Sunday, June 21, 2026

ਡੇਂਗੂ ਨਾਲ ਟਾਕਰੇ ਲਈ ਪ੍ਰਸ਼ਾਸਨ ਨੇ ਹੇਠਲੇ ਪੱਧਰ ਤੱਕ ਵਧਾਈ ਨਿਗਰਾਨੀ-ਡੀ. ਸੀ

PPN0608201610
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ ਜਿਸ ਤਹਿਤ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਖੜ੍ਹੇ ਪਾਣੀ ਵਿਚ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣ ਲਈ ਹੇਠਲੇ ਪੱਧਰ ਤੱਕ ਨਿਗਰਾਨੀ ਵਧਾ ਦਿੱਤੀ ਗਈ ਹੈ। ਇਸ ਕਾਰਜ ਵਿਚ ਸਿਹਤ ਵਿਭਾਗ ਅਤੇ ਨਗਰ ਨਿਗਮ ਤੋਂ ਇਲਾਵਾ ਹੋਰਨਾਂ ਵਿਭਾਗਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ  ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਡੇਂਗੂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਸਾਂਝੇ ਤੇ ਪ੍ਰਭਾਵਸ਼ਾਲੀ ਯਤਨਾਂ ਤਹਿਤ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੀਟਿੰਗ ਵਿਚ ਸਿਹਤ ਵਿਭਾਗ ਤੋਂ ਇਲਾਵਾ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਉਨਾਂ ਦੱਸਿਆ ਕਿ ਸਾਲ 2015 ਵਿਚ ਡੇਂਗੂ ਦੇ 852 ਪਾਜ਼ੇਟਿਵ ਕੇਸ ਪਾਏ ਗਏ  ਸਨ ਅਤੇ 2016 ਵਿਚ ਹੁਣ ਤੱਕ ਇਸ ਦੇ 99 ਸ਼ੱਕੀ ਕੇਸਾਂ ਵਿਚੋਂ 46 ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਸ਼ਹਿਰ ਵਿਚ ਖਲੋਤੇ ਪਾਣੀ ਅਤੇ ਛੱਪੜਾਂ ਵਿਚ ਐਂਟੀ ਲਾਰਵਾ ਦਵਾਈਆਂ ਦੇ ਛਿੜਕਾਅ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਸਥਾਨਕ ਸਰਕਾਰਾਂ ਵਿਭਾਗ ਆਪਣੇ ਅਧੀਨ ਆਉਂਦੀਆਂ ਨਗਰ ਪੰਚਾਇਤਾਂ, ਨੋਟੀਫਾਇਡ ਕਮੇਟੀਆਂ ਰਾਹੀਂ ਪਿੰਡਾਂ ਵਿਚ ਵੀ ਟੋਇਆਂ ਨੂੰ ਮਿੱਟੀ ਨਾਲ ਭਰੇ ਅਤੇ ਛੱਪੜਾਂ ਵਿਚ ਕਾਲਾ ਤੇਲ ਪਾਇਆ ਜਾਵੇ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਉਨ੍ਹਾਂ ਹਦਾਇਤ ਕੀਤੀ ਕਿ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਸਪਰੇਅ ਕਰਵਾਈ ਜਾਵੇ। ਸੀਵਰੇਜ ਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਹਦਾਇਤ ਕੀਤੀ ਕਿ ਜਿਥੇ ਵੀ ਕਿਤੇ ਪਾਣੀ ਦੀ ਲੀਕੇਜ ਹੋਵੇ, ਉਸ ਨੂੰ ਤੁਰੰਤ ਬੰਦ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਲਮੰਡੀ, ਜਹਾਜ਼ਗੜ੍ਹ, ਰੋਡਵੇਜ਼ ਵਰਕਸ਼ਾਪਾਂ, ਗੋਲਬਾਗ ਦੀਆਂ ਵਰਕਸ਼ਾਪਾਂ ਵੱਲ ਅਤੇ ਸ਼ਹਿਰ ਵਿਚ ਚੱਲ ਰਹੀ ਉਸਾਰੀ ਵੱਲ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਡੇਂਗੂ ਦੇ ਮੱਛਰ ਦਾ ਲਾਰਵਾ ਮਿਲਣ ‘ਤੇ 500 ਰੁਪਏ ਦਾ ਚਲਾਨ ਕਰਕੇ ਸੂਚਨਾ ਦਫ਼ਤਰ ਸਿਵਲ ਸਰਜਨ ਨੂੰ ਭੇਜੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿਚ ਸਵੇਰ ਦੀ ਪ੍ਰਾਰਥਨਾ ਮੌਕੇ ਬੱਚਿਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜੁਲਾਈ ਮਹੀਨੇ ਨੂੰ ਐਂਟੀ ਡੇਂਗੂ ਮਹੀਨੇ ਦੇ ਤੌਰ ‘ਤੇ ਮਨਾਇਆ ਗਿਆ, ਜਿਸ ਦੌਰਾਨ ਜ਼ਿਲ੍ਹੇ ਭਰ ਵਿਚ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿਚ ਐਂਟੀ ਲਾਰਵਾ ਦੀਆਂ 15 ਟੀਮਾਂ ਕੰਮ ਕਰ ਰਹੀਆਂ ਹਨ, ਜਿਹੜੀਆਂ ਕਿ ਸ਼ਹਿਰ ਵਿਚ ਖਲੋਤੇ ਪਾਣੀ ਅਤੇ ਛੱਪੜਾਂ ਵਿਚ ਐਂਟੀ ਲਾਰਵਾ ਦਵਾਈਆਂ ਦਾ ਛਿੜਕਾਅ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪੇਂਡੂ ਸਿਹਤ ਅਤੇ ਸਫ਼ਾਈ ਕਮੇਟੀਆਂ ਦੀ ਮਦਦ ਨਾਲ ਪਿੰਡਾਂ ਵਿਚ ਟੋਇਆਂ ਨੂੰ ਮਿੱਟੀ ਨਾਲ ਭਰਿਆ ਗਿਆ ਹੈ ਅਤੇ ਛੱਪੜਾਂ ਵਿਚ ਕਾਲਾ ਤੇਲ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹਰੇਕ ਹਫ਼ਤੇ ਸ਼ੁੱਕਰਵਾਰ ਡਰਾਈ ਡੇਅ ਦੇ ਤੌਰ ‘ਤੇ ਮਨਾਇਆ ਜਾਂਦਾ ਹੈ, ਜਿਸ ਦੌਰਾਨ ਕੂਲਰਾਂ, ਗਮਲਿਆਂ ਆਦਿ ਦੀ ਸਫ਼ਾਈ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਅਤੇ ਅਦਾਰਿਆਂ ਵਿਚੋਂ ਡੇਂਗੂ ਦਾ ਲਾਰਵਾ ਮਿਲਿਆ ਹੈ, ਉਨ੍ਹਾਂ ਨੂੰ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਕਈਆਂ ਦੇ ਚਲਾਨ ਵੀ ਕੀਤੇ ਗਏ ਹਨ।
ਇਸ ਮੌਕੇ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਐਸ. ਡੀ. ਐਮ ਬਾਬਾ ਬਕਾਲਾ ਸ. ਤੇਜਦੀਪ ਸਿੰਘ ਸੈਣੀ, ਐਸ. ਡੀ. ਐਮ ਅਜਨਾਲਾ ਡਾ. ਅਨੁਪ੍ਰੀਤ ਕੌਰ, ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਮਦਨ ਮੋਹਨ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply