ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸ. ਹਰਕਮਲ ਪ੍ਰੀਤ ਸਿੰਘ ਸਮੇਤ ਜ਼ਿਲ੍ਹੇ ਵਿਚ ਪੈਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਤੇ ਚੋਣਾਂ ਨਾਲ ਸਬੰਧਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰੂਜਮ ਨੇ ਹਦਾਇਤ ਕੀਤੀ ਕਿ ਸਾਰੇ ਅਗੇਤੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਸ੍ਰੀ ਵਰੁਣ ਰੂਜਮ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਅਤੇ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਵੋਟ ਦਾ ਇਸਤੇਮਾਲ ਯਕੀਨੀ ਬਣਾਉਣ ਲਈ ਸੁਚੱਜੇ ਅਤੇ ਸਖਤ ਸੁਰੱਖਿਆ ਪ੍ਰਬੰਧ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਸਾਰੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਬੰਧਤ ਸੈਕਟਰ ਅਫਸਰਾਂ, ਡੀ.ਐਸ.ਪੀਜ਼ ਅਤੇ ਸਬੰਧਤ ਥਾਣਾ ਮੁਖੀਆਂ ਨਾਲ ਮੀਟਿੰਗ ਕਰਕੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਅਤੇ ਇਲਾਕਿਆਂ ਦੀ ਪਹਿਚਾਣ ਕਰਕੇ ਢੁਕਵੀਂ ਕਾਰਵਾਈ ਯੋਜਨਾ ਉਲੀਕੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਨਿਰਪੱਖਤਾ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਵਾਸਤੇ ਇਕ ਵਿਆਪਕ ਸੰਚਾਰ ਯੋਜਨਾ ਅਤੇ ਰੂਟ ਪਲਾਨ ਤਿਆਰ ਕਰਕੇ ਰਿਪੋਰਟ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਸੁਚੱਜੇ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਵਾਸਤੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿਚ ਕੁਲ 1970 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਐਸ. ਐਸ. ਪੀ ਸ. ਹਰਕਮਲ ਪ੍ਰੀਤ ਸਿੰਘ ਨੇ ਦੱਸਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਚੋਣ ਅਮਲ ਨੂੰ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਲਈ ਸਖਤ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media