Friday, April 24, 2026

ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਮੁਕੰਮਲ ਕਰਨ ਵਾਲੇ 150 ਸਿਖਿਆਰਥੀਆਂ ਨੂੰ ਸਰਟੀਫਿਕੇਟ ਤੇ ਟੂਲ ਕਿੱਟਾਂ ਤਕਸੀਮ

PPN1108201610
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਗਈ ਹੁਨਰ ਵਿਕਾਸ ਮੁਹਿੰਮ ਵਿਚ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ ਅਤੇ ਇਥੇ ਹੁਣ ਤੱਕ ਢਾਈ ਹਜ਼ਾਰ ਤੋਂ ਵੱਧ ਨੌਜਵਾਨ ਕਿੱਤਾਮੁਖੀ ਟ੍ਰੇਨਿੰਗ ਹਾਸਲ ਕਰਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਚੁੱਕੇ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ ਪੀ ਆਂਗਰਾ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਹੁਨਰ ਵਿਕਾਸ ਮੁਹਿੰਮ ਤਹਿਤ ਵੱਖ-ਵੱਖ ਕਿੱਤਿਆਂ ਦੀ ਮੁਫ਼ਤ ਟ੍ਰੇਨਿੰਗ ਮੁਕੰਮਲ ਕਰਨ ਵਾਲੇ ਪੰਜ ਬਲਾਕਾਂ ਦੇ 150 ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਸਰਟੀਫਿਕੇਟ ਅਤੇ ਟੂਲ ਕਿੱਟਾਂ ਤਕਸੀਮ ਕਰਨ ਮੌਕੇ ਕੀਤਾ।
ਸ੍ਰੀ ਆਂਗਰਾ ਨੇ ਕਿਹਾ ਕਿ ਅੰਮ੍ਰਿਤਸਰ ਹੁਨਰ ਵਿਕਾਸ ਦੇ ਖੇਤਰ ਵਿਚ ਇਕ ਮੋਹਰੀ ਜ਼ਿਲ੍ਹਾ ਬਣ ਕੇ ਉਭਰਿਆ ਹੈ ਅਤੇ ਇਥੇ ‘ਉੱਤਰੀ ਭਾਰਤ ਤਕਨੀਕੀ ਸਲਾਹਕਾਰ ਸੰਗਠਨ’ (ਨਿਟਕੋਨ) ਅਤੇ ਪਲਾਨਿੰਗ ਵਿਭਾਗ ਦੇ ਸਹਿਯੋਗ ਨਾਲ ਹਰੇਕ ਸਾਲ 2500 ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਅੱਗੇ ਪ੍ਰਾਈਵੇਟ ਅਦਾਰਿਆਂ ਵਿਚ ਨੌਕਰੀ ਅਤੇ ਆਪਣਾ ਕੰਮ ਸ਼ੁਰੂ ਕਰਨ ਵਾਲਿਆਂ ਨੂੰ ਸਰਕਾਰੀ ਅਦਾਰਿਆਂ ਤੋਂ ਲੋਨ ਦਿਵਾਉਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਅੱਜ ਜਿਨ੍ਹਾਂ ਪੰਜ ਬਲਾਕਾਂ ਦੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਅਤੇ ਟੂਲ ਕਿੱਟਾਂ ਤਕਸੀਮ ਕੀਤੀਆਂ ਗਈਆਂ, ਉਨ੍ਹਾਂ ਵਿਚ ਰਈਆ, ਜੰਡਿਆਲਾ, ਤਰਸਿੱਕਾ, ਵੇਰਕਾ ਅਤੇ ਹਰਸ਼ਾ ਛੀਨਾ ਬਲਾਕ ਸ਼ਾਮਿਲ ਸਨ। ਇਨ੍ਹਾਂ ਸਿੱਖਿਆਰਥੀਆਂ ਵਿਚ 120 ਲੜਕੇ ਅਤੇ 30 ਲੜਕੀਆਂ ਸ਼ਾਮਿਲ ਸਨ, ਜਿਨ੍ਹਾਂ ਨੇ ਇਲੈਕਟ੍ਰੀਸ਼ੀਅਨ, ਰੈਫਰੀਜਿਰੇਸ਼ਨ ਐਂਡ ਏਅਰ ਕੰਡੀਸ਼ਨਿੰਗ, ਇਨਵਰਟਰ ਰਿਪੇਅਰਿੰਗ ਐਂਡ ਅਸੈਂਬਲਿੰਗ ਅਤੇ ਬਿਊਟੀਸ਼ੀਅਨ ਆਦਿ ਟਰੇਡਾਂ ਵਿਚ ਟ੍ਰੇਨਿੰਗ ਹਾਸਲ ਕੀਤੀ ਹੈ। ਇਸ ਮੌਕੇ ਸਹਾਇਕ ਪ੍ਰਾਜੈਕਟ ਅਫ਼ਸਰ ਸ. ਕੰਵਰ ਸੁਖਜਿੰਦਰ ਸਿੰਘ, ‘ਨਿਟਕੋਨ’ ਦੇ ਮੈਨੇਜਰ ਸ੍ਰੀ ਸੁਨੀਲ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply