Friday, July 5, 2024

ਸੂਬੇ ਦੇ 100 ਫੀਸਦੀ ਘਰਾਂ ਵਿੱਚ ਹੋਵੇਗੀ ਜਲ ਸਪਲਾਈ ਤੇ ਟਾਇਲਟ ਦੀ ਸਹੂਲਤ- ਰੱਖੜਾ

PPN1306201608

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – 100 ਫੀਸਦੀ ਜਲ ਸਪਲਾਈ ਤੇ ਹਰ ਘਰ ਵਿੱਚ ਟਾਇਲਟ ਦੀ ਸੁਵਿਧਾ ਵਾਲਾ ਪੰਜਾਬ ਮੁਲਕ ਦਾ ਪਹਿਲਾ ਸੂਬਾ ਬਣੇਗਾ ਅਤੇ ਆਉਂਦੇ ਸਾਲ ਵਿਚ ਸੂਬੇ ਦੇ ਸਾਰੇ ਘਰਾਂ ਨੂੰ ਜਲ ਸਪਲਾਈ ਮੁਹੱਈਆ ਕਰਵਾਉਣ ਅਤੇ ਟਾਇਲਟਾਂ ਬਣਾਉਣ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਸ੍ਰੀ ਅਨਿਲ ਜੋਸ਼ੀ ਦੀ ਮੌਜੂਦਗੀ ਵਿਚ ਸਥਾਨਕ ਬਚਤ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੀ ਜਲ ਸਪਲਾਈ, ਸੈਨੀਟੇਸ਼ਨ ਅਤੇ ਪਖਾਨਿਆਂ ਦੀ ਰਿਪੋਰਟ 15 ਦਿਨਾਂ ਵਿਚ ਦੁਬਾਰਾ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਸ. ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ 100 ਫੀਸਦੀ ਪੀਣ ਵਾਲਾ ਪਾਣੀ ਅਤੇ ਟਾਇਲਟ ਦੀ ਸੁਵਿਧਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਅਜਿਹਾ ਕੋਈ ਘਰ ਨਹੀਂ ਹੋਵੇਗਾ ਜਿਥੇ ਕਿ ਪੀਣ ਵਾਲਾ ਸਾਫ਼ ਪਾਣੀ ਅਤੇ ਟਾਇਲਟ ਨਾ ਹੋਵੇ। ਸ. ਰੱਖੜਾ ਨੇ ਕਿਹਾ ਕਿ ਸੂਬੇ ਦੇ 33 ਲੱਖ ਘਰਾਂ ਨੂੰ ਜਲ ਸਪਲਾਈ ਨਾਲ ਜੋੜਨ ਦਾ ਟੀਚਾ ਹੈ ਅਤੇ ਇਸੇ ਤਰ੍ਹਾਂ 6 ਲੱਖ ਦੇ ਕਰੀਬ ਪਖਾਨਿਆਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 90 ਫੀਸਦੀ ਬਿਮਾਰੀਆਂ ਦੂਸ਼ਿਤ ਪਾਣੀ ਕਾਰਨ ਹੁੰਦੀਆਂ ਹਨ, ਇਸ ਲਈ ਸਰਕਾਰ ਦਾ ਮੁੱਖ ਟੀਚਾ ਸੂਬੇ ਨੂੰ ਬਿਮਾਰੀ ਰਹਿਤ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਸਰਕਾਰ ਕੋਲ ਪੈਸੇ ਦੀ ਕਮੀ ਨਹੀਂ ਹੈ ਅਤੇ ਕੇਵਲ ਲੋੜ ਲਗਨ, ਸੁਹਿਰਦਤਾ ਅਤੇ ਮਿਹਨਤ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਹੈ, ਜੋ ਲੋਕਾਂ ਨੂੰ ਉਤਸ਼ਾਹਿਤ ਅਤੇ ਜਾਗਰੂਕ ਕਰਕੇ ਇਸ ਪਾਸੇ ਵੱਲ ਲੈ ਕੇ ਆਉਣ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਆਪਣੇ ਇਲਾਕੇ ਵਿਚ ਵਾਟਰ ਸਪਲਾਈ ਅਤੇ ਪਖਾਨਿਆਂ ਸਬੰਧੀ ਬੇਨਿਯਮੀਆਂ ਦਾ ਮੁੱਦਾ ਉਠਾਇਆ, ਜਿਸ ‘ਤੇ ਸ. ਰੱਖੜਾ ਨੇ ਸਮੁੱਚੇ ਅੰਮ੍ਰਿਤਸਰ ਜ਼ਿਲ੍ਹੇ ਦੀ ਜਲ ਸਪਲਾਈ ਤੇ ਸੀਵਰੇਜ ਦੀ ਰਿਪੋਰਟ 15 ਦਿਨਾਂ ਵਿਚ ਦੁਬਾਰਾ ਤਿਆਰ ਕਰਨ ਦੇ ਨਾਲ-ਨਾਲ ਪਖਾਨਿਆਂ ਸਬੰਧੀ ਸਰਵੇ ਦੁਬਾਰਾ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਇਸ ਕੰਮ ਵਿਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਤਸੱਲੀਬਖਸ਼ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਵਿਚ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਲਈ ਅਤੇ ਫੀਲਡ ਵਿਚ ਆ ਰਹੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਪ੍ਰਾਜੈਕਟ ਮੁਕੰਮਲ ਕਰਨ ਲਈ ਪੂਰੀ ਲਗਨ, ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ, ਕਿਉਂਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਡਿਊਟੀ ਹੈ ਅਤੇ ਇਸ ਦੇ ਨਾਲ ਹੀ ਇਹ ਇਕ ਪੁੰਨ ਦਾ ਵੀ ਕੰਮ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਘਰ ਵਿਚ ਟਾਇਲਟ ਬਣਾਉਣ ਲਈ ਜਾਗਰੂਕ ਕਰਨ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਐਸ. ਈ ਸ੍ਰੀ ਭੰਡਾਰੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply