Sunday, October 6, 2024

ਪਾਣੀ ਖੜ੍ਹਾ ਹੋਣ ‘ਤੇ ਸਰਕਾਰੀ ਦਫ਼ਤਰਾਂ, ਵਰਕਸ਼ਾਪਾਂ ਤੇ ਹਸਪਤਾਲਾਂ ਦੇ ਹੋਣਗੇ ਚਲਾਨ- ਵਰੁਣ ਰੂਜ਼ਮ

PPN1107201611ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ ਸੱਗੂ) – ਸਰਕਾਰੀ ਦਫ਼ਤਰਾਂ, ਦੁਕਾਨਾਂ, ਵਰਕਸ਼ਾਪਾਂ ਅਤੇ ਹਸਪਤਾਲਾਂ ਆਦਿ ਵਿਚ ਪਾਣੀ ਖੜ੍ਹਾ ਪਾਇਆ ਗਿਆ ਤਾਂ ਇਨ੍ਹਾਂ ਦੇ ਚਲਾਨ ਕੀਤੇ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਚ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜੁਲਾਈ ਮਹੀਨਾ ਡੇਂਗੂ ਵਿਰੋਧੀ ਮਹੀਨੇ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਮਹੀਨੇ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿਚ ਖਲੋਤੇ ਪਾਣੀ ਅਤੇ ਛੱਪੜਾਂ ਵਿਚ ਐਂਟੀ ਲਾਰਵਾ ਦਵਾਈਆਂ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਹਰੇਕ ਹਫ਼ਤੇ ਸਪਰੇਅ ਅਤੇ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਲੋਕਲ ਬਾਡੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਂਦੀਆਂ ਨਗਰ ਪੰਚਾਇਤਾਂ, ਨੋਟੀਫਾਈਡ ਕਮੇਟੀਆਂ ਰਾਹੀਂ ਛੱਪੜਾਂ, ਟੋਇਆਂ ਆਦਿ ਵਿਚ ਹਰੇਕ ਹਫ਼ਤੇ ਸੜਿਆ ਕਾਲਾ ਤੇਲ ਪੁਆਇਆ ਜਾਵੇ ਅਤੇ ਕੂੜਾ-ਕਰਕਟ ਨੂੰ ਸਹੀ ਤਰੀਕੇ ਨਾਲ ਡਿਸਪੋਜ਼ ਕੀਤਾ ਜਾਵੇ। ਇਸ ਤੋਂ ਇਲਾਵਾ ਸ਼ਹਿਰ ਦੇ ਆਲੇ-ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖੇ ਜਾਣ ਦੀ ਵੀ ਉਨ੍ਹਾਂ ਹਦਾਇਤ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਦੁਕਾਨਾਂ, ਵਰਕਸ਼ਾਪਾਂ, ਹੋਟਲਾਂ, ਪੈਲੇਸਾਂ, ਜਨਤਕ ਥਾਵਾਂ, ਉਸਾਰੀ ਵਾਲੀਆਂ ਥਾਵਾਂ ਜਾਂ ਪਾਰਕਾਂ ਆਦਿ ਵਿਚ ਜਿਥੇ ਕਿਤੇ ਵੀ ਪਾਣੀ ਰੁਕਿਆ ਦੇਖਦੇ ਹਨ ਤਾਂ ਉਸ ਨੂੰ ਤੁਰੰਤ ਸਾਫ਼ ਕਰਵਾਇਆ ਜਾਵੇ ਅਤੇ ਜੇਕਰ ਕੋਈ ਜਾਣਬੁੱਝ ਕੇ ਅਜਿਹਾ ਕਰਦਾ ਹੈ ਤਾਂ ਉਸ ਦਾ ਸਖਤੀ ਨਾਲ ਚਲਾਨ ਕੱਟਿਆ ਜਾਵੇ। ਇਸ ਮੌਕੇ ਉਨ੍ਹਾਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸ਼ਹਿਰ ਵਿਚ ਪਾਣੀ ਦੀਆਂ ਪਾਈਪਾਂ ਦੇ ਜੋੜਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਉਣ। ਉਨ੍ਹਾਂ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਵਰਕਸ਼ਾਪ ਵਿਚ ਖਾਲੀ ਪਾਏ ਪੁਰਾਣੇ ਟਾਇਰਾਂ ਵਿਚ ਪਾਣੀ ਜਮ੍ਹਾ ਨਾ ਹੋਣ ਦੇਣ ਅਤੇ ਸਮੇਂ ਸਿਰ ਦਵਾਈ ਦਾ ਛਿੜਕਾਅ ਕਰਵਾ ਲੈਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ ਵਿਚ ਪ੍ਰਾਰਥਨਾ ਸਭਾਵਾਂ ਦੌਰਾਨ ਬੱਚਿਆਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਡੇਂਗੂ ਬੁਖਾਰ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਵਿਸ਼ੇਸ਼ ਡੇਂਗੂ ਵਾਰਡ ਸਥਾਪਿਤ ਕਰਨ ਅਤੇ ਬੈੱਡ ਰਾਖਵੇਂ ਕਰਨ ਦੀਆਂ ਵੀ ਹਦਾਇਤਾਂ ਕੀਤੀਆਂ। ਉਨ੍ਹਾਂ ਮੱਛੀ ਪਾਲਣ ਵਿਭਾਗ ਨੂੰ ਗੰਬੂਜੀਆ ਮੱਛੀ ਪਾਲਣ ਸਬੰਧੀ ਸਿਹਤ ਵਿਭਾਗ ਨੂੰ ਸਹਿਯੋਗ ਕਰਨ ਲਈ ਕਿਹਾ ਤਾਂ ਜੋ ਛੱਪੜਾਂ ਵਿਚ ਗੰਬੂਜੀਆ ਮੱਛੀ ਪੁਆਈ ਜਾ ਸਕੇ।
ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ.ਪ੍ਰਦੀਪ ਚਾਵਲਾ ਨੇ ਕਿਹਾ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਏਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਰੁਕੇ ਹੋਏ ਪਾਣੀ ਵਿਚ ਜਿਵੇਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫੁੱਲਾਂ ਦੇ ਗਮਲਿਆਂ, ਖਰਾਬ ਪਏ ਹੋਏ ਟਾਇਰਾਂ ਆਦਿ ਵਿੱਚ ਪੈਦਾ ਹੁੰਦੇ ਹਨ ਇਸ ਲਈ ਇਨ੍ਹਾਂ ਚੀਜ਼ਾਂ ਨੂੰ ਸਾਫ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਤੇਜ ਸਿਰ ਦਰਦ, ਤੇਜ ਬੁਖਾਰ, ਜੋੜਾਂ ਵਿਚ ਦਰਦ ਅੱਖਾਂ ਦੇ ਪਿਛਲੇ ਪਾਸੇ ਦਰਦ, ਉਲਟੀਆਂ ਲੱਗਣਾ, ਮੂੰਹ ਵਿਚੋਂ ਖ਼ੂਨ ਵਗਣਾ ਆਦਿ ਇਸ ਦੇ ਲੱਛਣ ਹਨ। ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਮਦਨ ਮੋਹਨ, ਐਸ. ਐਮ. ਓ ਡਾ. ਸਤਿੰਦਰ ਸਿੰਘ ਬੇਦੀ, ਡਾ. ਰਿਤੂ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਕੌਰ ਤੋਂ ਇਲਾਵਾ ਸਿਹਤ, ਸਿੱਖਿਆ, ਨਗਰ ਨਿਗਮ, ਟ੍ਰਾਂਸਪੋਰਟ, ਪੇਂਡੂ ਵਿਕਾਸ ਵਿਭਾਗ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀ ਅਤੇ ਸਵੈ ਸੈਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply