Monday, July 8, 2024

30 ਜੂਨ ਤੱਕ ਡਰੇਨਾਂ ਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋਣ- ਡੀ. ਸੀ

PPN0706201609ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਜ਼ਿਲ੍ਹੇ ਵਿਚ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਬਰਸਾਤਾਂ ਤੋਂ ਪਹਿਲਾਂ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਅਤੇ 30 ਜੂਨ ਤੱਕ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।  ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ੍ਰੀ ਰੂਜਮ ਨੇ ਕਿਹਾ ਕਿ ਦਰਿਆਵਾਂ ਦੇ ਨਾਲ ਲਗਦੀਆਂ ਸਬ ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਦੇ ਐਸ.ਡੀ.ਐਮਜ਼ ਆਪੋ ਆਪਣੀਆਂ ਸਬ ਡਵੀਜ਼ਨਾਂ ਦੀ ਯੋਜਨਾ ਤਿਆਰ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਤੁਰੰਤ ਰਾਹਤ ਦਿੱਤੀ ਜਾ ਸਕੇ।  ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹਾਂ ਦੌਰਾਨ ਆਮ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਹੁਣ ਤੋਂ ਹੀ ਦਰਿਆ ਕੰਢੇ ਵਾਲੇ ਇਲਾਕਿਆਂ ਤੇ ਪ੍ਰਭਾਵਿਤ ਪਿੰਡਾਂ ਦੀ ਸੂਚੀ ਤਿਆਰ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਥਾਵਾਂ ਦੀ ਪਛਾਣ ਪਹਿਲਾਂ ਹੀ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੌਰਾਨ ਸੰਚਾਰ ਵਿਵਸਥਾ ਨੂੰ ਚੁਸਤ-ਦਰੁਸਤ ਰੱਖਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ। ਸ੍ਰੀ ਰੂਜਮ ਨੇ ਨਿਰਦੇਸ਼ ਦਿੱਤੇ ਕਿ ਡਰੇਨਜ਼ ਵਿਭਾਗ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਮਿੱਥੇ ਸਮੇਂ ਸਿਰ ਮੁਕੰਮਲ ਕਰੇ ਤੇ ਨਾਲ ਹੀ ਗਾਰ ਨੂੰ ਤੁਰੰਤ ਚੁੱਕਿਆ ਜਾਵੇ ਤਾਂ ਜੋ ਬਰਸਾਤ ਦੇ ਸੀਜ਼ਨ ਦੌਰਾਨ ਪਾਣੀ ਦੇ ਵਹਾਅ ਵਿਚ ਕੋਈ ਅੜਚਣ ਨਾ ਪੈਦਾ ਹੋਵੇ।  ਉਨਾਂ ਪੁਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੇ ਚਾਰੇ ਅਤੇ ਦਵਾਈਆਂ ਲਈ ਪ੍ਰਬੰਧ ਕਰਨ, ਪਾਵਰਕਾਮ ਨੂੰ ਰਾਹਤ ਕੈਪਾਂ ਵਿਚ ਬਿਜਲੀ ਸਪਲਾਈ ਯਕੀਨੀ ਬਣਾਉਣ, ਸਿਵਲ ਸਪਲਾਈ ਵਿਭਾਗ ਨੂੰ ਹੜ੍ਹਾਂ ਤੋ ਪ੍ਰਭਾਵਿਤ ਲੋਕਾਂ ਦੀ ਜਰੂਰਤ ਲਈ ਲੋੜ ਅਨੁਸਾਰ ਕੈਰੋਸੀਨ, ਡੀਜ਼ਲ, ਪੈਟਰੋਲ, ਤਰਪਾਲਾਂ , ਰਾਸ਼ਨ ਅਤੇ ਹੋਰ ਖਾਣ-ਪੀਣ ਦੀਆ ਵਸਤੂਆਂ, ਸਿਹਤ ਵਿਭਾਗ ਵੱਲੋ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਰਾਹਤ ਕੈਪਾਂ ਲਈ ਦਵਾਈਆਂ ਅਤੇ ਮੈਡੀਕਲ ਟੀਮਾਂ ਦਾ ਢੁਕਵਾਂ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਕਿਸ਼ਤੀਆਂ, ਚੱਪੂ, ਲਾਈਫ ਜੈਕਟਾਂ, ਬੋਰੇ, ਰੱਸੀਆਂ ਆਦਿ ਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਹੜ੍ਹਾਂ ਸਮੇ ਲੋੜੀਂਦਾ ਸਾਜ਼ੋ-ਸਾਮਾਨ, ਜੋ ਕਿ ਜ਼ਿਲ੍ਹਾ ਮੁੱਖ ਦਫਤਰ ਵਿਖੇ ਉਪਲਬਧ ਹੈ, ਸਬੰਧੀ ਸਮੂਹ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਇਸ ਨੂੰ ਚੈੱਕ ਕਰਕੇ ਇਸ ਦੇ ਠੀਕ ਚਾਲੂ ਹਾਲਤ ਵਿਚ ਹੋਣ ਦਾ ਸਰਟੀਫਿਕੇਟ ਦੇਣ ਤਾਂ ਜੋ ਲੋੜ ਸਮੇ ਕੋਈ ਮੁਸ਼ਕਲ ਪੇੋਸ਼ ਨਾ ਆਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅਜਨਾਲਾ ਮੈਡਮ ਅਨੁਪ੍ਰੀਤ ਕੌਰ, ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਆਰ. ਕੇ ਪੋਪਲੀ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ, ਤਹਿਸੀਲਦਾਰ ਸ. ਗੁਰਮੰਦਰ ਸਿੰਘ, ਸ. ਗੁਰਵਰਿਆਮ ਸਿੰਘ ਤੇ ਸ੍ਰੀ ਅਰਵਿੰਦ ਪ੍ਰਕਾਸ਼, ਐਸ. ਈ ਡਰੇਨੇਜ ਸ. ਜਸਬੀਰ ਸਿੰਘ ਸੰਧੂ ਅਤੇ ਐਕਸੀਅਨ ਸ. ਗੁਰਮੁਖ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply