Sunday, October 6, 2024

ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਲਹਿਰਾਇਆ ਕੌਮੀ ਝੰਡਾ

ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰੇ ਨੂੰ ਭੰਗ ਕਰਨ ਦੀਆਂ ਕੋਸ਼ਿਸਾਂ ਸਫਲ ਨਹੀਂ ਹੋਣਗੀਆਂ

PPN1508201605

ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ ਸੱਗੂ) – 70ਵਾਂ ਆਜ਼ਾਦੀ ਦਿਹਾੜਾ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਪੁਲਿਸ ਕਮਿਸ਼ਨਰ ਸ. ਅਮਰ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਸਨ। ਪਰੇਡ ਕਮਾਂਡਰ ਡੀ.ਐਸ.ਪੀ ਰਮਨਦੀਪ ਸਿੰਘ ਭੁੱਲਰ ਦੀ ਅਗਵਾਈ ਵਿਚ ਪੁਲਿਸ, ਹੋਮਗਾਰਡਜ਼, ਐਨ. ਸੀ. ਸੀ ਕੈਡਿਟਾਂ, ਐਨ.ਐਸ.ਐਸ ਸਕਾਊਟਸ, ਗਰਲ ਗਾਈਡਜ਼ ਨੇ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ ਜਦ ਕਿ ਪੁਲਿਸ ਅਤੇ ਸਕੂਲ ਬੈਂਡ ਨੇ ਸਮਾਗਮ ਨੂੰ ਸੰਗੀਤਕ ਰੰਗਤ ਦਿੱਤੀ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਇਸ ਮੌਕੇ ਦੇਸ਼ ਭਗਤੀ ਨਾਲ ਸਬੰਧਤ ਸ਼ਾਨਦਾਰ ਕੋਰੀਓਗ੍ਰਾਫੀਆਂ, ਗਿੱਧੇ ਤੇ ਭੰਗੜੇ ਰਾਹੀਂ ਸਭਨਾਂ ਦਾ ਮਨ ਮੋਹ ਲਿਆ ਜਿਸ ਤੋਂ ਖੁਸ਼ ਹੋ ਕੇ ਸ. ਬਾਦਲ ਨੇ ਸਕੂਲੀ ਬੱਚਿਆਂ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦੇਣ ਐਲਾਨ ਕੀਤਾ। ਉਨ੍ਹਾਂ ਮੰਗਲਵਾਰ 16 ਅਗਸਤ ਨੂੰ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀ ਦਾ ਵੀ ਐਲਾਨ ਕੀਤਾ। PPN1508201606
ਸ. ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਭਗਤਾਂ ਅਤੇ ਸੂਰਬੀਰਾਂ ਨੇ ਬੜੇ ਮਹਿੰਗੇ ਮੁੱਲ ਆਜ਼ਾਦੀ ਲਈ ਹੈ ਅਤੇ ਸਾਡਾ ਇਹ ਫਰਜ਼ ਹੈ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜੀਏ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਦੇ ਮੁਬਾਰਕ ਦਿਨ ‘ਤੇ ਜਿਥੇ ਉਹ ਸਾਰੇ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਕੋਟਨ-ਕੋਟ ਪ੍ਰਣਾਮ ਕਰਦੇ ਹਨ ਉਥੇ ਭਾਰਤੀ ਫ਼ੌਜ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਾਬਾਜ਼ਾਂ ਨੂੰ ਵੀ ਮੁਬਾਰਕਬਾਦ ਪੇਸ਼ ਕਰਦੇ ਹਨ, ਜੋ ਸਮੇਂ-ਸਮੇਂ ‘ਤੇ
ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਵਾਧੂ ਬਿਜਲੀ ਵਾਲਾ ਸੂਬਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਥੇ 2007 ਵਿਚ ਬਿਜਲੀ ਉਤਪਾਦਨ 6201 ਮੈਗਾਵਾਟ ਸੀ, ਉਹ ਹੁਣ ਵੱਧ ਕੇ 11000 ਮੈਗਾਵਾਟ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ 10 ਲੱਖ ਕਿਸਾਨਾਂ ਨੂੰ ਸਾਲਾਨਾ 6000 ਕਰੋੜ ਰੁਪਏ ਦੀ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੇ ਮੌਜੂਦਾ ਛੋਟੀਆਂ ਸਨਅਤਾਂ ਨੂੰ ਮੁਲਕ ਵਿਚ ਸਭ ਤੋਂ ਘੱਟ ਰੇਟ ‘ਤੇ ਬਿਜਲੀ ਮੁਹੱਈਆ ਕਰਵਾਉਣ ਦਾ ਮੀਲ ਪੱਥਰ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਲਰ ਰੂਫਟਾਪ ਜ਼ਰੀਏ ਬਿਜਲੀ ਪੈਦਾ ਕਰਨ ਦੇ ਮਾਮਲੇ ਵਿਚ ਪੰਜਾਬ ਨੰਬਰ ਇਕ ਸੂਬਾ ਹੈ।
ਪ੍ਰਸ਼ਾਸਕੀ ਸੁਧਾਰਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਇਤਿਹਾਸਕ ਕਦਮ ਤਹਿਤ ਸੂਬੇ ਭਰ ਵਿਚ 2147 ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਹੈ, ਜਿਨ੍ਹਾਂ ਵਿਚੋਂ 389 ਸ਼ਹਿਰੀ ਸੇਵਾ ਕੇਂਦਰਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਦਕਿ ਦਿਹਾਤੀ ਖੇਤਰਾਂ ਵਿਚਲੇ ਸੇਵਾ ਕੇਂਦਰ ਵੀ ਜਲਦ ਹੀ ਕੰਮ ਕਰਨਾ ਸ਼ੁਰੂ ਕਰ ਦੇਣਗੇ।ਸਮਾਜ ਦੇ ਕਮਜ਼ੋਰ ਤਬਕੇ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ ਸਸਤਾ ਆਟਾ-ਦਾਲ ਸਕੀਮ, ਸ਼ਗਨ ਸਕੀਮ, ਪੈਨਸ਼ਨ ਅਤੇ ਫ਼ਜੀਫਾ ਸਕੀਮਾਂ ਦੀ ਸ਼ੁਰੂਆਤ ਕੀਤੀ ਹੈ ਜਿਸ ਦਾ ਲੱਖਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਖ਼ਤ ਮਿਹਨਤ ਕਰਨ ਵਾਲੇ ਸਾਰੇ ਲੋਕਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਲਿਆਂਦਾ ਹੈ, ਜਿਨ੍ਹਾਂ ਵਿਚ ਕਿਸਾਨ, ਵਪਾਰੀ, ਉਸਾਰੀ ਕਿਰਤੀ ਅਤੇ ਨੀਲੇ ਕਾਰਡ ਧਾਰਕ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ 30 ਲੱਖ ਪਰਿਵਾਰਾਂ ਨੂੰ ਸਬਸਿਡੀ ‘ਤੇ ਆਟਾ-ਦਾਲ ਮੁਹੱਈਆ ਕਰਵਾਉਣ ਤੋਂ ਇਲਾਵਾ ਬੁਢਾਪਾ ਪੈਨਸ਼ਨ ਨੂੰ ਦੁੱਗਣਾ ਕੀਤਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸੜਕੀ ਢਾਂਚੇ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਤਕਰੀਬਨ 30 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ 4-6 ਮਾਰਗੀ ਬਣਾ ਦਿੱਤਾ ਗਿਆ ਹੈ।ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਕਰਨ ਲਈ ਜਲਦ ਹੀ ਸੂਬੇ ਵਿਚ 300 ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ, ਜਿਥੇ ਹਰੇਕ ਸਾਲ 1.50 ਲੱਖ ਨੌਜਵਾਨਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਡੀ ਪੱਧਰ ‘ਤੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮਨਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬੀ ਸੂਬਾ ਲਹਿਰ ਅਤੇ ਐਮਰਜੈਂਸੀ ਖਿਲਾਫ਼ ਕੁਰਬਾਨੀਆਂ ਕਰਨ ਵਾਲੇ ਸੰਘਰਸ਼ੀ ਯੋਧਿਆਂ ਨੂੰ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ।
ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਿਥੇ 2500 ਕਰੋੜ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟ ਮੁਕੰਮਲ ਹੋਣ ਕੰਢੇ ਹਨ। ਇਥੇ ਜਿਥੇ ਸੜਕਾਂ ਅਤੇ ਪੁਲਾਂ ਦਾ ਵੱਡੀ ਪੱਧਰ ‘ਤੇ ਨਿਰਮਾਣ ਕੀਤਾ ਜਾ ਰਿਹਾ ਹੈ, ਉਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਜ਼ਾ ਅਤੇ ਜੀ.ਟੀ ਰੋਡ ‘ਤੇ ਐਂਟਰੀ ਗੇਟ ਦੀ ਉਸਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਭਗਵਾਨ ਵਾਲਮੀਕਿ ਜੀ ਸਥਲ ਦੇ ਵਿਕਾਸ ਅਤੇ ਸ੍ਰੀ ਦੁਰਗਿਆਨਾ ਮੰਦਿਰ ਦੇ ਸੁੰਦਰੀਕਰਨ ਦਾ ਕੰਮ ਚੱਲ ਰਿਹਾ ਹੈ। ਹੈਰੀਟੇਜ ਵਿਲੇਜ, ਅਰਬਨ ਹਾਟ ਅਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦਾ ਨਿਰਮਾਣ ਕਰਨ ਤੋਂ ਇਲਾਵਾ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਨਵੀਨੀਕਰਨ ‘ਤੇ ਵੀ ਵੱਡੀ ਰਾਸ਼ੀ ਖਰਚ ਹੋ ਰਹੀ ਹੈ। ਆਵਾਜਾਈ ਨੂੰ ਵਿਸ਼ਵ ਪੱਧਰੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਬੀ.ਆਰ.ਟੀ.ਐਸ ਪ੍ਰਾਜੈਕਟ ‘ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ ਮਹੀਨਿਆਂ ਤੱਕ ਵਿਕਾਸ ਕਾਰਜ ਮੁਕੰਮਲ ਹੋਣ ਤੋਂ ਬਾਅਦ ਅੰਮ੍ਰਿਤਸਰ ਵਿਸ਼ਵ ਦੇ ਸਭ ਤੋਂ ਸੁੰਦਰ ਸ਼ਹਿਰਾਂ ਵਿਚ ਸ਼ੁਮਾਰ ਹੋ ਜਾਵੇਗਾ।
ਇਸ ਮੌਕੇ ਉਨ੍ਹਾਂ ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਤਕਸੀਮ ਕੀਤੀਆਂ। ਇਸ ਤੋਂ ਇਲਾਵਾ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਵੀ ਸਨਮਾਨਿਤ ਕੀਤਾ। ਇਸੇ ਤਰ੍ਹਾਂ ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖਸੀਅਤਾਂ, ਪੜ੍ਹਾਈ ਅਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਹੋਇਆ। ਇਸ ਮੌਕੇ ਮੈਂਬਰ ਪਾਰਲੀਮੈਂਟ ਸ੍ਰੀ ਸ਼ਵੇਤ ਮਲਿਕ, ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਤੇ ਬਾਵਾ ਸਿੰਘ ਗੁਮਾਨਪੁਰਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਨਗਰ ਨਿਗਮ ਦੇ ਮੇਅਰ ਬਖਸ਼ੀ ਰਾਮ ਅਰੋੜਾ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂਵਾਲਾ, ਡਿਪਟੀ ਮੇਅਰ ਅਵਿਨਾਸ਼ ਜੌਲੀ, ਮੈਡਮ ਰੀਨਾ ਜੇਤਲੀ, ਉੱਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ. ਐਸ ਔਜਲਾ, ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਮੈਡਮ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ ਤਜਿੰਦਰ ਪਾਲ ਸਿੰਘ ਸੰਧੂ ਅਤੇ ਐਸ ਪੀ ਆਂਗਰਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply