Friday, March 20, 2026

ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਮਾਲ ਅਧਿਕਾਰੀ- ਵਰੁਣ ਰੂਜਮ

PPN3005201609

ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ)- ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਬਕਾਇਆ ਪਏ ਕੇਸਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਚ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸ੍ਰੀ ਰੂਜਮ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੋਰਟ ਕੇਸਾਂ ਦੇ ਨਿਪਟਾਰੇ ਲਈ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੀਟਿੰਗਾਂ ਕਰਕੇ ਕਾਨੂੰਗੋਆਂ ਅਤੇ ਪਟਵਾਰੀਆਂ ਦੇ ਕੰਮਕਾਜ ਦੀ ਲਗਾਤਾਰ ਸਮੀਖਿਆ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਝਿਜਕ, ਡਰ ਜਾਂ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼ ਨੂੰ ਹਰ ਹਫਤੇ ਮਾਲ ਵਿਭਾਗ ਦੇ ਕੰਮਕਾਜ ਦੀ ਨਿੱਜੀ ਤੌਰ ‘ਤੇ ਮੌਨੀਟਰਿੰਗ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਡਿਊਟੀ ਵਿਚ ਕੁਤਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਵੀ ਕਰਨ। ਉਨ੍ਹਾਂ ਕਿਹਾ ਕਿ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਲਗਾਤਾਰ ਅਤੇ ਰੈਂਡਮ ਜਾਂਚ ਰਾਹੀਂ ਹੀ ਕੀਤਾ ਜਾ ਸਕਦਾ ਹੈ।
ਉਨ੍ਹਾਂ ਮਾਲ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਮੀਨ ਦੇ ਤਕਸੀਮੀ ਕੇਸਾਂ ਅਤੇ ਇੰਤਕਾਲ ਦੇ ਬਕਾਇਆ ਕੇਸਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ ਤਾਂ ਜੋ ਸਬੰਧਿਤ ਧਿਰਾਂ ਨੂੰ ਬੇਲੋੜੀ ਪਰੇਸ਼ਾਨੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਮੀਨ ਦੀ ਨਿਸ਼ਾਨਦੇਹੀ ਸਬੰਧੀ ਆਏ ਕੇਸਾਂ ਦੀ ਂਿਨਸ਼ਾਨਦੇਹੀ ਵੀ ਨਿਰਧਾਰਿਤ ਸਮੇਂ ਵਿਚ ਕਰਵਾਈ ਜਾਵੇ। ਉਨ੍ਹਾਂ ਇਸ ਸਬੰਧ ਵਿਚ ਮਾਲ ਅਧਿਕਾਰੀਆਂ ਦੀਆਂ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਨੂੰ ਤੇਜ਼ੀ ਨਾਲ ਨਿਪਟਾਉਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਚੌਕੀਦਾਰਾ ਟੈਕਸ, 47-ਏ ਅਧੀਨ ਕੇਸਾਂ ਵਿਚ ਕੱਢੀ ਗਈ ਵਸੂਲਣਯੋਗ ਰਾਸ਼ੀ, ਪੀ. ਡਬਲਿਊ. ਸੀ ਵੱਲੋਂ ਕੱਢੀ ਗਈ ਅਸ਼ਟਾਮ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ, ਆਡਿਟ ਅਤੇ ਪੜਤਾਲ ਰਿਪੋਰਟਾ ਅਤੇ ਆਡਿਟ ਪੈਰ੍ਹਿਆਂ ਦੁਆਰਾ ਕੱਢੀ ਗਈ ਵੱਖ-ਵੱਖ ਕਿਸਮ ਦੀ ਵਸੂਲੀ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਆਰ. ਕੇ ਪੋਪਲੀ, ਐਸ. ਡੀ. ਐਮ ਅਜਨਾਲਾ ਮੈਡਮ ਅਨੂਪ੍ਰੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply