
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ)- 70ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਅੱਜ ਸਟੇਡੀਅਮ ਵਿਖੇ ਕੀਤੀ ਗਈ ਜਿਸ ਦਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਪੁਲਿਸ ਕਮਿਸ਼ਨਰ ਸ. ਅਮਰ ਸਿੰਘ ਚਾਹਲ ਨੇ ਜਾਇਜ਼ਾ ਲਿਆ।
ਇਸ ਮੌਕੇ ਪਰੇਡ ਕਮਾਂਡਰ ਡੀ. ਐਸ. ਪੀ ਰਮਨਦੀਪ ਸਿੰਘ ਭੁੱਲਰ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ‘ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਇਨਾਮਾਂ ਤੇ ਸਨਮਾਨਾਂ ਦੀ ਵੰਡ ਸਮੇਤ ਵੱਖ-ਵੱਖ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 15 ਅਗਸਤ 1947 ਨੂੰ ਸਾਡਾ ਮੁਲਕ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਸੀ ਅਤੇ ਸਮੂਹ ਦੇਸ਼ ਵਾਸੀਆਂ ਲਈ ਇਹ ਗੌਰਵਮਈ ਦਿਨ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿਚ ਉਹ ਆਪਣੇ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕਰਨ। ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਇਕ ਰਿਵੀਊ ਮੀਟਿੰਗ ਕਰਦਿਆਂ ਕਿਹਾ ਕਿ ਦੇਸ਼ ਭਗਤੀ ਦਾ ਜਜ਼ਬਾ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਕਾਇਮ ਰੱਖਦੇ ਹੋਏ ਸਾਰੇ ਅਧਿਕਾਰੀ ਤੇ ਕਰਮਚਾਰੀ ਇਸ ਸਮਾਗਮ ਨੂੰ ਕੇਵਲ ਸਰਕਾਰੀ ਸਮਾਗਮ ਤੱਕ ਸੀਮਤ ਨਾ ਰੱਖਣ ਸਗੋਂ ਇਸ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ।
ਪੁਲਿਸ ਕਮਿਸ਼ਨਰ ਸ. ਅਮਰ ਸਿੰਘ ਚਾਹਲ ਨੇ ਇਸ ਮੌਕੇ ਕਿਹਾ ਕਿ ਸਮਾਗਮ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸੁਤੰਤਰਤਾ ਦਿਵਸ ਸਮਾਰੋਹ ਨੂੰ ਦੇਖਣ ਲਈ ਪੁੱਜਣ ਵਾਲੇ ਲੋਕਾਂ ਦੇ ਸੁਖਾਵੇਂ ਦਾਖਲੇ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਟੇਡੀਅਮ ਵੱਲ ਆਉਣ ਵਾਲੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਕਿੰਗ ਆਦਿ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਡੀ. ਸੀ. ਪੀ ਸ੍ਰੀ ਐਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ. ਡੀ. ਐਮ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ-2 ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕ ਡਾ. ਅਜੇ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ …
Punjab Post Daily Online Newspaper & Print Media