
ਬਠਿੰਡਾ, 23 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੋਰ ਬਾਦਲ ਨੇ ਅੱਜ ਇੱਥੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ 100 ਫ਼ੀਸਦੀ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਕੇਂਦਰ ਵਲੋਂ ਹਰੀ ਝੰਡੀ ਦੇਣ ਨਾਲ ਫੂਡ ਪ੍ਰੋਸੈਸਿੰਗ ਖੇਤਰ ਵਿਚ ਇੱਕ ਨਵੀਂ ਕ੍ਰਾਂਤੀ ਦਾ ਮੁੱਢ ਬੱਝਾ ਹੈ, ਜਿਸ ਨਾਲ ਦੇਸ਼ ਦੇ ਲੱਖਾਂ ਕਿਸਾਨਾਂ ਅਤੇ ਇਸ ਖੇਤਰ ਨਾਲ ਜੁੜੇ ਲੋਕਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣਾ ਤੈਅ ਹੈ। ਇੱਥੇ 10 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਮੁਕੰਮਲ ਹੋਏ ਪ੍ਰੋਜੈਕਟਾਂ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ 100 ਫ਼ੀਸਦੀ ਸਿੱਧੇ ਵਿਦੇਸ਼ੀ ਨਿਵੇਸ਼ ਨਾਲ ਫੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਆਉਂਦੇ ਦੋ ਸਾਲਾਂ ਅੰਦਰ ਲਾਮਿਸਾਲ ਨਿਵੇਸ਼ ਦੀਆਂ ਸੰਭਾਵਨਾਂਵਾਂ ਬਹੁਤ ਮਜ਼ਬੂਤ ਹਨ।ਉਨ੍ਹਾਂ ਕਿਹਾ ਕਿ ਵਿਦੇਸ਼ੀ ਨਿਵੇਸ਼ ਨਾਲ ਭਾਰਤ ਅੰਦਰ ਫੂਡ ਪ੍ਰੋਸੈਸਿੰਗ ਦੇ ਅਸੀਮ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੁੰਦੀ ਹੋਈ ਦੇਸ਼ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗੀ।ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀਮਤੀ ਬਾਦਲ ਨੇ ਪੰਜਾਬ ਅੰਦਰ ਸਥਾਪਿਤ ਹੋ ਰਹੇ ਤਿੰਨ ਮੈਗਾ ਫੂਡ ਪਾਰਕਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪੂਰੇ ਦੇਸ਼ ਵਿਚ ਸਥਾਪਿਤ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿਚਲੇ ਮੈਗਾਫੂਡ ਪਾਰਕਾਂ ਦੀ ਸਥਾਪਤੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੀ ਮੰਗ ਵਧੇਗੀ ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਹੋਵੇਗੀ।
ਐਸ.ਵਾਈ.ਐਲ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਇੱਕ ਬਿਆਨ ਸਬੰਧੀ ਪੁੱਛੇ ਜਾਣ ‘ਤੇ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਸ ਸਾਰੇ ਮਸਲੇ ਲਈ ਜਿੰਮੇਵਾਰ ਹੈ ਅਤੇ ਕਾਂਗਰਸ ਲੀਡਰਸ਼ਿਪ ਦੀ ਅਗਵਾਈ ਵਿੱਚ ਹੀ ਐਸ.ਵਾਈ.ਐਲ. ਦੀ ਸ਼ੁਰੂਆਤ ਨੂੰ ਅਮਲ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਤਾ ਨਹੀਂ ਕਿਹੜੀ ਗੂੜ੍ਹੀ ਨੀਂਦੇ ਅਜਿਹੇ ਬਿਆਨ ਦਿੰਦੇ ਰਹਿੰਦੇ ਹਨ ਜਿਨ੍ਹਾਂ ਨੂੰ ਸਾਇਦ ਇਸ ਗੱਲ ਦਾ ਇਲਮ ਨਹੀਂ ਕਿ ਕਾਂਗਰਸ ਪਾਰਟੀ ਵਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਕਮਾਏ ਧ੍ਰੋਹ ਖਿਲਾਫ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਲਗਾਤਾਰ ਕਾਨੂੰਨੀ ਮਾਹਰਾਂ ਦੀ ਰਾਇ ਨਾਲ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸ਼ੁਰੂ ਕੀਤੀ ਇਸ਼ਤਿਹਾਰ ਮੁਹਿੰਮ ਬਾਰੇ ਪੁੱਛੇ ਜਾਣ ‘ਤੇ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੂੰ ਇਹ ਯਾਦ ਕਰਨ ਦੀ ਲੋੜ ਹੈ ਕਿ ਉਨ੍ਹਾਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀ ਵਾਅਦੇ ਕੀਤੇ ਸਨ ਅਤੇ ਅੱਜ ਉਹ ਕਿਹੜੀਆਂ ਗੱਲਾਂ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ ਸਿਰਫ਼ ਇਸ਼ਤਿਹਾਰੀ ਗੱਲਾਂ ਵਿਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ ਕੋਈ ਫ਼ਰਕ ਨਹੀਂ ਹੈ ਅਤੇ ਦੋਵਾਂ ਦੀ ਗੰਢ-ਤੁੱਪ ਵੀ ਜਗ ਜਾਹਰ ਹੈ।
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਸ਼੍ਰੀ ਕੇਜਰੀਵਾਲ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਵੀ ਵਫਾ ਨਹੀਂ ਹੋਏ ਅਤੇ ਉਨ੍ਹਾਂ ਦਿੱਲੀ ਦੇ ਲੋਕਾਂ ਨਾਲ ਜਬਰਦਸਤ ਵਿਸਾਹਘਾਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਲਈ ਉਤਾਵਲੇ ਹੋਏ ਬੈਠੇ ਹਨ। ਸ਼੍ਰੀਮਤੀ ਬਾਦਲ ਨੇ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਸਾਬਕਾ ਮੈਂਬਰ ਲੋਕ ਸਭਾ ਬੀਬੀ ਪਰਮਜੀਤ ਕੋਰ ਗੁਲਸ਼ਨ ਸਮੇਤ ਪਿੰਡ ਕੋਟਫੱਤਾ, ਕੋਟਸ਼ਮੀਰ ਅਤੇ ਸੰਗਤ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਸ਼੍ਰੀਮਤੀ ਬਾਦਲ ਨੇ ਪਿੰਡ ਕੋਟਸ਼ਮੀਰ ਅਤੇ ਕੋਟਫੱਤਾ ਦੀਆਂ 80 ਅਤੇ 38 ਔਰਤਾਂ ਨੂੰ ਕ੍ਰਮਵਾਰ ਨੰਨ੍ਹੀ ਛਾਂ ਮੁਹਿੰਮ ਤਹਿਤ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ।ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਬਾਦਲ ਨੇ ਸਮਾਜਿਕ ਬੁਰਾਈਆਂ ਖਿਲਾਫ਼ ਸਾਂਝੀ ਜੰਗ ਛੇੜਣ ਦਾ ਸੱਦਾ ਵੀ ਦਿੱਤਾ।ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ 10 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪਰਮਪਾਲ ਕੌਰ ਸਿੱਧੂ, ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਲਤੀਫ਼ ਅਹਿਮਦ ਆਦਿ ਮੌਜੂਦ ਸਨ।
Punjab Post Daily Online Newspaper & Print Media