Monday, July 8, 2024

ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉ ਡਾ. ਬੈਂਸ

PPN0606201621

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਸਿੱਧੀ ਬਿਜਾਈ ਸਫਲਤਾਪੂਰਵਕ ਕਰਨ ਅਤੇ ਚੰਗੀ ਪੈਦਾਵਾਰ ਲੇਣ ਲਈ ਕੁਝ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖਤ ਜ਼ਰੂਰਤ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਇਹ ਵਿਚਾਰ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਪਠਾਨਕੋਟ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਪਠਾਨਕੋਟ ਦੇ ਪਿੰਡ ਅਬਾਦਗੜ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਬਲਾਕ ਖੇਤੀਬਾੜੀ ਅਫਸਰ,ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਪਸਰ,ਡਾ. ਅਮਿਤ ਕੌਲ ਜ਼ਿਲਾ ਪਸਾਰ ਮਾਹਿਰ ਅਤੇ ਸੁਖਜੀਤ ਸਿੰਘ ਹਾਜ਼ਰ ਸਨ ।ਮੌਕੇ ਤੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਡਰਿਲ ਨਾਲ ਕਰਕੇ ਪ੍ਰਦਰਸ਼ਤ ਵੀ ਕੀਤਾ ਗਿਆ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 30 ਫੀਸਦੀ ਮਜ਼ਦੂਰੀ ਅਤੇ 10-15 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉੱਚੀਆਂ ਜ਼ਮੀਨਾਂ ਦੀ ਚੋਣ ਨਾਂ ਕਰੋ,ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕੀਤੀ ਜਾਵੇ ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਪਾਣੀ ਖੜਾ ਨਾਂ ਹੋਣ ਕਾਰਨ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦੀ ਫਸਲ ਵਿੱਚ ਲੋਹੇ ਦੀ ਘਾਟ ਬਹੁਤ ਆ ਜਾਂਦੀ ਹੈ। ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਜਿਥੇ ਮਧਾਨਾ ਅਤੇ ਗੰਢ ਵਾਲੇ ਡੀਲੇ ਦੀ ਵਧੇਰੇ ਸਮੱਸਿਆ ਹੋਵੋ, ਦੀ ਚੋਣ ਨਹੀ ਕਰਨੀ ਚਾਹੀਦੀ। ਉਨਾਂ ਕਿਹਾ ਕਿ ਬਾਸਮਤੀ ਦੀ ਬਿਜਾਈ ਵੀ ਸਿੱਧੀ ਬਿਜਾਈ ਵਿਧੀ ਨਾਲ ਕੀਤੀ ਜਾ ਸਕਦੀ ਹੈ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਨੁੰ 130 ਕਿਲੋ ਯੂਰੀਆ ਪ੍ਰਤੀ ਏਕੜ ਤਿੰਨ ਬਰਾਬਰ ਹਿੱਸਿਆ ਵਿੱਚ ਬਿਜਾਈ ਤੋਂ 2,5 ਅਤੇ 9 ਹਫਤਿਆਂ ਬਾਅਦ ਛੱਟੇ ਨਾਲ ਪਾਉ।ਉਨਾਂ ਕਿਹਾ ਕਿ ਫਾਸਫੋਰਸ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਕਰੋ, ਜੇਕਰ ਕਣਕ ਦੀ ਫਸਲ ਨੂੰ ਫਾਸਫੋਰਸ ਦੀ ਪੂਰੀ ਮਾਤਰਾ ਪਾਈ ਗਈ ਹੈ ਤਾ ਝੋਨੇ ਦੀ ਫਸਲ ਨੁੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਬਹੁਤ ਸਮੱਸਿਆ ਆਉਂਦੀ ਹੈ।ਡਾ. ਅਮਿਤ ਕੌਲ ਨੇ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲਿਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਛਿੜਕਾਅ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਵਾਂਕ ਅਤੇ ਮੋਥੇ ਦੀ ਰੋਕਥਾਮ ਲਈ ਬਿਜਾਈ ਤੋਂ 20-25 ਦਿਨਾਂ ਬਾਅਦ 100 ਮਿਲੀਲਿਟਰ ਬਿਸਪਾਇਰੀਬੈਕ 10 ਐਸ ਸੀ ਪ੍ਰਤੀ ਏਕੜ ਨੂੰ 150 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply