ਅੰਮ੍ਰਿਤਸਰ, 21 ਜੂਨ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ-99 ਅੱਜ ਇਥੇ ਸਮਾਪਤ ਹੋ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸ੍ਰੋਤ ਵਿਕਾਸ ਕੇਂਦਰ ਵੱਲੋਂ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 47 ਅਧਿਆਪਕਾਂ ਨੇ ਭਾਗ ਲਿਆ।
ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ, ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਕੇਂਦਰ ਦੇ ਡਾਇਰੈਕਟਰ, ਡਾ. ਅਮਰਜੀਤ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਅਤੇ ਡਿਪਟੀ ਡਾਇਰੈਕਟਰ, ਡਾ. ਮੋਹਨ ਕੁਮਾਰ ਨੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ।
ਡਾ. ਕੁੰਵਰ ਵਿਜੈ ਪ੍ਰਤਾਪ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਅਕਾਦਮਿਕ ਅਦਾਰੇ ਅਤੇ ਪ੍ਰਸ਼ਾਸਨ ਵਿਚ ਮਜ਼ਬੂਤ ਸਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਖਿਆ ਦਾ ਮੁੱਖ ਉਦੇਸ਼ ਸਮਾਜ ਵਿਚ ਹਾਂਪੱਖੀ ਬਦਲਾਅ ਲਿਆਉਣਾ ਹੋਣਾ ਚਾਹੀਦਾ ਹੈ ਜੋ ਕਿ ਅਧਿਆਪਕਾਂ ਦੇ ਕਾਰਜਾਂ ਤੋਂ ਝਲਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਅਧਿਆਪਕਾਂ ਦਾ ਯੋਗਦਾਨ ਬਹੁਤ ਅਹਿਮ ਹੁੰਦਾ ਹੈ ਅਤੇ ਅਧਿਆਪਕਾਂ ਨੂੰ ਆਪਣੀ ਸਮਾਜ ਪ੍ਰਤੀ ਜ਼ਿੰਮੇਵਾਰੀ ਸਮਝਦੇ ਹੋਏ ਉਪਰਾਲੇ ਕਰਨੇ ਚਾਹੀਦੇ ਹਨ।
ਪ੍ਰੋ. ਸਿੱਧੂ ਨੇ ਕਿਹਾ ਕਿ ਅਧਿਆਪਕਾਂ ਨੂੰ ਵੱਧ ਤੋਂ ਵੱਧ ਉੱਚ ਪਾਏ ਦਾ ਗਿਆਨ ਪ੍ਰਾਪਤ ਕਰਕੇ ਵਿਦਿਆਰਥੀਆਂ ਵਿਚ ਵੰਡਣਾ ਚਾਹੀਦਾ ਹੈ। ਭਾਗ ਲੈਣ ਵਾਲੇ ਅਧਿਆਪਕਾਂ ਨੂੰ ਇਸ ਮੌਕੇ ਮੁੱਖ ਮਹਿਮਾਨ ਵੱਲੋਂ ਸਰਟੀਫਿਕੇਟ ਵੀ ਵੰਡੇ ਗਏ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media