Sunday, August 30, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਮੁਆਫੀ ਦੇ ਹੱਕਦਾਰ ਨਹੀਂ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਝੰਨਾਖੇੜਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 138 ਪੱਤਰੇ ਪਾੜ ਕੇ ਸੁੱਟਣ ਅਤੇ ਸੰਗਰੂਰ ਦੇ ਨੇੜਲੇ ਪਿੰਡ ਰਸਾਲਦਾਰ ਛੰਨਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ ਦੀ ਵਿਆਖਿਆ ਵਾਲੇ ਗੁਟਕੇ ਦੇ ਅੰਗਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਦੁਖਦਾਈ ਦੱਸਦਿਆਂ ਦੋਸ਼ੀਆਂ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਸੁੱਖਮਈ ਮਾਹੌਲ ਨੂੰ ਜਾਣ-ਬੁੱਝ ਕੇ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਜਿਨ੍ਹਾਂ ਦੇ ਹਿਰਦੇ ਇਸ ਮੰਦਭਾਗੀ ਘਟਨਾ ਨਾਲ ਵਲੂੰਧਰੇ ਗਏ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਤੋਂ ਸਰਬੱਤ ਦੇ ਭਲੇ ਤੇ ਹਰ ਧਰਮ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਮਿਲਦੀ ਹੈ, ਪਰ ਕੁਝ ਪੰਥ ਦੋਖੀ ਭਾਈਚਾਰਕ ਸਾਂਝ, ਆਪਸੀ ਪਿਆਰ ਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਕੋਈ ਧਰਮ ਨਹੀਂ ਹੁੰਦਾ ਜੋ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ।ਉਨ੍ਹਾਂ ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਸਬੰਧਤ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਕਿਉਂਕਿ ਅਜਿਹੇ ਦੋਸ਼ੀ ਮੁਆਫੀ ਦੇ ਹੱਕਦਾਰ ਨਹੀਂ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply