Saturday, March 14, 2026

ਜ਼ਿਲ੍ਹਾ ਸਿਖਿਆ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਸਕੂਲਾਂ ਵਿੱਚ ਖਾਲੀ ਅਸਾਮੀਆਂ ਦਾ ਮੁੱਦਾ ਰਿਹਾ ਭਾਰੂ

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਿੱਖਿਆ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਸਿੱਖਿਆ ਵਿਭਾਗ ਦੇ ਕੰਮਕਾਜ਼ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ ਅਤੇ ਮੈਂਬਰਾਂ ਨੇ ਆਪਣੇ ਵਡਮੁੱਲੇ ਸੁਝਾਅ ਦਿੱਤੇ। ਇਸ ਦੌਰਾਨ ਸਕੂਲਾਂ ਵਿਚ ਅਧਿਆਪਕਾਂ, ਸੇਵਾਦਾਰਾਂ ਅਤੇ ਚੌਕੀਦਾਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਦੇ ਦਾ ਮੁੱਦਾ ਭਾਰੂ ਰਿਹਾ। ਸ. ਸੰਧੂ ਨੇ ਇਸ ਮੌਕੇ ਹਾਜ਼ਰ ਸਿੱਖਿਆ ਅਧਿਕਾਰੀਆਂ ਨੂੰ ਖਾਲੀ ਅਸਾਮੀਆਂ ਸਬੰਧੀ ਰਿਪੋਰਟ ਤਿਆਰ ਕਰਕੇ ਮਹਿਕਮੇ ਨੂੰ ਭੇਜਣ ਲਈ ਕਿਹਾ ਤਾਂ ਜੋ ਇਸ ਮਸਲੇ ਦਾ ਜਲਦ ਹੱਲ ਹੋ ਸਕੇ। ਇਸ ਤੋਂ ਇਲਾਵਾ ਇਸ ਮੌਕੇ ਸਿੱਖਿਆ ਨਾਲ ਸਬੰਧਤ ਹੋਰਨਾਂ ਮੁੱਦਿਆਂ ‘ਤੇ ਵੀ ਗੱਲਬਾਤ ਹੋਈ।
ਸ. ਸੰਧੂ ਨੇ ਸਿੱਖਿਆ ਅਧਿਕਾਰੀਆਂ ਅਤੇ ਮੈਂਬਰਾਂ ਨੂੰ ਕਿਹਾ ਕਿ ਉਹ ਆਪਣਾ ਇਕ ਵੱਖਰਾ ਵਟਸਐਪ ਗਰੁੱਪ ਤਿਆਰ ਕਰਨ ਤਾਂ ਜੋ ਕਿਸੇ ਵੀ ਮੁਸ਼ਕਿਲ ਦਾ ਆਦਾਨ-ਪ੍ਰਦਾਨ ਫੌਰਨ ਹੋ ਸਕੇ। ਉਨ੍ਹਾਂ ਇਸ ਮੌਕੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕੰਮਕਾਜ਼ ਵਿਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਇਕ ਵਧੀਆ ਪਲੇਟਫਾਰਮ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਮੈਂਬਰਾਂ ਵੱਲੋਂ ਪੇਸ਼ ਕੀਤੇ ਚੰਗੇ ਸੁਝਾਅ ਪੰਜਾਬ ਸਰਕਾਰ ਨੂੰ ਭੇਜੇ ਜਾਂਦੇ ਹਨ ਤਾਂ ਜੋ ਇਨ੍ਹਾਂ ਨੂੰ ਲਾਗੂ ਕਰਕੇ ਵਿਭਾਗਾਂ ਦੀ ਕਾਰਜਕੁਸ਼ਲਤਾ ਵਿਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵਿਚ ਨਿਯੁਕਤ ਕੀਤੇ ਗਏ ਮੈਂਬਰ ਪੇਂਡੂ ਤੇ ਸ਼ਹਿਰੀ ਖੇਤਰ ਨਾਲ ਸਬੰਧਿਤ ਹਨ ਜਿਨ੍ਹਾਂ ਦਾ ਲੋਕਾਂ ਦੇ ਨਾਲ ਰਾਬਤਾ ਜੁੜਿਆ ਰਹਿੰਦਾ ਹੈ ਅਤੇ ਲੋਕ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਸਬੰਧੀ ਆਪਣੀਆਂ ਸਮੱਸਿਆਵਾਂ ਵੀ ਦੱਸਦੇ ਹਨ। ਉਨ੍ਹਾਂ ਕਿਹਾ ਕਿ ਇਹ ਸਮੱਸਿਆਵਾਂ ਮੈਂਬਰਾਂ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਣੀਆਂ ਹਨ। ਇਸ ਮੌਕੇ ਡਿਪਟੀ ਡੀ. ਈ. ਓ (ਸੈਕੰਡਰੀ) ਸ੍ਰੀਮਤੀ ਨਵਤੇਜ ਕੌਰ ਭੰਗੂ, ਜ਼ਿਲ੍ਹਾ ਗਾਈਡੈਂਸ ਕੌਂਸਲਰ ਗੁਰਪ੍ਰੀਤ ਸਿੰਘ, ਸੀਨੀਅਰ ਸਹਾਇਕ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਨਿਰਮਲ ਸਿੰਘ, ਕਪਿਲ ਮਹਾਜਨ, ਬ੍ਰਿਜ ਭੂਸ਼ਣ, ਸੁਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply