
ਅੰਮ੍ਰਿਤਸਰ, 2 ਸਤੰਬਰ (ਗੁਰਪ੍ਰੀਤ ਸਿੰਘ)- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ।ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਚੱਲ ਕੇ ਚੌਂਕ ਕਰੋੜੀ ਤੇ ਚੌਂਕ ਬਾਬਾ ਸਾਹਿਬ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।ਨਗਰ ਕੀਰਤਨ ਵਿੱਚ ਸ਼ਾਮਲ ਸ਼ਬਦ ਕੀਰਤਨੀ ਜਥਿਆਂ ਵੱਲੋਂ ਧੁਰ ਕੀ ਬਾਣੀ ਦੇ ਕੀਰਤਨ ਕੀਤੇ ਗਏ।ਗੱਤਕਾ ਪਾਰਟੀਆਂ ਵੱਲੋਂ ਥਾਂ-ਥਾਂ ਗਤਕੇ ਦੇ ਜੌਹਰ ਦਿਖਾਏ ਗਏ ਤੇ ਸਕੂਲੀ ਬੈਂਡ ਅਤੇ ਬੈਂਡ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ।ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਜਗ੍ਹਾ-ਜਗ੍ਹਾ ਲੰਗਰ ਲਗਾ ਕੇ ਸੇਵਾ ਕੀਤੀ ਗਈ।
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਪਾਵਨ ਅਸਥਾਨ ‘ਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਭਾਈ ਗੁਰਦਾਸ ਜੀ ਤੋਂ ਲਿਖਵਾ ਕੇ ਇਸ ਦਾ ਪਹਿਲਾ ਪ੍ਰਕਾਸ਼ 1604 ਈ: ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੁਰੂ-ਘਰ ਦੇ ਮਹਾਨ ਸੇਵਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦੇ ਸੀਸ ‘ਤੇ ਸੁਸ਼ੋਭਿਤ ਕਰਕੇ ਪੰਚਮ ਪਾਤਸ਼ਾਹ ਸੰਗਤਾਂ ਨਾਲ ਆਪ ਚੌਰ ਸਾਹਿਬ ਦੀ ਸੇਵਾ ਨਿਭਾਉਂਦੇ ਹੋਏ ਨਗਰ ਕੀਰਤਨ ਦੇ ਰੂਪ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ।ਇਸ ਪਾਵਨ ਦਿਹਾੜੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।
ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਸਵੇਰੇ 8:30 ਤੋਂ 12:00 ਵਜੇ ਤੀਕ ਸੁੰਦਰ ਜਲੌ ਸਜਾਏ ਗਏ।ਰਾਤ ਨੂੰ ਦੀਪਮਾਲਾ ਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲੇਗੀ।
ਨਗਰ ਕੀਰਤਨ ਵਿੱਚ ਹਰਜਾਪ ਸਿੰਘ ਤੇ ਬਾਬਾ ਚਰਨਜੀਤ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਹਰਚਰਨ ਸਿੰਘ ਮੁੱਖ ਸਕੱਤਰ, ਦਿਲਜੀਤ ਸਿੰਘ ਬੇਦੀ, ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਸੰਤੋਖ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਰਣਜੀਤ ਸਿੰਘ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸੁਲੱਖਣ ਸਿੰਘ, ਗੁਰਿੰਦਰ ਸਿੰਘ, ਮਨਜਿੰਦਰ ਸਿੰਘ ਮੰਡ ਤੇ ਰਘੁਬੀਰ ਸਿੰਘ ਮੈਨੇਜਰ, ਜਗਜੀਤ ਸਿੰਘ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਹਰਜਿੰਦਰ ਸਿੰਘ ਤੇ ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ, ਕਰਮਬੀਰ ਸਿੰਘ, ਮਨਿੰਦਰ ਮੋਹਣ ਸਿੰਘ, ਤੈz-ਸ਼ਤਾਬਦੀ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅਤੇ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ ਮੈਂਬਰ, ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ, ਅਮਰਬੀਰ ਸਿੰਘ ਢੋਟ ਕੌਂਸਲਰ, ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਸਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media