Monday, July 8, 2024

ਹੈਲਥ ਸੈਂਟਰਾਂ ਵਿੱਚ 22 ਫਾਰਮੈਸੀ ਸੈਂਟਰਾਂ ‘ਤੇ ਖਰਚ ਕੀਤੇ ਜਾ ਰਹੇ ਹਨ 44 ਲੱਖ ਅਮਿਤ ਕੁਮਾਰ

PPN1807201614

ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਹੈਲਥ ਸੈਂਟਰਾਂ ਵਿੱਚ 22 ਫਾਰਮੈਸੀ ਸੈਂਟਰ ਬਣਾਏ ਜਾ ਰਹੇ ਹਨ, ਜਿੰਨ੍ਹੇ ‘ਤੇ 44 ਲੱਖ ਰੁਪਏ ਖਰਚ ਕੀਤੇ ਜਾਰਹੇ ਹਨ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਆਯੋਜਿਤ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਫਾਰਮੈਸੀ ਸੈਂਟਰਾਂ ਵਿੱਚ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਾਪਿੰਗ ਕੰਪਲੈਕਸ, ਆਡੀਟੋਰੀਅਮ, ਆਧੁਨਿਕ ਖੇਡ ਸਟੇਡੀਅਮ, ਐਮ.ਆਈ.ਜੀ. ਫਲੈਟਾਂ, ਵੈਟਰਨਰੀ ਹਸਪਤਾਲ ਅਤੇ ਜ਼ਿਲ੍ਹੇ ਅੰਦਰ ਹੋਰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆ ਕੇ ਜਲਦੀ ਤੋਂ ਜਲਦੀ ਮੁਕੰਮਲ ਕਰਨ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ । ਉਨ੍ਹਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਦੇ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਜਲਦੀ ਮੁਕੰਮਲ ਕਰਵਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਬੇਟੀ ਬਚਾਓ ਬੇਟੀ ਪੜ੍ਹਾਓ, ਪਾਣੀ ਦੀ ਬਚੱਤ, ਖੂਨਦਾਨ ਕਰਨ ਸਬੰਧੀ ਅਤੇ ਪੜ੍ਹਾਈ ਛੱਡ ਚੁੱਕੇ ਬੱਚਿਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਜਾਗਰੂਕ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਬਣਾਈਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਤਾਂ ਜੋ ਲੋਕ ਇੰਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ ਵੱਖ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਅੰਦਰ 38432 ਲਾਭਪਾਤਰੀਆਂ ਨੂੰ ਮਈ ਮਹੀਨਾ 2016 ਦੀ ਪੈਨਸ਼ਨ ਰਾਸ਼ੀ 5 ਕਰੋੜ 52 ਲੱਖ 39 ਹਜਾਰ ਰੁਪਏ ਵੰਡ ਦਿੱਤੀ ਗਈ ਹੈ ਅਤੇ ਜੂਨ ਮਹੀਨੇ ਦੀ ਪੈਨਸ਼ਨ ਦੇ ਬਿੱਲ ਖਜ਼ਾਨੇ ਵਿਖੇ ਭੇਜ ਦਿੱਤੇ ਗਏ ਹਨ ਅਤੇ ਉਹ ਵੀ ਜਲਦੀ ਲਾਭਪਾਤਰੀਆਂ ਨੂੰ ਵੰਡ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਚੈਂਕਿੰਗ ਸਬੰਧਤ ਬੀ.ਡੀ.ਪੀ.ਓ. ਕਰਕੇ, ਰਿਪੋਰਟ ਇੱਕ ਹਫ਼ਤੇ ਦੇ ਅੰਦਰ ਅੰਦਰ ਭੇਜਣ। ਇਸ ਤੋਂ ਇਲਾਵਾ ਬੀ.ਡੀ.ਪੀ.ਓਜ਼ ਆਂਗੜਬਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਦਿੱਤੀ ਜਾ ਰਹੀ ਖੁਰਾਕ ਅਤੇ ਸਕੂਲਾਂ ਵਿੱਚ ਦਿੱਤੀ ਜਾ ਰਹੀ ਮੀਡ-ਡੇ-ਮਿਲ ਅਤੇ ਹੈਲਥ ਸੈਂਟਰਾਂ ਦੀ ਵੀ ਚੈਕਿੰਗ ਕਰਕੇ ਰਿਪੋਰਟ ਦੇਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਵਿਕਾਸ ਕਾਰਜਾਂ ਲਈ ਮਿਲੇ ਫੰਡਾਂ ਨੂੰ ਸਮੇਂ ਸਿਰ ਖਰਚ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ ਤਾਂ ਜੋ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਮੰਗ ਸਰਕਾਰ ਤੋਂ ਕੀਤੀ ਜਾ ਸਕੇ।ਉਨ੍ਹਾਂ ਨੇ ਇਸ ਉਪਰੰਤ ਨਜਾਇਜ਼ ਕਬਜਿਆਂ ਨੂੰ ਹਟਾਉਣ, ਸਿੱਖਿਆ, ਪੈਡਿੰਗ ਯੂ.ਸੀ. ਅਤੇ ਨਰੇਗਾ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply