
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਜ਼ਿਲ੍ਹਾ ਸਾਂਝ ਕੇਂਦਰ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਨਾਰਕੌਟਿਕ ਕੰਟਰੋਲ ਬਿਊਰੋ ਵੱਲੋਂ ਅੱਜ ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਜੀ. ਟੀ ਰੋਡ ਅੰਮ੍ਰਿਤਸਰ ਵਿਖੇ ਨਸ਼ਿਆਂ ਖਿਲਾਫ਼ ਇਕ ਵਿਸ਼ਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਮੁੱਖ ਮਹਿਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਅੰਮ੍ਰਿਤਸਰ ਸ਼ਹਿਰ ਸ੍ਰੀਮਤੀ ਪਰਵਿੰਦਰ ਕੌਰ ਪੀ. ਪੀ ਐਸ, ਸਕੂਲ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਡਾ ਧਰਮਵੀਰ ਸਿੰਘ, ਵਾਇਸ ਪ੍ਰਿੰਸੀਪਲ ਮੈਡਮ ਰੇਨੂੰ ਆਹੂਜਾ, ਜ਼ਿਲ੍ਹਾ ਸਾਂਝ ਕੇਂਦਰ ਦੇ ਜਨਰਲ ਸਕੱਤਰ ਸ੍ਰੀ ਸੁਰਜੀਤ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਸ਼ਿਕਾਰ ਲੋਕਾਂ ਦੀ ਹਰ ਪੱਖੋਂ ਹੋਈ ਬਰਬਾਦੀ ਨੂੰ ਬਿਆਨ ਕਰਦੇ ਨਾਟਕ ‘ਅਰਮਾਨ’ ਦੀ ਪੇਸ਼ਕਾਰੀ ਕੀਤੀ ਗਈ।ਇਸੇ ਤਰ੍ਹਾਂ ਨਾਟਸ਼ਾਲਾ ਅੰਮ੍ਰਿਤਸਰ ਦੇ ਕਲਾਕਾਰਾਂ ਵੱਲੋਂ ਨਸ਼ਿਆਂ ਦੇ ਨੁਕਸਾਨ ਅਤੇ ਇਨ੍ਹਾਂ ਨੂੰ ਤਿਆਗਣ ਸਬੰਧੀ ਨਾਟਕ ‘ਤੀਸਰੀ ਜੰਗ’ ਦਾ ਸਫਲ ਮੰਚਨ ਕੀਤਾ ਗਿਆ।ਇਸ ਮੌਕੇ ਧਾਰਮਿਕ, ਸਮਾਜਿਕ, ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਤੀਨਿਧ, ਡਾਕਟਰ ਅਤੇ ਨਸ਼ਾ ਤਿਆਗਣ ਵਾਲੇ ਲੋਕ ਸ਼ਾਮਿਲ ਹੋਏ। ਹਾਜ਼ਰੀਨ ਨੇ ਨਸ਼ਿਆਂ ਖਿਲਾਫ਼ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ, ਨਸ਼ਾ ਮੁਕਤ ਜੀਵਨ ਅਤੇ ਹੋਰਨਾਂ ਨੂੰ ਇਨ੍ਹਾਂ ਤੋਂ ਦੂਰ ਕਰਨ ਦੀ ਸਹੁੰ ਵੀ ਚੁੱਕੀ।
ਮੁੱਖ ਮਹਿਮਾਨ ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਹਰੇਕ ਪ੍ਰਕਾਰ ਦੇ ਨਸ਼ਿਆਂ ਦਾ ਕਾਰੋਬਾਰ ਅਤੇ ਸੇਵਨ ਕਰਨ ਵਾਲਿਆਂ ਖਿਲਾਫ਼ ਧਾਰਮਿਕ, ਸਮਾਜਿਕ, ਰਾਜਨੀਤਕ, ਸਮਾਜ ਸੇਵੀ ਸੰਸਥਾਵਾਂ ਅਤੇ ਸਰਕਾਰੀ ਏਜੰਸੀਆਂ ਵੱਲੋਂ ਇਕੱਠੇ ਕੇ ਕੇ ਹੰਭਲਾ ਮਾਰਿਆ ਜਾਵੇ ਤਾਂ ਜੋ ਨਸ਼ੇ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਨਸ਼ਿਆਂ ਖਿਲਾਫ਼ ਮੁਹਿੰਮ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਅਤੇ ਸੰਸਥਾਵਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵੀ ਆਪਣੇ ਸੰਬੋਧਨ ਵਿਚ ਨਸ਼ਿਆਂ ਤੋਂ ਦੂਰ ਰਹਿ ਕੇ ਸੱਚਾ-ਸੁੱਚਾ ਜੀਵਨ ਜਿਊਣ ਦੀ ਪ੍ਰੇਰਨਾ ਕੀਤੀ। ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਸ੍ਰੀਮਤੀ ਪਰਵਿੰਦਰ ਕੌਰ ਨੇ ਇਸ ਮੌਕੇ ਕਿਹਾ ਕਿ ਇਸ ਸਾਲ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਸਾਂਝ ਕੇਂਦਰਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਨਸ਼ਿਆਂ ਖਿਲਾਫ਼ 180 ਸੈਮੀਨਾਰ/ਰੈਲੀਆਂ ਕਰਵਾਈਆਂ ਗਈਆਂ ਹਨ ਅਤੇ ਭਵਿੱਖ ਵਿਚ ਵੀ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਨ੍ਹਾਂ ਨੂੰ ਛੱਡਣ ਬਾਰੇ ਵਿਸਥਾਰ ਨਾਲ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਜੇ ਇਲਨਚੇਲੀਅਨ, ਪ੍ਰਧਾਨ ਚੀਫ ਖਾਲਸਾ ਦੀਵਾਨ ਸ. ਚਰਨਜੀਤ ਸਿੰਘ ਚੱਢਾ, ਦੁਰਗਿਆਨਾ ਤੀਰਥ ਅਸਥਾਨ ਦੇ ਸਕੱਤਰ ਸ੍ਰੀ ਅਰੁਨ ਖੰਨਾ, ਸਮਾਜ ਸੇਵਕਾ ਮੈਡਮ ਸਵਰਾਜ ਗਰੋਵਰ, ਮਨੋਵਿਗਿਆਨੀ ਮੈਡਮ ਨਮਰਤਾ, ਡਾ. ਜਸਵਿੰਦਰ ਗਾਂਧੀ ਤੋਂ ਇਲਾਵਾ ਕਮਿਸ਼ਨਰੇਟ ਪੁਲਿਸ ਦੇ ਸਾਰੇ ਪੁਲਿਸ ਅਧਿਕਾਰੀਅਤੇ ਸ਼ਹਿਰ ਦੀਆਂ ਹੋਰ ਅਹਿਮ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਦੇ ਪੈਂਫਲੈਟ ਅਤੇ ਕਿਤਾਬਚੇ ਵੀ ਵੰਡੇ ਗਏ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media