Wednesday, March 18, 2026

ਗੈਰਕਾਨੂੰਨੀ ਹੋਰਡਿੰਗਜ਼ ਅਤੇ ਪੋਸਟਰ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਵਰੁਣ ਰੂਜ਼ਮ

PPN1908201604ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) -ਸ਼ਹਿਰ ਵਿਚ ਗੈਰਕਾਨੂੰਨੀ ਹੋਰਡਿੰਗਜ਼ ਅਤੇ ਪੋਸਟਰ ਲਗਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਬੱਚਤ ਭਵਨ ਵਿਖੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ, ਪ੍ਰਿੰਟਰਾਂ ਅਤੇ ਪਬਲਿਸ਼ਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਸਮੇਤ ਜ਼ਿਲ੍ਹੇ ਦੇ ਆਹਲਾ ਅਧਿਕਾਰੀਆਂ ਦੀ ਹਾਜ਼ਰੀ ਵਿਚ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਗੈਰਕਾਨੂੰਨੀ ਹੋਰਡਿੰਗਜ਼ ਅਤੇ ਪੋਸਟਰਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਉਤਾਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਹੋਰਡਿੰਗਜ਼ ਸ਼ਹਿਰ ਦੀ ਸੁੰਦਰਤਾ ਵਿਗਾੜ ਰਹੇ ਹਨ, ਜਿਸ ਨਾਲ ਬਾਹਰੋਂ ਆਉਣ ਵਾਲੇ ਯਾਤਰੀਆਂ ‘ਤੇ ਬੁਰਾ ਪ੍ਰਭਾਵ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਰਡਿੰਗਜ਼ ਅਤੇ ਪੋਸਟਰ ਛਾਪਣ ਵਾਲਿਆਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ, ਜੋ ਇਨ੍ਹਾਂ ਨੂੰ ਛਾਪਣ ਸਬੰਧੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਦਾ ਵੀ ਲਿਹਾਜ਼ ਨਹੀਂ ਕੀਤਾ ਜਾਵੇਗਾ।ਸ੍ਰੀ ਰੂਜਮ ਨੇ ਇਸ ਮੌਕੇ ਪੋਸਟਰਾਂ ਸਬੰਧੀ ਹਦਾਇਤਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ।
ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਇਸ ਮੌਕੇ ਰਾਜਸੀ ਪਾਰਟੀਆਂ ਨੂੰ ਇਸ ਕੰਮ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਗੈਰਕਾਨੂੰਨੀ ਢੰਗ ਨਾਲ ਲਗਾਏ ਗਏ ਆਪਣੇ-ਆਪਣੇ ਹੋਰਡਿੰਗਜ਼ ਤੇ ਬੈਨਰ ਖੁਦ ਉਤਾਰ ਲੈਣ, ਨਹੀਂ ਤਾਂ ਉਸ ਤੋਂ ਬਾਅਦ ਇਨ੍ਹਾਂ ਨੂੰ ਉਤਾਰਨ ਲਈ ਨਿਗਮ ਆਪਣੀ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਅੰਮ੍ਰਿਤਸਰ ਵਿਖੇ ਇਤਿਹਾਸਕ ਅਤੇ ਵਿਰਾਸਤੀ ਇਮਾਰਤਾਂ ‘ਤੇ  ਵੀ ਗੈਰਕਾਨੂੰਨੀ ਪੋਸਟਰ ਲੱਗੇ ਦੇਖੇ ਜਾਂਦੇ ਹਨ, ਜਿਸ ਨਾਲ ਜਿਥੇ ਇਥੇ ਆਉਂਦੇ ਸੈਲਾਨੀਆਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਦੀ ਹੈ ਉਥੇ ਸ਼ਹਿਰ ਦੀ ਸੁੰਦਰਤਾ ‘ਤੇ ਵੀ ਬੁਰਾ ਅਸਰ ਪੈਂਦਾ ਹੈ।
ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ ਨੇ ਇਸ ਦੌਰਾਨ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਗੈਰਕਾਨੂੰਨੀ ਪੋਸਟਰ ਜਾਂ ਹੋਰਡਿੰਗ ਲਗਾਉਂਦਾ ਮੌਕੇ ‘ਤੇ ਫੜਿਆ ਗਿਆ ਤਾਂ ਉਸ ਦੀ ਜ਼ਮਾਨਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਦੀ ਪ੍ਰਾਈਵੇਟ ਪ੍ਰਾਪਰਟੀ ‘ਤੇ ਉਸ ਦੀ ਮਰਜ਼ੀ ਤੋਂ ਬਿਨ੍ਹਾਂ ਹੋਰਡਿੰਗਜ਼ ਜਾਂ ਬੈਨਰ ਲਗਾਉਣੇ ਕਾਨੂੰਨੀ ਜ਼ੁਰਮ ਹੈ ਅਤੇ ਅਜਿਹੀ ਸ਼ਿਕਾਇਤ ਆਉਣ ‘ਤੇ ਕੇਸ ਦਰਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਚੋਣ ਜ਼ਾਬਤੇ ਦੌਰਾਨ ਇਸ ਸਬੰਧੀ ਹਦਾਇਤਾਂ ਦੀ ਪਾਲਣਾ ਕਰ ਸਕਦੇ ਹਾਂ ਤਾਂ ਹੁਣ ਕਿਉਂ ਨਹੀਂ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਤੋਂ ਹੀ ਇਹ ਆਪਣੀ ਆਦਤ ਬਣਾ ਲੈਣੀ ਚਾਹੀਦੀ ਹੈ।
ਇਸ ਮੌਕੇ ਹਾਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਿੰਟਰਾਂ ਤੇ ਪ੍ਰਕਾਸ਼ਕਾਂ ਨੇ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਅਤੇ ਗੈਰਕਾਨੂੰਨੀ ਹੋਰਡਿੰਗਜ਼ ਅਤੇ ਪੋਸਟਰਾਂ ਨੂੰ ਖ਼ੁਦ ਹੀ ਉਤਾਰ ਦੇਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply