ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਵਿਸ਼ਵ ਸਿਹਤ ਸੰਗਠਨ ਵੱਲੋਂ ਦਰਸਾਏ ਗਏ ਪ੍ਰਮੁੱਖ ਦਿਵਸਾਂ ਦੀ ਲੜੀ ਵਿਚ ਕੌਮੀ ਖ਼ੁਰਾਕ ਹਫ਼ਤੇ ਤਹਿਤ ਸਿਹਤ ਵਿਭਾਗ ਵੱਲੋਂ ਅੱਜ ਚੀਫ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਿਵਲ ਸਰਜਨ ਡਾ. ਪਰਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪਰਿਵਾਰ ਪਲਾਈ ਅਫ਼ਸਰ ਡਾ ਸੁਖਪਾਲ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੁਖਪਾਲ ਸਿੰਘ ਨੇ ਕਿਹਾ ਕਿ ਸਾਡੀ ਰੋਜ਼ਾਨਾ ਦੀ ਖ਼ੁਰਾਕ ਵਿਚ ਸਾਰੇ ਖ਼ੁਰਾਕੀ ਤੱਤਾਂ ਦਾ ਹੋਣਾ ਬਹੁਤ ਲਾਜ਼ਮੀ ਹੈ ਕਿਉਂਕਿ ਇਨ੍ਹਾਂ ਤੋਂ ਬਗੈਰ ਕੋਈ ਵੀ ਭੋਜਨ ਸੰਤੁਲਿਤ ਭੋਜਨ ਨਹੀਂ ਅਖਵਾ ਸਕਦਾ। ਉਨ੍ਹਾਂ ਦੱਸਿਆ ਕਿ ਸਵੇਰ ਦਾ ਖਾਣਾ ਇਕ ਬਾਦਸ਼ਾਹ ਦੀ ਤਰ੍ਹਾਂ, ਦੁਪਹਿਰ ਦਾ ਖਾਣਾ ਇਕ ਆਮ ਇਨਸਾਨ ਦੀ ਤਰ੍ਹਾਂ ਅਤੇ ਰਾਤ ਦਾ ਖਾਣਾ ਭਿਖਾਰੀ ਵਰਗਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਣੇ ਨਾਲ ਪਾਣੀ ਵੀ ਭਰਪੂਰ ਮਾਤਰਾ ਵਿਚ ਪੀਣਾ ਚਾਹੀਦਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਕੌਰ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ‘ਚੰਗੀ ਖੁਰਾਕ ਲਈ ਜੀਵਨ ਚੱਕਰ ਪਹੁੰਚ’ ਹੈ। ਉਨ੍ਹਾਂ ਦੱਸਿਆ ਕਿ ਚੰਗਾ ਭੋਜਨ ਉਹ ਹੈ ਜੋ ਸਰੀਰ ਵਿਚ ਚੰਗੀ ਤਰ੍ਹਾਂ ਪਚ ਸਕੇ। ਉਨ੍ਹਾਂ ਕਿਹਾ ਕਿ ਹਮੇਸ਼ਾ ਮੌਸਮੀ ਫਲ਼ ਅਤੇ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਭਵਤੀ ਔਰਤਾਂ ਨੂੰ ਕਦੀ ਵੀ ਵਰਤ ਨਹੀਂ ਰੱਖਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਸੰਤੁਲਿਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਮੌਕੇ ਵਿਦਿਆਰਥੀਆਂ ਵਿਚ ਨਿਊਟ੍ਰੀਸ਼ਨ ਨਾਲ ਸਬੰਧਤ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਇਸ ਨਾਲ ਸਬੰਧਤ ਰੰਗੋਲੀ ਵੀ ਬਣਾਈ ਗਈ। ਮੁਕਾਬਲੇ ਵਿਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਮੈਡਮ ਦਰਸ਼ਨ ਕੌਰ ਸੋਹੀ, ਮੈਡਮ ਕਿਰਨਜੀਤ, ਹਰਲੀਨ ਅਤੇ ਅਰੁਣਦੀਪ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰੁਪਿੰਦਰਜੀਤ ਕੌਰ ਅਤੇ ਅਮਰਦੀਪ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media