Monday, July 8, 2024

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

PPN0807201611ਅੰਮ੍ਰਿਤਸਰ, 8 ਜੁਲਾਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਪਰੰਤ ਸਜੇ ਧਾਰਮਿਕ ਦੀਵਾਨ ਵਿੱਚ ਭਾਈ ਸ਼ਵਿੰਦਰ ਸਿੰਘ ਭੰਗੂ ਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥੇ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।ਸਟੇਜ ਦੀ ਜ਼ਿੰਮੇਵਾਰੀ ਭਾਈ ਸਰਵਣ ਸਿੰਘ ਪ੍ਰਚਾਰਕ ਨੇ ਨਿਭਾਈ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂੁਦਿਆਂ ਡਾ. ਰੂਪ ਸਿੰਘ ਸਕੱਤਰ ਨੇ ਕਿਹਾ ਕਿ ਭਾਈ ਮਨੀ ਸਿੰਘ ਜੀ ਨੂੰ ਛੋਟੀ ਉਮਰੇ ਹੀ ਮਾਪਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਪਣ ਕਰ ਦਿੱਤਾ ਸੀ।ਉਪਰੰਤ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ ਵਿੱਚ ਰਹਿੰਦਿਆਂ ਉਨ੍ਹਾਂ ਪਾਸੋਂ ਹੀ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਨੂੰ ਮਾਤਾ ਸੁੰਦਰੀ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਥਾਪ ਕੇ ਭੇਜਿਆ ਸੀ।ਉਨ੍ਹਾਂ ਕਿਹਾ ਕਿ ਕੁਰਬਾਨੀਆਂ ਦੇ ਇਤਿਹਾਸ ਵਿੱਚ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਹੈ, ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਹੁਤ ਦੂਰ-ਅੰਦੇਸ਼ ਵਿਦਵਾਨ ਤੇ ਸਿਦਕੀ ਸਿੱਖ ਸਨ।ਉਨ੍ਹਾਂ ਕਿਹਾ ਕਿ ਸਮੇਂ ਦੀ ਮੁਗਲ ਹਕੂਮਤ ਸਿੱਖ ਕੌਮ ਦੀ ਸ਼ਕਤੀ ਨੂੰ ਖ਼ਤਮ ਕਰਨ ਲਈ ਸਿੱਖਾਂ ਨੂੰ ਖੌਫ਼ਨਾਕ ਤਸੀਹੇ ਦੇ ਕੇ ਦਹਿਸ਼ਤ ਪੈਦਾ ਕਰਨੀ ਚਾਹੁੰਦੀ ਸੀ, ਪਰ ਭਾਈ ਮਨੀ ਸਿੰਘ ਜੀ ਨੇ ਇਸ ਦੀ ਕੋਈ ਪ੍ਰਵਾਹ ਨਾ ਕੀਤੀ।ਇਸ ‘ਤੇ ਲਾਹੌਰ ਦੇ ਸੂਬੇਦਾਰ ਜ਼ਕਰੀਆ ਖਾਨ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਸੂਬੇ ਵੱਲੋਂ ਟੈਕਸ ਤਾਰਨ, ਇਸਲਾਮ ਕਬੂਲਣ ਜਾਂ ਫਿਰ ਮੌਤ ਲਈ ਤਿਆਰ ਹੋਣ ਦਾ ਫੁਰਮਾਨ ਸੁਣਾਇਆ।ਟੈਕਸ ਦੇਣ ਤੋਂ ਇਨਕਾਰ ਕਰਨ ‘ਤੇ ਭਾਈ ਮਨੀ ਸਿੰਘ ਜੀ ਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਜੋ ਨਸ਼ਿਆਂ ਵਿੱਚ ਗਲਤਾਨ ਹੋ ਪਤਿਤਪੁਣੇ ਵੱਲ ਵੱਧ ਰਹੀ ਹੈ ਉਸ ਨੂੰ ਭਾਈ ਮਨੀ ਸਿੰਘ ਜੀ ਤੇ ਹੋਰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ।
ਇਸ ਮੌਕੇੇ  ਰਣਜੀਤ ਸਿੰਘ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸਕੱਤਰ ਸਿੰਘ ਤੇ  ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਸੁਲੱਖਣ ਸਿੰਘ ਤੇ ਰਘਬੀਰ ਸਿੰਘ ਮੈਨੇਜਰ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ,  ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ,  ਬਘੇਲ ਸਿੰਘ ਤੇ ਹਰਜਿੰਦਰ ਸਿੰਘ ਵਧੀਕ ਮੈਨੇਜਰ, ਲਖਬੀਰ ਸਿੰਘ ਮੀਤ ਮੈਨੇਜਰ, ਇੰਚਾਰਜ ਕਰਨਜੀਤ ਸਿੰਘ, ਜਸਵਿੰਦਰ ਸਿੰਘ ਦੀਪ, ਬਲਵਿੰਦਰ ਸਿੰਘ ਖੈਰਾਬਾਦ ਤੇ  ਨਿਰਵੈਲ ਸਿੰਘ, ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਸਮੇਤ ਸੰਗਤਾਂ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply