
ਫਾਜ਼ਿਲਕਾ, 10 ਜੁਲਾਈ (ਵਨੀਤ ਅਰੋੜਾ)- ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਬੈਠਕ ਵਧੀਕ ਮੁੱਖ ਸਕੱਤਰ ਪੰਜਾਬ ਡਾ. ਨਿਰਮਲਜੀਤ ਸਿੰਘ ਕਲਸੀ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਐਸ.ਡੀ.ਐਮ.ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ ਆਦਿ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜ ਕੁਆਲਟੀ ਪੱਖ ਤੋਂ ਬੇਹਤਰ ਹੋਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਹਰ ਕਿਸਮ ਦੀਆਂ ਟੈਸਟ ਰਿਪੋਰਟਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਾਲ ਸਾਂਝੀਆਂ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਸੇਮ ਦੀ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਖਾਕਾ ਤਿਆਰ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਾਗਾਂ ਦੀ ਖੇਤੀ ਸਬੰਧੀ ਪੇਸ਼ ਆ ਰਹੀਆਂ ਔਕੜਾਂ ਨੂੰ ਦੂਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਬਾਗਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਹੜੇ ਪਿੰਡਾਂ ਵਿਚ ਚਿੱਟੇ ਮੱਛਰ ਦਾ ਹਮਲਾ ਹੋ ਰਿਹਾ ਹੈ ਉੱਥੇ ਸਪੈਸ਼ਲ ਕੈਂਪ ਲਗਾਏ ਜਾਣ ਅਤੇ ਕਿਸਾਨਾਂ ਨੂੰ ਪੰਜਾਬ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਦਵਾਈਆਂ ਦਾ ਛਿੜਕਾਅ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਮੀਟਿੰਗ ਦੌਰਾਨ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਹਿਰੀ ਪਾਣੀ ਦੀ ਚੋਰੀ ਨੂੰ ਰੋਕਿਆ ਜਾਵੇ ਅਤੇ ਪਾਣੀ ਦੀ ਚੋਰੀ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਨਰੇਗਾ ਕੰਮਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਸੇਮ ਵਾਲੇ ਪਿੰਡਾਂ ਵਿਚ ਮੱਛੀ ਪਾਲਣ ਦੇ ਕਿੱਤੇ ਸਬੰਧੀ ਵੀ ਕਿਸਾਨਾਂ ਨੂੰ ਜਾਣਕਾਰੀ ਦੇਣ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਗੁਣਵਤਾ ਦੇ ਪੱਖ ਤੋਂ ਬੇਹਤਰ ਤਰੀਕੇ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਕੀਤਾ ਜਾ ਰਿਹਾ ਹੈ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਨੂੰ ਪਖ਼ਾਨੇ ਬਣਾ ਕੇ ਦਿੱਤੇ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਡਾਇਰੈਕਟਰ ਮੱਛੀ ਪਾਲਣ ਡਾ. ਰਜਿੰਦਰ ਕਟਾਰੀਆ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਸੁਖਦੇਵ ਸਿੰਘ ਬਰਾੜ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਜਸਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜਰ ਸਨ।
Punjab Post Daily Online Newspaper & Print Media