Monday, July 8, 2024

ਵਿਦੇਸ਼ਾਂ ਦੀਆਂ ਸਰਕਾਰਾਂ ਤੇ ਅੰਬੈਸੀਆਂ ਨੂੰ ਭੇਜਿਆ ਜਾਵੇਗਾ ਸਿੱਖਾਂ ਦੀ ਪਹਿਚਾਣ ਸਬੰਧੀ ਕਿਤਾਬਚਾ

PPN1208201617ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਘਰ ਵਿਖੇ ਹੋਈ।ਜਿਸ ਵਿੱਚ ਅਮਲਾ ਵਿਭਾਗ, ਟਰੱਸਟ ਵਿਭਾਗ, ਵਿਦਿਅਕ ਅਦਾਰੇ ਅਤੇ ਸੈਕਸ਼ਨ 85 ਤੇ 87 ਦੇ ਗੁਰਦੁਆਰਾ ਸਾਹਿਬਾਨ ਦੇ ਕੇਸਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਕੱਤਰਤਾ ਦੀ ਆਰੰਭਤਾ ਮੂਲ ਮੰਤਰ ਦੇ ਜਾਪ ਕਰਕੇ ਕੀਤੀ ਗਈ।
ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਕੈਲੀਫੋਰਨੀਆਂ ਦੇ ਯੂਨੀਅਨ ਸਿਟੀ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦਾ ਗੁਟਕਾ ਸਾਹਿਬ ਪਾੜ ਕੇ ਸੁੱਟਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਨਿਖੇਧੀ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀ ਮਤੀ ਸੁਸ਼ਮਾ ਸਵਰਾਜ ਨੂੰ ਕੈਲੀਫੋਰਨੀਆਂ ਸਰਕਾਰ ਨਾਲ ਰਾਫ਼ਤਾ ਕਾਇਮ ਕਰਕੇ ਜਿਸ ਵੀ ਕਿਸੇ ਵਿਅਕਤੀ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਅਪੀਲ ਕੀਤੀ ਗਈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜਲਦ ਹੀ ਇਕ ਬਰੋਸ਼ਰ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਸਿੱਖਾਂ ਦੀ ਪਹਿਚਾਣ, ਮਰਿਯਾਦਾ ਅਤੇ ਪ੍ਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਹ ਬਰੋਸ਼ਰ ਵਿਦੇਸ਼ਾਂ ਦੀਆਂ ਸਰਕਾਰਾਂ ਤੇ ਅੰਬੈਸੀਆਂ ਨੂੰ ਭੇਜਿਆ ਜਾਵੇਗਾ ਤਾਂ ਜੋ ਉਥੋਂ ਦੇ ਬਸ਼ਿੰਦਿਆਂ ਨੂੰ ਸਿੱਖਾਂ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਜਦ ਵੀ ਕੋਈ ਸਿੱਖ ਅਮਰੀਕਾ ਜਾਂਦਾ ਹੈ ਜੇਕਰ ਉਸ ਦੇ ਪਾਸਪੋਰਟ ਉਪਰ ਪਾਕਿਸਤਾਨ ਦਾ ਵੀਜ਼ਾ ਲੱਗਾ ਹੁੰਦਾ ਹੈ ਤਾਂ ਉਸ ਨੂੰ ਅਮਰੀਕਾ ਦਾ ਇਮੀਗ੍ਰੇਸ਼ਨ ਵਿਭਾਗ ਪ੍ਰੇਸ਼ਾਨ ਕਰਦਾ ਹੈ ਅਤੇ ਸ਼ੱਕ ਦੀ ਨਜ਼ਰ ਨਾਲ ਦੇਖਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਪੱਤਰ ਲਿਖ ਕੇ ਇਹ ਦੱਸਣ ਦਾ ਯਤਨ ਕੀਤਾ ਜਾਵੇਗਾ ਕਿ ਦੁਨੀਆਂ ਭਰ ਦੇ ਸਿੱਖ ਅਕਸਰ ਹੀ ਆਪਣੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾਂਦੇ ਰਹਿੰਦੇ ਹਨ।ਇਸ ਕਰਕੇ ਅਮਰੀਕਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਿੱਖਾਂ ਨੂੰ ਉਨ੍ਹਾਂ ਦੇ ਪਾਸਪੋਰਟ ‘ਤੇ ਪਾਕਿਸਤਾਨ ਦਾ ਵੀਜ਼ਾ ਲੱਗਾ ਹੋਣ ਕਾਰਨ ਪ੍ਰੇਸ਼ਾਨ ਨਾ ਕੀਤਾ ਜਾਵੇ।ਉਨ੍ਹਾਂ ਰਾਏਕੋਟ ਤੋਂ ਚੱਲੀ ਜਗਰਾਓਂ ਰੋਡਵੇਜ ਦੀ ਬੱਸ ਵਿੱਚ ਕਿਸੇ ਵਿਅਕਤੀ ਵੱਲੋਂ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਪਤਰੇ ਪਾੜ ਕੇ ਸੁੱਟੇ ਜਾਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਅਟਾਰੀ ਰੇਲਵੇ ਸਟੇਸ਼ਨ, ਇੰਟਰਨੈਸ਼ਨਲ ਏਅਰਪੋਰਟ ਦਿੱਲੀ, ਚੰਡੀਗੜ੍ਹ, ਅੰਮ੍ਰਿਤਸਰ ਤੋਂ ਇਲਾਵਾ ਪੰਜਾਬ ਦੇ ਹੋਰ ਡੋਮੈਸਟਿਕ ਹਵਾਈ ਅੱਡਿਆਂ ‘ਤੇ ਉਥੋਂ ਦੀਆਂ ਸਰਕਾਰਾਂ ਨਾਲ ਰਾਫ਼ਤਾ ਕਾਇਮ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਈ ਜਾਵੇਗੀ ਤਾਂ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਯਾਤਰੂਆਂ ਨੂੰ ਸਿੱਖੀ ਦੇ ਮੁਕੱਦਸ ਅਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪਾਕਿਸਤਾਨ ਸਰਕਾਰ ਤੇ ਅੰਬੈਂਸੀ ਨਾਲ ਰਾਫਤਾ ਕਾਇਮ ਕਰਕੇ ਵੱਧ ਤੋਂ ਵੱਧ ਵੀਜ਼ਿਆਂ ਦੀ ਪ੍ਰਵਾਨਗੀ ਲਈ ਅਪੀਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਾਰਤ ਦੇ ਵੱਖ-ਵੱਖ ਰਾਜਾਂ ਦੇ ਸ਼ਹਿਰਾਂ ਵਿੱਚ ਜਿੰਨੇ ਵੀ ਗੁਰਦੁਆਰਾ ਸਾਹਿਬਾਨ ਹਨ ਉਥੇ ਸਥਾਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਰਜਿਸਟਰੇਸ਼ਨ ਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਡਾਟਾ ਇੱਕਠਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਡਿਊਟੀ ਨਿਭਾਉਂਦੇ ਰਹੇ ਕਰਮਚਾਰੀ ਜੋ ਸਰਵਿਸ ਦੌਰਾਨ ਸਵਰਗਵਾਸ ਹੋ ਗਏ ਹਨ ਦੇ ਪੰਜ ਪਰਿਵਾਰਾਂ ਵੱਲੋਂ ਪੁੱਜੀ ਮੰਗ ਦੇ ਆਧਾਰ ਪੁਰ ਉਨ੍ਹਾਂ ਦੇ ਇਕ ਮੈਂਬਰ ਨੂੰ ਤਰਸ ਦੇ ਆਧਾਰ ਤੇ ਸਰਵਿਸ ਵਿਚ ਰੱਖਣ ਲਈ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸਵ: ਸ਼ਿਵ ਸਿੰਘ ਖੁਸ਼ੀਪੁਰ ਤੇ ਜਥੇਦਾਰ ਅਮਰਜੀਤ ਸਿੰਘ ਭਾਟੀਆ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਜੰਮੂ-ਕਸ਼ਮੀਰ ਵਿੱਚ ਸਿੱਖਾਂ ਦੇ ਹਾਲਾਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ, ਜੰਮੂ-ਕਸ਼ਮੀਰ ਦੇ ਰਾਜਪਾਲ ਐਨ ਐਨ ਵੋਹਰਾ ਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਸੱਯਦ ਨੂੰ ਪੱਤਰ ਲਿਖ ਕੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਕਰਨ ਲਈ ਅਪੀਲ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੋਹਰੀ ਰੋਲ ਨਿਭਾਉਂਦੇ ਹੋਏ ਜੰਮੂ-ਕਸ਼ਮੀਰ ਵਿਖੇ ਪਿਛੇ ਜਿਹੇ ਆਏ ਹੜ੍ਹਾਂ ਦੀ ਭਾਰੀ ਮਾਰ ਕਾਰਨ ਹੋਏ ਨੁਕਸਾਨ ਸਬੰਧੀ ਕਸ਼ਮੀਰੀ ਲੋਕਾਂ ਦੀ ਮੰਗ ਅਨੁਸਾਰ ਹਰ ਸੰਭਵ (ਡਾਕਟਰੀ ਸਹਾਇਤਾ, ਕੱਪੜੇ-ਬਿਸਤਰੇ, ਸੁੱਕੀ ਰਸਦ, ਲੰਗਰ, ਮਕਾਨਾਂ ਦੀ ਮੁਰੰਮਤ, ਬੱਚਿਆਂ ਦੀ ਪੜਾਈ ਅਤੇ ਨਗਦ ਰਾਸ਼ੀ) ਸਹਾਇਤਾ ਕੀਤੀ ਗਈ ਸੀ, ਪਰ ਉਥੇ ਰਹਿ ਰਹੇ ਸਿੱਖਾਂ ਨੂੰ ਘਰਾਂ ਵਿੱਚ ਕੈਦੀਆਂ ਵਾਂਗ ਬੰਦ ਰਹਿਣ ਲਈ ਮਜ਼ਬੂਰ ਕਰਨਾ ਕਿਸੇ ਵੀ ਕੀਮਤ ਤੇ ਜਾਇਜ਼ ਨਹੀਂ ਹੈ।
ਇਕੱਤਰਤਾ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਪਰਤ ਰਹੇ 11 ਸਿੱਖ ਯਾਤਰੀਆਂ ਨੰ ਪੀਲੀਭੀਤ (ਯੂ.ਪੀ) ਵਿਖੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਦੇਣ ਕਾਰਨ ਸਬੰਧਤਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਲੜਕੀਆਂ ਦੀ ਹਾਕੀ ਅਕੈਡਮੀ ਨੂੰ 30 ਲੱਖ ਰੁਪਏ ਦੀ ਸਹਾਇਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਪਟਿਆਲਾ ਦੇ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ, ਖੂਨਦਾਨ ਕੈਂਪ ਅਤੇ ਧਾਰਮਿਕ ਗਤੀਵਿਧੀਆਂ ਕਰਵਾਉਣ ਲਈ 1 ਲੱਖ ਰੁਪਏ ਦੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਅਧੀਨ ਆਉਂਦੇ ਏ ਗਰੇਡ ਕਟਾਗਿਰੀ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਬਾਰਸ਼ਾਂ ਦੇ ਪਾਣੀ ਨੂੰ ਸੰਭਾਲਣ ਲਈ ਵਾਟਰ ਸੇਵ ਟਰੀਟਮੈਂਟ ਪਲਾਂਟ ਲਗਾਏ ਜਾਣਗੇ।ਉਨ੍ਹਾਂ ਕਿਹਾ ਕਿ ਪ੍ਰਧਾਨ ਅਤੇ ਸਾਧ ਸੰਗਤ ਗੁਰਦੁਆਰਾ ਸਾਹਿਬ ਪਿੰਡ ਦਰਗਾਵਾਲ, ਤਹਿਸੀਲ ਨਕੋਦਰ (ਜਲੰਧਰ) ਦੇ ਗ੍ਰੰਥੀ ਸਿੰਘ ਦਾ ਐਕਸੀਡੈਂਟ ਹੋਣ ਕਾਰਨ ਇਲਾਜ ਕਰਵਾਉਣ ਲਈ ਧਰਮ ਅਰਥ ਫੰਡਾਂ ਵਿਚੋਂ 20 ਹਜ਼ਾਰ ਰੁਪਏ ਸਹਾਇਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ  ਜਨਕ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਬਾਰਾਮੂਲਾ (ਕਸ਼ਮੀਰ) ਦੀ ਮੰਗ ਅਨੁਸਾਰ ਅੰਮ੍ਰਿਤਸਰ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਮਾਨਾਂਵਾਲਾ ਵਿਖੇ ਬੀ. ਟੈਕ ਸਿਵਲ ਇੰਜੀਨੀਅਰਿੰਗ ਸਮੈਸਟਰ ਤੀਜੇ ਵਿੱਚ ਪੜ੍ਹਾਈ ਕਰ ਰਹੀ ਵਿਦਿਆਰਥਣ ਸਮਰਪ੍ਰੀਤ ਕੌਰ ਨੂੰ 30 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਨਵੰਬਰ 2016 ਸਮੇਂ ਭੇਜੇ ਜਾਣ ਵਾਲੇ ਯਾਤਰੀ ਜਥੇ ਪੁਰ ਹੋਣ ਵਾਲੇ ਸਮੁੱਚੇ ਖਰਚਿਆਂ ਨੂੂੰ ਪ੍ਰਵਾਨਗੀ ਦਿੱਤੀ ਗਈ ਹੈ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਇਸ ਨਾਲ ਸਬੰਧਤ ਹੋਰ ਇਤਿਹਾਸਕ ਗੁਰਦਆਰਾ ਸਾਹਿਬਾਨਾਂ ਵਿੱਚ ਹਰੇ-ਭਰੇ, ਸ਼ਾਨਦਾਰ ਤੇ ਫੁੱਲਦਾਰ ਬੂਟੇ ਲਗਾਏ ਜਾਣਗੇ।
ਅੱਜ ਦੀ ਇਕੱਤਰਤਾ ਵਿੱਚ  ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ,  ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿੰਗ ਮੈਂਬਰਾਨ ਰਜਿੰਦਰ ਸਿੰਘ ਮਹਿਤਾ, ਦਿਆਲ ਸਿੰਘ ਕੋਲਿਆਂਵਾਲੀ, ਕਰਨੈਲ ਸਿੰਘ ਪੰਜੋਲੀ, ਗੁਰਬਚਨ ਸਿੰਘ ਕਰਮੂੰਵਾਲ,  ਰਾਮਪਾਲ ਸਿੰਘ ਬਹਿਣੀਵਾਲ, ਨਿਰਮੈਲ ਸਿੰਘ ਜੌਲਾਂ ਕਲਾਂ ਤੇ ਸੁਰਜੀਤ ਸਿੰਘ ਗੜ੍ਹੀ, ਬੀਬੀ ਸੁਰਿੰਦਰ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ  ਅਵਤਾਰ ਸਿੰਘ ਸਕੱਤਰ,  ਦਿਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਸਰੋਆ, ਬਿਜੈ ਸਿੰਘ,  ਕੇਵਲ ਸਿੰਘ, ਮਹਿੰਦਰ ਸਿੰਘ ਆਹਲੀ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ,  ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਗੁਰਮੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਬਲਜਿੰਦਰ ਸਿੰਘ ਮੈਨੇਜਰ ਤੇ  ਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ,  ਮਨਿੰਦਰ ਮੋਹਣ ਸਿੰਘ,  ਗੁਰਨਾਮ ਸਿੰਘ ਤੇ  ਗੁਰਦਿਆਲ ਸਿੰਘ ਇੰਚਾਰਜ ਅਤੇ  ਹਰਜਿੰਦਰ ਸਿੰਘ ਸੁਪਰਵਾਈਜ਼ਰ ਆਦਿ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply