Monday, July 8, 2024

ਇਤਿਹਾਸਕ ਹੋਵੇਗਾ ਆਈ. ਆਈ. ਐਮ ਦਾ ਨੀਂਹ ਪੱਥਰ ਸਮਾਗਮ- ਮਜੀਠੀਆ

PPN1506201614

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 19 ਜੂਨ ਨੂੰ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਮਾਨਾਵਾਲਾ ਵਿਖੇ ਪੰਜਾਬ ਦੇ ਪਹਿਲੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ. ਐਮ) ਦਾ ਰੱਖਿਆ ਜਾਣ ਵਾਲਾ ਨੀਂਹ ਪੱਥਰ ਸਮਾਗਮ ਜਿਥੇ ਅੰਮ੍ਰਿਤਸਰ ਲਈ ਅਹਿਮ ਹੋਵੇਗਾ ਉਥੇ ਇਕੱਠ ਪੱਖੋਂ ਇਤਿਹਾਸਕ ਸਿੱਧ ਹੋਵੇਗਾ।
ਸ. ਮਜੀਠੀਆ ਉਕਤ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਕਾਲੀ-ਭਾਜਪਾ ਦੀ ਤਾਲਮੇਲ ਕਮੇਟੀ ਦੀ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਅਕਾਲੀ ਵਿਧਾਇਕਾਂ, ਕੌਂਸਲਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਹੋਰਨਾਂ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਾਉਂਦਿਆਂ ਉਕਤ ਸਮਾਗਮ ਦੀ ਸਫਲਤਾ ਲਈ ਸ਼ਵੇਤ ਮਲਿਕ ਦਾ ਪੂਰਨ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਆਈ. ਆਈ. ਐਮ ਦਾ ਗੁਰੂ ਨਗਰੀ ਵਿਚ ਸਥਾਪਿਤ ਹੋਣਾ ਅੰਮ੍ਰਿਤਸਰ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਮੰਗ ਕਰਦੀ ਆ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸੰਸਥਾ ਦਾ ਨਾ ਕੇਵਲ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਗੋਂ ਜੰਮੂ-ਕਸ਼ਮੀਰ ਅਤੇ ਹਿਮਾਚਲ ਨੂੰ ਵੀ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਆਈ. ਆਈ. ਐਮ ਵਰਗੀ ਵੱਕਾਰੀ ਸੰਸਥਾ ਦਾ ਅੰਮ੍ਰਿਤਸਰ ਵਿਖੇ ਸਥਾਪਿਤ ਹੋਣ ਦਾ ਸੁਪਨਾ ਪੂਰਾ ਹੋਣਾ ਜਿਥੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਸੰਭਵ ਹੋਇਆ ਹੈ ਉਥੇ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਮਾਨਵ ਸੰਸਾਧਨ ਵਿਕਾਸ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਅਤੇ ਤਕਨੀਕੀ ਸਿੱਖਿਆ ਅਜੋਕੇ ਸਮੇਂ ਲਈ ਸਭ ਤੋਂ ਅਹਿਮ ਹੈ ਅਤੇ ਪੰਜਾਬ ਸਰਕਾਰ ਨੇ ਇਸ ਨੂੰ ਆਪਣੇ ਅਹਿਮ ਏਜੰਡੇ ਵਿਚ ਸ਼ਾਮਿਲ ਕੀਤਾ ਹੋਇਆ ਹੈ।
ਇਸ ਦੌਰਾਨ ਸ. ਮਜੀਠੀਆ ਨੇ ਸਮਾਗਮ ਦੀ ਸਫਲਤਾ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਉਨ੍ਹਾਂ ਨੂੰ ਸੌਂਪੇ ਕਾਰਜ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ। ਨਾਲ ਹੀ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡਣ। ਸ. ਮਜੀਠੀਆ ਨੇ ਕਿਹਾ ਕਿ ਉਕਤ ਸਮਾਗਮ ਮੌਕੇ ਕੇਂਦਰੀ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ, ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਸਮੇਤ ਕੈਬਨਿਟ ਦੇ ਵਜ਼ੀਰ, ਵਿਧਾਇਕ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ੋਭਾ ਵਧਾਉਣਗੀਆਂ। ਉਨ੍ਹਾਂ ਸਮਾਗਮ ਲਈ ਵੱਡੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਦੇ ਮੈਂਬਰ ਸ੍ਰੀ ਸ਼ਵੇਤ ਮਲਿਕ, ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ, ਐਸ. ਐਸ. ਪੀ (ਦਿਹਾਤੀ) ਸ੍ਰੀ ਜਸਦੀਪ ਸਿੰਘ, ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾ, ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਰਜਿੰਦਰ ਮੋਹਨ ਸਿੰਘ ਛੀਨਾ, ਰਾਜ ਮਹਿੰਦਰ ਸਿੰਘ ਮਜੀਠਾ, ਲਾਲੀ ਰਣੀਕੇ, ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂਵਾਲਾ, ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ, ਚੇਅਰਮੈਨ ਆਰ ਸੀ ਯਾਦਵ, ਗੁਰਪ੍ਰਤਾਪ ਸਿੰਘ ਟਿੱਕਾ, ਨਵਦੀਪ ਸਿੰਘ ਗੋਲਡੀ, ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਪ੍ਰੋ. ਸਰਚਾਂਦ ਸਿੰਘ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਰਜਿੰਦਰ ਸਿੰਘ ਮਰਵਾਹਾ, ਭਾਜਪਾ ਪ੍ਰਧਾਨ ਐਡਵੋਕੇਟ ਹਨੀ, ਸਾਬਕਾ ਵਿਧਾਇਕ ਮਲਕੀਤ ਸਿੰਘ ਏ ਆਰ, ਕਿਰਨਪ੍ਰੀਤ ਸਿੰਘ ਮੋਨੂੰ, ਕੌਂਸਲਰ ਸਾਹਿਬਾਨ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਹੋਰ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply