ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਨਗਰ ਨਿਗਮ ਵੱਲੋਂ ਗੁਰਦੁਆਰਾ ਸਾਹਿਬ ਬੈਕੁੰਠ ਨਗਰ ‘ਤੇ 15 ਹਜ਼ਾਰ ਰੁਪਏ ਦਾ ਗ੍ਰਹਿ ਅਤੇ ਜਲ ਟੈਕਸ ਲਗਾ ਕੇ ਤੁਰੰਤ ਅਦਾਇਗੀ ਕਰਨ ਲਈ ਨੋਟਿਸ ਜਾਰੀ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ 50 ਸਾਲ ਪੁਰਾਣੇ ਗੁਰਦੁਆਰਾ ਸਾਹਿਬ ‘ਤੇ ਨਗਰ ਨਿਗਮ ਵੱਲੋਂ ਟੈਕਸ ਲਗਾਉਣਾ ਨਿੰਦਣਯੋਗ ਹੈ ਕਿਉਂਕਿ ਭਾਰਤੀ ਸੰਵਿਧਾਨ ਵਿੱਚ ਧਾਰਮਿਕ ਸਥਾਨਾਂ ਨੂੰ ਕਿਸੇ ਵੀ ਪ੍ਰਕਾਰ ਦੇ ਟੈਕਸ ਤੋਂ ਛੋਟ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪਹਿਲਾ ਕਦੇ ਵੀ ਅਜਿਹਾ ਆਦੇਸ਼ ਜਾਰੀ ਨਹੀਂ ਕੀਤਾ ਗਿਆ ਤੇ ਹੁਣ ਅਚਾਨਕ ਸਿੱਖਾਂ ਨਾਲ ਭੇਦਭਾਵ ਕਰਦਿਆਂ ਟੈਕਸ ਲਗਾਉਣਾ ਕਿਸੇ ਵੀ ਕੀਮਤ ‘ਤੇ ਜਾਇਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਪਹਿਲਾਂ ਹੀ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਤਾਂ ਫਿਰ ਟੈਕਸ ਕਿਸ ਗੱਲ ਦਾ ਲਾਇਆ ਗਿਆ ਹੈ।
ਉਨ੍ਹਾਂ ਉੱਤਰ ਪ੍ਰਦੇਸ਼ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬ ਬੈਕੁੰਠ ‘ਤੇ ਲਗਾਇਆ ਗਿਆ ਟੈਕਸ ਤੁਰੰਤ ਮੁਆਫ ਕਰਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਭਾਰਤੀ ਸੰਵਿਧਾਨ ਦੀ ਪ੍ਰਵਾਹ ਕੀਤੇ ਬਿਨਾਂ ਅਜਿਹੀ ਕਾਰਵਾਈ ਨੂੰ ਅੰਜ਼ਾਮ ਦਿੱਤਾ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media