Sunday, October 6, 2024

ਅਕਾਲ ਖਾਲਸਾ ਦਲ ਵੱਲੋਂ ਮਨਾਇਆ ਗਿਆ ਸ਼ਹੀਦ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ

ਤਰਨ ਤਾਰਨ, 16 ਅਗਸਤ (ਪੰਜਾਬ ਪੋਸਟ ਬਿਊਰੋ) – ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸ਼ਹੀਦ ਮੋਢੀ ਜੱਥੇਦਾਰ ਭਾਈ ਸੁਖਦੇਵ ਸਿੰਘ ਬੱਬਰ ਦਾ ਮਹਾਨ ਸ਼ਹੀਦੀ ਦਿਹਾੜਾ 14 ਅਗਸਤ ਨੂੰ ਉਹਨਾਂ ਦੇ ਜੱਦੀ ਪਿੰਡ ਮੰਡੀ ਦਾਸੂਵਾਲ, ਜਿਲ੍ਹਾ ਤਰਨ ਤਾਰਨ ਦੇ ਗੁਰਦਵਾਰਾ ਸ਼ਹੀਦ ਬਾਬਾ ਬੀਰ ਸਿੰਘ ਵਿਖੇ ਅਕਾਲ ਖਾਲਸਾ ਦਲ ਵੱਲੋਂ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ, ਯੂ.ਕੇ, ਯੂਰਪ, ਅਮਰੀਕਾ, ਕਨੇਡਾ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।
ਇਸ ਮੌਕੇ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਬੁਲਾਰਿਆਂ ਨੇ ਜਥੇਦਾਰ ਸੁਖਦੇਵ ਸਿੰਘ ਬੱਬਰ ਵੱਲੋਂ ਮੌਜੂਦਾ ਸਿੱਖ ਸੰਘਰਸ਼ ਵਿਚ ਪਾਏ ਉੱਘੇ ਯੋਗਦਾਨ ਲਈ ਸ਼ਰਧਾਂਜਲੀ ਭੇਟ ਕੀਤੀ।ਸ਼ਹੀਦੀ ਸਮਾਗਮ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਵਾਦਿਤ ਢੰਗ ਨਾਲ ਬਰਖਾਸਤ ਕੀਤੇ ਪੰਜ ਪਿਆਰੇ ਸਹਿਬਾਨਾਂ ਨੇ ਵੀ ਇਸ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ ।
ਜਥੇਦਾਰ ਬਲਦੇਵ ਸਿੰਘ (ਮੁੱਖੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ)ਨੇ ਸੰਗਤਾਂ ਨੂੰ ਸ਼ਹੀਦ ਜਥੇਦਾਰ ਸੁਖਦੇਵ ਸਿੰਘ ਬੱਬਰ ਦੇ ਸ਼ੰਘਰਸ਼ੀਲ਼ ਜੀਵਨ ਤੋਂ ਜਾਣੂ ਕਰਵਾਇਆ।ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਸਤਨਾਮ ਸਿੰਘ ਪਾਉਂਟਾ ਸਾਹਿਬ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ 70 ਸਾਲ ਪਹਿਲਾਂ ਮੁਸਲਮਾਨਾਂ ਅਤੇ ਹਿੰਦੂਆਂ ਨੂੰ ਅਜ਼ਾਦੀ ਮਿਲ ਗਈ ਸੀ ਪਰ ਸਿੱਖਾਂ ਨੂੰ ਆਪਣਾ ਘਰ ਨਹੀਂ ਮਿਲਿਆ। ਇਸ ਲਈ ਸਿੱਖ ਉਦੋਂ ਤੋਂ ਹੀ ਆਪਣੇ ਕੌਮੀ ਘਰ ਲਈ ਯਤਨਸ਼ੀਲ ਹਨ।ਸਮਾਗਮ ਵਿਚ ਸ਼ਹੀਦ ਭਾਈ ਸੁਲੱਖਣ ਸਿੰਘ ਬੱਬਰ, ਸ਼ਹੀਦ ਭਾਈ ਅਨੋਖ ਸਿੰਘ ਬੱਬਰ, ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਪਰਿਵਾਰ ਤੋਂ ਇਲਾਵਾ ਇਲਾਕੇ ਦੇ ਤੀਹ ਦੇ ਕਰੀਬ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਜਰਮਨੀ ਤੋਂ ਉਚੇਚੇ ਤੌਰ ‘ਤੇ ਇਸ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ ਭਾਈ ਭੁਪਿੰਦਰ ਸਿੰਘ ਭਲਵਾਨ ਨੇ ਸ਼ਹੀਦ ਜਥੇਦਾਰ ਨੂੰ ਆਪਣੀ ਸ਼ਰਧਾ ਦੇ ਫੁੱਲ ਅਰਪਣ ਕੀਤੇ ਅਤੇ ਵਿਦੇਸ਼ ਵਸਦੇ ਸਿੰਘਾਂ ਦੀ ਹਾਜ਼ਰੀ ਸਮਾਗਮ ਵਿੱਚ ਲਵਾਈ।ਉਨ੍ਹਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਨੂੰ ਸੋਧਣ ਵਾਲੇ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਅਤੇ ਭਾਈ ਨਿਹਾਲ ਸਿੰਘ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਅਤੇ ਸ਼ਹੀਦ ਜਥੇਦਾਰ ਸੁਖਦੇਵ ਸਿੰਘ ਬੱਬਰ ਯਾਦਗਾਰੀ ਐਵਾਰਡ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ।ਸਮਾਗਮ ਅੰਦਰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜਰਬੰਦ ਨਵੰਬਰ 2015 ਵਿੱਚ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਉਹਨਾਂ ਦੇ ਬੁਲਾਰੇ ਅਤੇ ਵਕੀਲ ਸ੍ਰ. ਅਮਰ ਸਿੰਘ ਚਾਹਲ ਵੱਲੋਂ ਸੰਗਤਾਂ ਨੂੰ ਪੜ੍ਹ ਕੇ ਸੁਣਾਇਆ ਗਿਆ।
ਅਖੀਰ ਵਿੱਚ ਸਮੁੱਚੇ ਸਮਾਗਮ ਦਾ ਸੰਚਾਲਨ ਕਰ ਰਹੇ ਅਕਾਲ ਖਾਲਸਾ ਦਲ ਦੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਖਾਲਸਾ ਨੇ ਇਸ ਸ਼ਹੀਦੀ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਇਸ ਸਮਾਗਮ ਦੀ ਕਵਰੇਜ ਕਰਨ ਵਾਲੇ ਅਕਾਲ ਚੈਨਲ ਯੂ.ਕੇ, ਸਿੱਖ ਚੈਨਲ ਯੂ.ਕੇ ਅਤੇ ਡੀ.ਡੀ ਪੰਜਾਬੀ ਦਾ ਵੀ ਧੰਨਵਾਦ ਕੀਤਾ।
ਇਸ ਸ਼ਹੀਦੀ ਸਮਾਗਮ ਵਿਚ ਭਾਈ ਸਰਬਜੀਤ ਸਿੰਘ ਘੁਮਾਣ, ਭਾਈ ਸੁਖਜੀਤ ਸਿੰਘ ਖੋਸੇ, ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ, ਹਲਕੇ ਦੇ ਐਮ ਐਲ ਏ. ਵਿਰਸਾ ਸਿੰਘ ਵਲਟੋਹਾ ਅਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਵੀ ਸੰਗਤਾਂ ਵਿਚ ਆਪਣੀ ਹਾਜ਼ਰੀ ਲਗਵਾਈ ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply