
ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨਜੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਉਪਰੰਤ ਸਤਿਗੁਰੂ ਜੀ ਦੀ ਪਾਵਨ ਬਾਣੀ ਦਾ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਲਿਆ ਗਿਆ।ਭਾਈ ਗੁਰਪ੍ਰੀਤ ਸਿੰਘ ਤੇ ਭਾਈ ਨਿਰਮਲ ਸਿੰਘ ਜੇਠੂਵਾਲ ਦੇ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪਹਿਲਾਂ ਕਹੇ ਹੋਏ ਬਚਨਾਂ ਅਨੁਸਾਰ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਸੁਮੇਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਪ ਸਿਰਜਣਾ ਕੀਤੀ।ਇਸ ਨੂੰ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਪਾਸੋਂ ਤਿਆਰ ਕਰਵਾਇਆ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਭੂਸੱਤਾ ਸੰਪੰਨ ਤੇ ਸੁਤੰਤਰ ਅਸਥਾਨ ਹੈ ਜਿਥੇ ਕੌਮ ਦੀ ਚੜ੍ਹਦੀ ਕਲਾ ਵਾਸਤੇ ਗੁਰਮਤੇ ਕੀਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਅਸਥਾਨ ਪੁਰ ਪੰਥਕ ਸੇਵਾਵਾਂ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਤੇ ਪੰਥ ਨੂੰ ਢਾਹ ਲਾਉਣ ਵਾਲਿਆਂ ਨੂੰ ਧਾਰਮਿਕ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਕਿਹਾ ਸੀ ਕਿ ਜੋ ਇਸ ਅਸਥਾਨ ਤੇ ਚੰਗੀ ਜਵਾਨੀ, ਚੰਗੇ ਸ਼ਸਤਰ ਤੇ ਚੰਗੇ ਘੋੜੇ ਲੈ ਕੇ ਆਵੇਗਾ ਉਸ ਨੂੰ ਸਤਿਗੁਰੂ ਦੀਆਂ ਖੁਸ਼ੀਆਂ ਮਿਲਣਗੀਆਂ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਮੇਸ਼ਾ ਜਰਵਾਣੇ ਦੇ ਜ਼ੁਲਮ ਨੂੰ ਰੋਕਿਆ ਗਿਆ ਹੈ ਤੇ ਨਿਮਾਣੇ ਦੀ ਸਹਾਇਤਾ ਕਰਨ ਦੇ ਉਪਰਾਲੇ ਕੀਤੇ ਗਏ ਹਨ।
ਉਨ੍ਹਾਂ ਇਸ ਪਵਿੱਤਰ ਦਿਹਾੜੇ ਤੇ ਸਮੂਹ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਵੇ ਤੇ ਹਰ ਹੁਕਮਨਾਮੇ, ਆਦੇਸ਼ ਤੇ ਸੰਦੇਸ਼ ਦੀ ਪਾਲਣਾ ਕਰਦਿਆਂ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਜੁੜਨ।ਇਸ ਮੌਕੇ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਦਿਲਜੀਤ ਸਿੰਘ ‘ਬੇਦੀ’, ਸੁਖਦੇਵ ਸਿੰਘ ਭੂਰਾ ਕੋਹਨਾ, ਮਹਿੰਦਰ ਸਿੰਘ ਆਹਲੀ, ਰਣਜੀਤ ਸਿੰਘ ਤੇ ਬਿਜੈ ਸਿੰਘ ਵਧੀਕ ਸਕੱਤਰ, ਹਰਿੰਦਰਪਾਲ ਸਿੰਘ ਤੇ ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਮਨਜਿੰਦਰ ਸਿੰਘ ਮੰਡ ਮੈਨੇਜਰ ਲੰਗਰ ਗੁਰੂ ਰਾਮਦਾਸ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਵਿਭਾਗ, ਸੁਖਰਾਜ ਸਿੰਘ, ਹਰਜਿੰਦਰ ਸਿੰਘ ਤੇ ਲਖਵਿੰਦਰ ਸਿੰਘ ਬੱਦੋਵਾਲ ਵਧੀਕ ਮੈਨੇਜਰ, ਲਖਬੀਰ ਸਿੰਘ ਮੀਤ ਮੈਨੇਜਰ, ਕਰਨਜੀਤ ਸਿੰਘ ਇੰਚਾਰਜ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media