਰ ਰੱਖਣ ਅਤੇ ਨਿਕਾਸੀ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਇਆਂ ਜਾਵੇ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਸ਼ੂਆਂ ਨੂੰ ਟੀਕੇ ਲਗਾਉਣ ਅਤੇ ਚਾਰੇ ਦਾ ਅਗੇਤਾ ਪ੍ਰਬੰਧ ਕਰਨ। ਉਨ੍ਹਾਂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਵਿਤ ਲੋਕਾਂ ਦੀ ਸਿਹਤ ਸੰਭਾਲ ਲਈ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਗਠਿਤ ਕਰਨ ਅਤੇ ਦਵਾਈਆਂ ਆਦਿ ਦਾ ਅਗੇਤੇ ਪ੍ਰਬੰਧ ਕਰਨ। ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੌਲਰ ਨੂੰ ਕਿਹਾ ਕਿ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਖਾਣ ਪੀਣ ਦੀਆਂ ਵਸਤਾਂ ਦਾ ਪਹਿਲਾਂ ਹੀ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਨੇ ਜ਼ਿਲ੍ਹਾ ਮਾਲ ਅਤੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਸੁਰੱਖਿਅਤ ਥਾਵਾਂ ਦੀ ਸ਼ਨਾਖਤ ਕਰਨ ਤਾਂ ਜੋ ਲੋੜ ਪੈਣ ਤੇ ਪ੍ਰਭਾਵਿਤ ਲੋਕਾਂ ਨੂੰ ਟਰਾਂਸਪੋਰਟ ਰਾਹੀਂ ਸ਼ਨਾਖਤ ਕੀਤੀਆਂ ਗਈਆਂ ਸੁਰੱਖਿਆਤ ਥਾਵਾਂ ‘ਤੇ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਦਾ ਪ੍ਰਬੰਧ ਜੀ.ਐਮ. ਪੰਜਾਬ ਰੋਡਵੇਜ ਅਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪਠਾਨਕੋਟ ਵੱਲੋਂ ਕੀਤਾ ਜਾਵੇਗਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media