ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਨਾਲ ਨਵੇਂ ਬਣੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ।ਉਦਘਾਟਨ ਤੋਂ ਪਹਿਲਾਂ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਅਰਦਾਸੀਆ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਪਰੰਤ ਪ੍ਰਭਜੋਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੇ ਹਰਚਰਨ ਸਿੰਘ ਮੁੱਖ ਸਕੱਤਰ ਅਤੇ ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸ੍ਰੀ ਅਖੰਡਪਾਠ ਸਾਹਿਬ ਵਾਲੇ ਕਮਰਿਆਂ ਦੀਆਂ ਚਾਬੀਆਂ ਭੇਟ ਕੀਤੀਆਂ।
ਇਸ ਸਮੇਂ ਹਰਚਰਨ ਸਿੰਘ ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਕਮਰਿਆਂ ਦੀ ਸੇਵਾ ਗੁਰੂ-ਘਰ ਦੇ ਅਨਿਨ ਸੇਵਕ ਤੇ ਸ਼ਰਧਾਵਾਨ ਪ੍ਰਭਜੋਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਸਵਿੰਦਰਪਾਲ ਸਿੰਘ ਅਤੇ ਇੰਦਰਪਾਲ ਸਿੰਘ ਵਾਸੀ ਅੰਮ੍ਰਿਤਸਰ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਘਰ ਦੀ ਸੇਵਾ ਭਾਗਾਂ ਵਾਲੇ ਮਨੁੱਖ ਨੂੰ ਹੀ ਨਸੀਬ ਹੁੰਦੀ ਹੈ।ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਨ ਵਾਲਿਆਂ ‘ਤੇ ਸਤਿਗੁਰੂ ਜੀ ਦੀ ਅਪਾਰ ਬਖਸ਼ਿਸ਼ ਹੁੰਦੀ ਹੈ ਤੇ ਉਹ ਆਪ ਅੰਗ-ਸੰਗ ਸਹਾਈ ਹੋ ਕੇ ਸੇਵਾ ਲੈਂਦੇ ਹਨ।ਇਸ ਉਪਰੰਤ ਪ੍ਰਭਜੋਤ ਸਿੰਘ ਦੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕੇਵਲ ਸਿੰਘ ਵਧੀਕ ਸਕੱਤਰ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਲਖਬੀਰ ਸਿੰਘ ਮੀਤ ਮੈਨੇਜਰ ਤੇ ਸੰਗਤਾਂ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media