Friday, April 24, 2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 21 ਜੂਨ ਨੂੰ ਮਨਾਇਆ ਜਾਵੇਗਾ – ਬੇਦੀ

Diljit Singh Bedi

ਅੰਮ੍ਰਿਤਸਰ, 19 ਜੂਨ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਰਹਿਨੁਮਾਈ ਹੇਠ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ 21 ਜੂਨ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 16 ਤੋਂ 20 ਜੂਨ ਤੱਕ ਹਰ ਰੋਜ਼ ਸ਼ਾਮ 3.00 ਤੋਂ 5.00 ਵਜੇ ਤੱਕ ਬੀਬੀਆਂ ਦੇ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਤੇ ਕੀਰਤਨ ਕੀਤਾ ਜਾਵੇਗਾ ਅਤੇ 5.00 ਤੋਂ 6.00 ਵਜੇ ਤੱਕ ਰੋਜ਼ਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਕਥਾ ਕਰਨਗੇ।ਸ. ਬੇਦੀ ਨੇ ਕਿਹਾ ਕਿ 19 ਜੂਨ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 21 ਜੂਨ ਨੂੰ ਸਵੇਰੇ 7 ਵਜੇ ਪੈਣਗੇ।ਉਪਰੰਤ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਕਿਹਾ ਕਿ ਇਸੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹੁਕਮਨਾਮੇ ਦੀ ਕਥਾ ਸਵੇਰੇ 8.00 ਤੋਂ 9.30 ਵਜੇ ਤੱਕ ਸਿੰਘ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਨਗੇ।
ਉਨ੍ਹਾਂ ਕਿਹਾ ਕਿ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 21 ਜੂਨ ਨੂੰ ਸਵੇਰੇ 10 ਤੋਂ ਰਾਤ 12 ਵਜੇ ਤੱਕ ਹੋਵੇਗਾ ਜਿਸ ਵਿੱਚ ਭਾਈ ਕਮਲਜੀਤ ਸਿੰਘ ਤੇ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ, ਭਾਈ ਪਰਮਿੰਦਰ ਸਿੰਘ, ਭਾਈ ਗੁਰਸੇਵਕ ਸਿੰਘ ਰੰਗੀਲਾ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਬੀਬੀ ਪਰਮਜੀਤ ਕੌਰ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਮਹਿਤਾਬ ਸਿੰਘ, ਭਾਈ ਮਨਮੋਹਨ ਸਿੰਘ, ਬੀਬੀ ਆਸ਼ੂਪ੍ਰੀਤ ਕੌਰ, ਕੀਰਤਨੀ ਜਥਾ ਬੀਬੀਆਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਤੇ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਆਪਣੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply