Sunday, June 30, 2024

ਸ਼ਹਿਰ ਵਿਚ ਚੱਲ ਰਹੇ ਜ਼ਿਆਦਾਤਰ ਵਿਕਾਸ ਪ੍ਰਾਜੈਕਟ ਅਕਤੂਬਰ ਤੱਕ ਹੋਣਗੇ ਮੁਕੰਮਲ – ਔਜਲਾ

PPN0607201606ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਜ਼ਿਆਦਾਤਰ ਵਿਕਾਸ ਕਾਰਜ ਅਕਤੂਬਰ ਮਹੀਨੇ ਤੱਕ ਮੁਕੰਮਲ ਕਰ ਲਏ ਜਾਣਗੇ ਜਿਨ੍ਹਾਂ ਵਿਚੋਂ ਕੁਝ ਵੱਡੇ ਪ੍ਰਾਜੈਕਟਾਂ ਨੂੰ 31 ਅਗਸਤ ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਜ਼ਿਲ੍ਹੇ ਦੇ ਆਗੂਆਂ ਅਤੇ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਕੀਤੀ ਇਕ ਲੰਬੀ ਮੀਟਿੰਗ ਦੌਰਾਨ ਸ੍ਰੀ ਔਜਲਾ ਨੇ ਵਾਰ ਮੈਮੋਰੀਅਲ, ਭਗਵਾਨ ਵਾਲਮੀਕਿ ਤੀਰਥ ਸਥਲ ਰਾਮਤੀਰਥ, ਸ੍ਰੀ ਦਰਬਾਰ ਸਾਹਿਬ ਪਲਾਜ਼ਾ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸਰਕਟ ਹਾਊਸ, ਸਵਾਗਤੀ ਗੇਟ, ਟਾਊਨ ਹਾਲ, ਵੱਖ-ਵੱਖ ਕੌਰੀਡੋਰਾਂ, ਸੁੰਦਰੀਕਰਨ, ਗੋਬਿੰਦਗੜ੍ਹ ਕਿਲ੍ਹਾ ਅਤੇ ਬੀ. ਆਰ. ਟੀ. ਐਸ ਆਦਿ ਵਿਕਾਸ ਪ੍ਰਾਜੈਕਟਾਂ ਦੇ ਹੁਣ ਤੱਕ ਹੋਏ ਅਤੇ ਹੋ ਚੁੱਕੇ ਕੰਮਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਿਚ ਬਣ ਰਹੀਆਂ ਚਾਰ ਤੇ ਛੇ ਮਾਰਗੀ ਸੜਕਾਂ, ਪੁਲਾਂ, ਸੀਵਰੇਜ, ਵਾਟਰ ਸਪਲਾਈ ਅਤੇ ਬਿਜਲੀ ਆਦਿ ਨਾਲ ਸਬੰਧਤ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਸਾਰੀ ਦੇ ਚੱਲ ਰਹੇ ਕੰਮਾਂ ਕਾਰਨ ਯਾਤਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਸ੍ਰੀ ਔਜਲਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦੇ ਸਾਰੇ ਕੰਮਾਂ ਵਿਚ ਨਿੱਜੀ ਦਿਲਚਸਪੀ ਲੈ ਰਹੇ ਹਨ ਅਤੇ ਇਨ੍ਹਾਂ ‘ਤੇ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ। ਉਨਾਂ ਦੱਸਿਆ ਕਿ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਕੰਮ ਸਮਾਂ ਸੀਮਾ ਦੇ ਅੰਦਰ ਨੇਪਰੇ ਚਾੜ੍ਹੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਕਮਿਸ਼ਨਰ ਨਗਰ ਨਿਗਮ ਮੈਡਮ ਸੋਨਾਲੀ ਗਿਰੀ, ਅਕਾਲੀ ਆਗੂ ਸ. ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੀ ਨਵਦੀਪ ਸਿੰਘ ਗੋਲਡੀ, ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂਵਾਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਕੌਂਸਲਰ ਅਮੂੰ ਗੁੰਮਟਾਲਾ ਤੇ ਸ. ਅਮਰੀਕ ਸਿੰਘ ਲਾਲੀ, ਐਕਸੀਅਨ ਸ. ਜਸਬੀਰ ਸਿੰਘ ਸੋਢੀ ਅਤੇ ਹੋਰ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply