
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਹਾਜ਼ਰ ਸੈਨੇਟਰੀ ਇੰਸਪੈਕਟਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਕੰਮ ਵਿਚ ਜੀਅ-ਜਾਨ ਨਾਲ ਜੁੱਟ ਜਾਣ ਅਤੇ ਇਕ ਹਫ਼ਤੇ ਬਾਅਦ ਉਨ੍ਹਾਂ ਦੇ ਕੰਮ ਦਾ ਮੁਲਾਂਕਣ ਕੀਤਾ ਜਾਵੇਗਾਂ ਅਤੇ ਉਨ੍ਹਾਂ ਵੱਲੋਂ ਕੀਤਾ ਕੰਮ ਨਜ਼ਰ ਆਉਣਾ ਚਾਹੀਦਾ ਹੈ।
ਸ੍ਰੀ ਵਰੁਣ ਰੂਜਮ ਨੇ ਇਸ ਮੌਕੇ ਸਖ਼ਤ ਹਦਾਇਤ ਕੀਤੀ ਕਿ ਸੈਨੇਟਰੀ ਇੰਸਪੈਕਟਰਾਂ ਨੂੰ ਆਪਣਾ ਰਵੱਈਆ ਬਦਲਣਾ ਪਵੇਗਾ। ਉਨ੍ਹਾਂ ਲਗਾਤਾਰ ਗੈਰ ਹਾਜ਼ਰ ਰਹਿਣ ਵਾਲੇ ਸਫ਼ਾਈ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਨੂੰ ਯੋਜਨਾਬੱਧ ਢੰਗ ਨਾਲ ਚਲਾਇਆ ਜਾਵੇ ਅਤੇ ਵਾਲਡ ਸਿਟੀ ਵਿਚ ਵੱਧ ਕਰਮੀ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਧਰੇ ਵੀ ਸੜਕਾਂ ‘ਤੇ ਕੂੜਾ ਖਿੱਲਰਿਆ ਨਜ਼ਰ ਨਹੀਂ ਆਉਣਾ ਚਾਹੀਦਾ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਜਲਦ ਹੀ ਵਾਧੂ ਜੇ. ਸੀ. ਬੀ ਮਸ਼ੀਨਾਂ ਅਤੇ ਟਰਾਲੀਆਂ ਦੇ ਆਉਣ ਨਾਲ ਸ਼ਹਿਰ ਦੇ ਸਫ਼ਾਈ ਦੇ ਕੰਮ ਵਿਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੂੜਾ ਚੁੱਕਣ ਦੇ ਕੰਮ ਵਿਚ ਵੀ ਤੇਜ਼ੀ ਆਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media