Friday, March 6, 2026

ਹੈਪਾਟਾਈਟਸ-ਸੀ ਤੋਂ ਬਚਾਅ ਲਈ ਜਾਗਰੂਕ ਹੋਣਾ ਬੇਹੱਦ ਜ਼ਰੂਰੀ- ਵਰੁਣ ਰੂਜਮ

PPN2807201611

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਹੈਪਾਟਾਈਟਸ-ਸੀ (ਕਾਲਾ ਪੀਲੀਆ) ਜਿਗਰ ਸਬੰਧੀ ਹੋਣ ਵਾਲੀ ਇਕ ਨਾਮੁਰਾਦ ਬਿਮਾਰੀ ਹੈ, ਜੋ ਮਰੀਜ਼ ਦੇ ਜਿਗਰ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਜਿਗਰ ਦੇ ਕੈਂਸਰ ਦਾ ਕਾਰਨ ਵੀ ਬਣ ਸਕਦੀ ਹੈ। ਇਸ ਲਈ ਇਸ ਬਿਮਾਰੀ ਤੋਂ ਬਚਾਅ ਲਈ ਸਾਨੂੰ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸਥਾਨਕ ਫੌਰ ਐਸ ਸਕੂਲ ਵਿਖੇ ਵਿਸ਼ਵ ਹੈਪਾਟਾਈਟਸ-ਸੀ ਦਿਵਸ ਮੌਕੇ ਕਰਵਾਏ ਗਏ ਵਿਸ਼ਾਲ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਸੰਸਥਾ ‘ਜੀ.ਆਈ ਰੋਂਦੇਵੂ’ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਵਿਕਾਸ ਬੋਰਡ ਵੱਲੋਂ ਹੈਪਾਟਾਈਟਿਸ-ਸੀ ਦੀ ਜਾਗਰੂਕਤਾ ਲਈ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ‘ਦ ਸਾਈਲੈਂਟ ਕਿੱਲਰ-ਹੈਪਾਟਾਈਟਸ-ਸੀ’ ਰਿਲੀਜ਼ ਕੀਤੀ, ਜਿਸ ਵਿਚ ਇਸ ਬਿਮਾਰੀ ਦੇ ਕਾਰਨਾਂ ਅਤੇ ਇਲਾਜ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਹੈ।
ਸ੍ਰੀ ਵਰੁਣ ਰੂਜਮ ਨੇ ਕਿਹਾ ਕਿ ਅਕਸਰ ਇਸ ਬਿਮਾਰੀ ਦੀ ਮੁਢਲੀ ਜਾਂਚ ਨਿੱਜੀ ਤੌਰ ‘ਤੇ ਕਰਵਾਉਣਾ ਮਰੀਜ਼ ਲਈ ਕਾਫੀ ਮਹਿੰਗਾ ਸਾਬਿਤ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਹੈਪਾਟਾਈਟਸ-ਸੀ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਪੰਜਾਬ ਹੈਪਾਟਾਈਟਸ-ਸੀ ਰਾਹਤ ਕੋਸ਼ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ 3 ਸਰਕਾਰੀ ਮੈਡੀਕਲ ਕਾਲਜਾਂ ਵਿਚ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਇਸ ਬਿਮਾਰੀ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਟੈਸਟ ਬਹੁਤ ਹੀ ਸਸਤੀਆਂ ਦਰਾਂ ‘ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਅਤੇ ਸਿਵਲ ਹਸਪਤਾਲ ਵਿਖੇ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ, ਜਿਸ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਦੇ ਇਲਾਜ ਲਈ ਚੰਡੀਗੜ੍ਹ ਜਾਂ ਕਿਸੇ ਹੋਰ ਵੱਡੇ ਸ਼ਹਿਰ ਵਿਚ ਜਾਣ ਦੀ ਲੋੜ ਨਹੀਂ ਰਹੀ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨਾਲ ਜੂਝ ਰਹੇ ਲੋਕਾਂ ਨੂੰ ਇਸ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਣਾ ਜ਼ਰੂਰੀ ਹੈ ਤਾਂ ਜੋ ਉਹ ਇਸ ਤੋਂ ਨਿਜ਼ਾਤ ਪਾ ਸਕਣ। ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦੀ ਬੇਹੱਦ ਤਾਰੀਫ਼ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਫ਼ਿਲਮ ਪੀੜਤ ਮਰੀਜ਼ਾਂ ਲਈ ਇਕ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਸ ਤਰ੍ਹਾਂ ਦੀ ਫ਼ਿਲਮ ਨੂੰ ਪੰਜਾਬੀ ਵਿਚ ਤਿਆਰ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕ ਬਹੁਤ ਚੰਗੀ ਤਰ੍ਹਾਂ ਇਸ ਨਾਮੁਰਾਦ ਬਿਮਾਰੀ ਪ੍ਰਤੀ ਜਾਗਰੂਕ ਹੋ ਸਕਣਗੇ।
ਇਸ ਮੌਕੇ ਡਾ. ਗੁਰਬਿਲਾਸ ਸਿੰਘ ਪੰਨੂੰ, ਡਾ. ਅਮਿਤਾਬ ਜੈਰਥ ਅਤੇ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ 6 ਤੋਂ 9 ਲੱਖ ਦੇ ਕਰੀਬ ਮਰੀਜ਼ ਇਸ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਦੱਸਿਆ ਕਿ ਹੈਪਾਟਾਈਟਸ-ਸੀ ਦੀ ਬਿਮਾਰੀ ਐਚ. ਆਈ. ਵੀ ਏਡਜ਼ ਦੀ ਤਰ੍ਹਾਂ ਹੈ, ਜੋ ਕਿ ਖ਼ੂਨ ਦੇ ਆਦਾਨ-ਪ੍ਰਦਾਨ ਨਾਲ ਵਾਇਰਸ ਜ਼ਰੀਏ ਫ਼ੈਲਦੀ ਹੈ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਵਰਤੀਆਂ ਗਈਆਂ ਸਰਿੰਜਾਂ, ਦੰਦਾਂ ਦੇ ਇਲਾਜ ਦੌਰਾਨ ਜਾਂ ਨਾਈਆਂ ਦੀ ਲਾਪਰਵਾਹੀ ਆਦਿ ਕਾਰਨ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਤੋਂ ਇਹ ਬਿਮਾਰੀ ਨਹੀਂ ਹੁੰਦੀ ਅਤੇ ਨਾ ਹੀ ਮਰੀਜ਼ ਨੂੰ ਮਿਲਣ, ਹੱਥ ਮਿਲਾਉਣ, ਚੁੰਮਣ ਆਦਿ ਨਾਲ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰਾਂ ਨਾਲੋਂ ਪਿੰਡਾਂ ਵਿਚ ਇਹ ਬਿਮਾਰੀ ਜ਼ਿਆਦਾ ਹੈ। ਇਸ ਮੌਕੇ ਫੋਰਟਿਸ ਦੇ ਡਾਇਰੈਕਟਰ ਡਾ. ਐਸ. ਪੀ ਸਿੰਘ, ਪ੍ਰਿੰਸੀਪਲ ਜਗਜੀਤ ਸਿੰਘ, ਡਾ. ਰਣਜੀਤ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply