Friday, July 5, 2024

ਬਗੈਰ ਲਾਇਸੰਸ ਦੇ ਦਵਾਈਆਂ ਦੀਆਂ ਦੁਕਾਨਾਂ ਚਲਾ ਰਹੇ ਨਰਸਿੰਗ ਹੋਮਾਂ ਖਿਲਾਫ਼ ਹੋਵੇਗੀ ਕਾਰਵਾਈ -ਸੰਧੂ

PPN2007201608

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ ਸੱਗੂ) – ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਲੋਕਾਂ ਨੂੰ ਹਸਪਤਾਲਾਂ ਵਿੱਚ ਜਣੇਪਿਆਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਸਿਹਤ ਸੇਵਾਵਾਂ ਸਲਾਹਕਾਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਸਪਤਾਲਾਂ ਵਿਚ ਹੋਣ ਵਾਲੇ ਜਣੇਪਿਆਂ ਦੀ ਦਰ ਕਾਫੀ ਵਧੀਆ ਹੈ ਅਤੇ 93 ਫੀਸਦੀ ਦੇ ਕਰੀਬ ਜਣੇਪੇ ਹਸਪਤਾਲਾਂ ਵਿਚ ਹੁੰਦੇ ਹਨ, ਜਿਨ੍ਹਾਂ ਵਿਚ 49 ਫੀਸਦੀ ਸਰਕਾਰੀ ਤੇ 44 ਫੀਸਦੀ ਪ੍ਰਾਈਵੇਟ ਹਸਪਤਾਲ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿਚ ਰੱਖਦਿਆਂ ਇਹ ਦਰ 100 ਫੀਸਦੀ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਸ. ਸੰਧੂ ਨੇ ਇਹ ਵੀ ਕਿਹਾ ਕਿ ਜਿਹੜੇ ਨਰਸਿੰਗ ਹੋਮ ਬਗੈਰ ਲਾਇਸੰਸ ਦੇ ਦਵਾਈਆਂ ਵਾਲੀਆਂ ਦੁਕਾਨਾਂ ਚਲਾ ਰਹੇ ਹਨ, ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਅਜਿਹੇ ਨਰਸਿੰਗ ਹੋਮਾਂ ਦੀ ਪਹਿਚਾਣ ਕਰਕੇ ਰਿਪੋਰਟ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਡਾਕਟਰ ਰੱਬ ਦਾ ਦੂਸਰਾ ਰੂਪ ਹੁੰਦਾ ਹੈ ਅਤੇ ਉਨ੍ਹਾਂ ਨੂੰ ਮਰੀਜ਼ਾਂ ਨਾਲ ਹਮਦਰਦੀ ਅਤੇ ਪਿਆਰ ਵਾਲਾ ਰਵੱਈਆ ਅਖਤਿਆਰ ਕਰਨਾ ਚਾਹੀਦਾ ਹੈ। ਇਸ ਮੌਕੇ ਮੈਂਬਰਾਂ ਵੱਲੋਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਆਪਣੇ ਵਡਮੁੱਲੇ ਸੁਝਾਅ ਦਿੱਤੇ ਗਏ। ਮੈਂਬਰਾਂ ਨੇ ਇਸ ਦੌਰਾਨ ਜਨਮ-ਮੌਤ ਸਰਟੀਫਿਕੇਟ ਬਣਵਾਉਣ ਲਈ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੇ ਜਾ ਰਹੇ ਮਹਿੰਗੇ ਇਲਾਜ ਦਾ ਮੁੱਦਾ ਉਠਾਇਆ।
ਇਸ ਮੌਕੇ ਐਸ.ਐਮ.ਓ ਡਾ. ਆਰ. ਐਸ ਸੇਠੀ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂਬਰਾਂ ਵੱਲੋਂ ਉਠਾਏ ਗਏ ਸੁਝਾਵਾਂ ‘ਤੇ ਅਮਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ, ਵਿਵੇਕ ਤਲਵਾੜ, ਅਤੁਲ ਜੇਤਲੀ, ਰਾਜ ਕੁਮਾਰ ਸ਼ਰਮਾ, ਮਨਮੋਹਨ ਸਿੰਘ, ਅਜੀਤ ਸਿੰਘ, ਸੁਪਰਡੈਂਟ ਸੰਜੀਵ ਕੁਮਾਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply