Monday, July 8, 2024

ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਦੇ ਨਾਲ ਜੁੜਿਆ ਹੋਇਆ ਹੈ ਪੰਜਾਬ ਦਾ ਸਮੁੱਚਾ ਵਿਕਾਸ – ਸੁਖਬੀਰ ਬਾਦਲ

PPN1208201614ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ)- ਪੰਜਾਬ ਦਾ ਸਮੁੱਚਾ ਵਿਕਾਸ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੇ ਨਾਲ ਜੁੜਿਆ ਹੋਇਆ ਹੈ, ਜਦੋਂ ਵੀ ਸ. ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ। ਇਹ ਪ੍ਰਗਟਾਵਾ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਨੇ ਅੱਜ ਪਠਾਨਕੋਟ ਵਿਖੇ 48.76 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਦੋ ਸੇਵਾ ਕੇਂਦਰਾਂ ਦਾ, 14.28 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦਾ, ਨਲਵਾ ਨਹਿਰ ‘ਤੇ 3.86 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੱਕੇ ਪੁਲ ਦਾ ਅਤੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਆਡੀਟੋਰੀਅਮ ਦਾ ਉਦਘਾਟਨ ਕਰਨ ਉਪਰੰਤ ਆਡੀਟੋਰੀਅਮ ਵਿਖੇ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ. ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਅੰਤਰ ਰਾਸ਼ਟਰੀ ਏਅਰਪੋਰਟ, ਮੋਹਾਲੀ ਏਅਰਪੋਰਟ, ਰਣਜੀਤ ਸਾਗਰ ਡੈਮ, ਚਾਰ ਮਾਰਗੀ ਸੜਕਾਂ ਅਤੇ ਹੋਰ ਵੱਡੇ ਪ੍ਰਾਜੈਕਟਾਂ ਦਾ ਨਿਰਮਾਣ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੇ ਸਮੇਂ ਹੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਚਾਰ ਮਾਰਗੀ ਸੜਕਾਂ ਦੇ ਨਿਰਮਾਣ ‘ਤੇ 25000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਹ ਕੰਮ ਛੇ ਮਹੀਨਿਆਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰਾਂ ਅਤੇ ਮੰਡੀਆਂ ਵਿੱਚ ਸੀਵਰੇਜ, ਪੀਣ ਵਾਲਾ ਸਾਫ਼ ਪਾਣੀ ਅਤੇ ਲਾਈਟਾਂ ਲਗਾਉਣ ਦਾ 100 ਪ੍ਰਤੀਸ਼ਤ ਕੰਮ ਆਉਂਦੇ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਪ੍ਰਾਜੈਕਟ ‘ਤੇ 5500 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਵਿਚੋਂ 300 ਕਰੋੜ ਰੁਪਏ ਪਠਾਨਕੋਟ ਸ਼ਹਿਰ ਵਿੱਚ ਹੀ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸ਼ਹਿਰਾਂ ਵਿੱਚ 322 ਸ਼ਹਿਰੀ ਸੇਵਾ ਕੇਂਦਰਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਇੱਕ ਮਹੀਨੇ ਦੌਰਾਨ ਪਿੰਡਾਂ ਵਿੱਚ ਬਣੇ 2800 ਸੇਵਾ ਕੇਂਦਰ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸੇਵਾ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਉਨ੍ਹਾਂ ਕਿਹਾ ਕਿ ਅਗਲੇ ਦੋ ਮਹੀਨਿਆਂ ਦੌਰਾਨ ਸਾਰੀਆਂ ਸੇਵਾਵਾਂ ਨੂੰ ਆਨ ਲਾਈਨ ਕਰ ਦਿੱਤਾ ਜਾਵੇਗਾ ਅਤੇ ਹਰ ਵਿਅਕਤੀ ਆਪਣੇ ਘਰ ਬੈਠੇ ਹੀ ਕੰਪਿਊਟਰ ਰਾਹੀਂ ਇੰਨ੍ਹਾਂ ਸੇਵਾਵਾਂ ਦਾ ਲਾਭ ਲੈ ਸਕੇਗਾ।
ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਪਠਾਨਕੋਟ ਵਿਖੇ ਸੰਗਤ ਦਰਸ਼ਨ ਲਗਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਾਲ ਨਾਲ ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦਾ ਨਹੂੰ ਮਾਸ ਦਾ ਰਿਸ਼ਤਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਇੱਕ ਮਿਹਨਤੀ ਅਤੇ ਸੁਝਵਾਨ ਆਗੂ ਹਨ। ਜਿੰਨ੍ਹਾਂ ਪਠਾਨਕੋਟ ਦੇ ਵਿਕਾਸ ਲਈ ਅਹਿਮ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ, ਜੋ ਵਿਕਾਸ ਪ੍ਰਾਜੈਕਟ ਚੱਲ ਰਹੇ ਹਨ, ਉਨ੍ਹਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ. ਬਾਦਲ ਨੇ ਪਠਾਨਕੋਟ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਿਹਨਤੀ ਵਿਧਾਇਕ ਨੂੰ ਦੁਬਾਰਾ ਵਿਧਾਇਕ ਬਨਾਉਣ ਤਾਂ ਜੋ ਉਹ ਮੰਤਰੀ ਬਣ ਕੇ  ਪਠਾਨਕੋਟ ਦੀ ਨੁਹਾਰ ਬਦਲ ਸਕਣ।
ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪਠਾਨਕੋਟ ਹਲਕੇ ਦੇ ਲੋਕਾਂ ਦੀ ਚਿਰਾ ਤੋਂ ਲਟਕਦੀ ਕਾਲਜ ਦੀ, ਆਡੀਟੋਰੀਅਮ ਅਤੇ ਪੁਲ ਦੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮਿੰਨੀ ਸਕੱਤਰੇਤ ਅਤੇ ਆਧੁਨਿਕ ਖੇਡ ਸਟੇਡੀਅਮ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਇੰਨ੍ਹਾਂ ਪ੍ਰਾਜੈਕਟਾਂ ਦਾ ਅਗਲੇ ਮਹੀਨੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਉਦਘਾਟਨ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਸਮੇਂ ਜਿੰਨ੍ਹੇਂ ਵੀ ਵਿਕਾਸ ਕੰਮ ਸ਼ੁਰੂ ਕਰਵਾਏ ਸਨ, ਉਨ੍ਹਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਹੈ। ਸ਼੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਸ਼੍ਰੀ ਅਨਿਲ ਰਾਮਪਾਲ ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਧੰਨਵਾਦ ਕੀਤਾ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਸ਼੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ, ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਪੰਜਾਬ, ਮਾਸਟਰ ਮਹੋਨ ਲਾਲ ਸਾਬਕਾ ਮੰਤਰੀ ਪੰਜਾਬ, ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਰਾਕੇਸ਼ ਕੌਸ਼ਲ ਐਸ.ਐਸ.ਪੀ., ਸੁਰਿੰਦਰ ਸਿੰਘ ਕਮਿਸ਼ਨਰ ਨਗਰ ਨਿਗਮ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੋਵਰਧਨ ਗੋਪਾਲ ਸ਼ਰਮਾ ਚੇਅਰਮੈਨ ਜ਼ਿਲ੍ਹਾ  ਪ੍ਰੀਸ਼ਦ, ਹਰਦੀਪ ਸਿੰਘ ਲਮੀਣੀ ਦਿਹਾਤੀ ਪ੍ਰਧਾਨ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ, ਮਾਸਟਰ ਹਰਭਜਨ ਲਾਲ ਸ਼ਹਿਰੀ ਪ੍ਰਧਾਨ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ, ਵਿਪਨ ਮਹਾਜਨ ਚੇਅਰਮੈਨ, ਰਾਕੇਸ਼ ਸ਼ਰਮਾ, ਗੁਰਦੀਪ ਸਿੰਘ ਦੀਪੀ, ਜਸਵੰਤ ਸਿੰਘ ਰਾਣੀਪੁਰ ਅਤੇ ਅਕਾਲੀ ਭਾਜਪਾ ਦੇ ਉੱਘੇ ਨੇਤਾ ਹਾਜ਼ਰ ਸਨ। ਇਸ ਮੌਕੇ ‘ਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply