ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਲਈ ਬੱਸਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਤਹਿਤ ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਬੱਸਾਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਅੰਮ੍ਰਿਤਸਰ ਪੁੱਜੀਆਂ। ਇਸ ਮੌਕੇ ਸੰਗਤਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਸ੍ਰੀਮਤੀ ਲਵਜੀਤ ਕੌਰ ਕਲਸੀ ਨੇ ਦੱਸਿਆ ਕਿ ਅੱਜ ਦਾ ਦਿਨ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਲਈ ਇਕ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇਕ ਅਹਿਮ ਅਤੇ ਵੱਡਾ ਉਪਰਾਲਾ ਹੈ, ਜਿਸ ਲਈ ਸੰਗਤਾਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦਾ ਦਿਲੋਂ ਧੰਨਵਾਦ ਕਰ ਰਹੀਆਂ ਹਨ, ਜਿਨ੍ਹਾਂ ਦੀ ਬਦੌਲਤ ਉਨ੍ਹਾਂ ਨੂੰ ਇਹ ਸੁਭਾਗ ਪ੍ਰਾਪਤ ਹੋਇਆ ਹੈ।
ਸ੍ਰੀਮਤੀ ਕਲਸੀ ਨੇ ਕਿਹਾ ਕਿ ਅੱਜ ਬਠਿੰਡਾ, ਮਾਨਸਾ, ਰੂਪਨਗਰ, ਫਾਜ਼ਿਲਕਾ, ਲੁਧਿਆਣਾ ਅਤੇ ਐਸ. ਏ. ਐਸ ਨਗਰ ਆਦਿ ਜ਼ਿਲ੍ਹਿਆਂ ਬੱਸਾਂ ਆਈਆਂ ਹਨ। ਉਨ੍ਹਾਂ ਦੱਸਿਆ ਕਿ ਆਈਆਂ ਸੰਗਤਾਂ ਵਿਚ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਇਹ ਧਾਰਮਿਕ ਯਾਤਰਾ ਛੇ ਮਹੀਨਿਆਂ ਤੱਕ ਚੱਲੇਗੀ, ਜਿਸ ਤਹਿਤ ਪੰਜਾਬ ਦੇ ਸਾਰੇ ਹਲਕਿਆਂ ਨੂੰ ਕਵਰ ਕੀਤੇ ਜਾਵੇਗਾ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਆਉਣ ਵਾਲੀਆਂ ਇਨ੍ਹਾਂ ਬੱਸਾਂ ਦੀ ਪਾਰਕਿੰਗ ਲਈ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਜੀ ਵਿਖੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ੍ਰੀਮਤੀ ਕਲਸੀ ਨੇ ਸੰਗਤਾਂ ਅਤੇ ਬੱਸਾਂ ਦੇ ਚਾਲਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਯਾਤਰਾ ਨਾਲ ਸਬੰਧਤ ਤਜ਼ਰਬੇ ਸਾਂਝੇ ਕੀਤੇ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media