
ਪਠਾਨਕੋਟ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕ੍ਰਿਮਿਨਲ ਕੰਪੋਂਡਏਬਲ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਤੇ ਸਮਝੋਤੇ ਰਾਹੀਂ ਕਰਨ ਲਈ ਅੱਜ ਕੋਰਟ ਕੰਪਲੈਕਸ ਮਲਿਕਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਜਿਸ ਦਾ ਉਦਘਾਟਨ ਸ਼੍ਰੀ ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਕੀਤਾ।ਉਨ੍ਹਾਂ ਦੱਸਿਆ ਕਿ ਅੱਜ ਲਗਾਈ ਨੈਸ਼ਨਲ ਲੋਕ ਅਦਾਲਤ ਵਿੱਚ 250 ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਕਰਨ ਲਈ ਅਦਾਲਤਾਂ ਦੇ ਤਿੰਨ ਬੈਂਚ ਲਗਾਏ ਗਏ ਸਨ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਤਿੰਨ ਲੋਕ ਅਦਾਲਤਾਂ ਦੇ ਬੈਂਚਾਂ ਵੱਲੋਂ 226 ਕੇਸਾਂ ਦਾ ਨਿਪਟਾਰਾ ਆਪਸੀ ਸਮਝੋਤੇ/ਰਾਜੀਨਾਮੇ ਰਾਹੀਂ ਕੀਤਾ ਗਿਆ ਹੈ ਅਤੇ ਇਹਨਾਂ ਕੇਸਾਂ ਵਿਚ 280000 ਰੁਪਏ ਦਾ ਅਵਾਡਰ ਪਾਸ ਕੀਤਾ ਗਿਆ।
ਸ਼੍ਰੀ ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਕਿਹਾ ਕਿ ਲੋਕ ਅਦਾਲਤਾਂ ਵਿੱਚ ਦੋਨੇ ਧਿਰਾਂ ਦੇ ਕੇਸ ਦਾ ਫੈਸਲਾ ਆਪਸੀ ਰਾਜੀਨਾਮੇ ਰਾਹੀਂ ਕਰਵਾਇਆ ਜਾਂਦਾ ਹੈ। ਜਿਸ ਨਾਲ ਦੋਨਾਂ ਧਿਰਾਂ ਵਿੱਚ ਪ੍ਰੇਮ-ਪਿਆਰ ਅਤੇ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬਚੱਤ ਹੁੰਦੀ ਹੈ ਅਤੇ ਇੰਨ੍ਹਾਂ ਲੋਕ ਅਦਾਲਤਾਂ ਲਗਾਉਣ ਕਾਰਨ ਆਮ ਅਦਾਲਤਾਂ ਦੇ ਸਮੇਂ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਰਟ ਕੰਪਲੈਕਸ ਵਿਖੇ ਹਰ ਮਹੀਨੇ ਇੱਕ ਲੋਕ ਅਦਾਲਤ ਲਗਾਈ ਜਾਂਦੀ ਹੈ ਅਤੇ ਅਗਲੀ ਨੈਸ਼ਨਲ ਲੋਕ ਅਦਾਲਤ 8 ਅਕਤੂਬਰ ਨੂੰ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲੋਕਾਂ ਦੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਹੁੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਲੋਕਾਂ ਅਦਾਲਤਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਲਾਭ ਉੱਠਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਵੱਖ ਵੱਖ ਥਾਂਵਾਂ ‘ਤੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਜ਼ਿਲ੍ਹੇ ਅੰਦਰ ਸਮਾਜਿਕ ਬੁਰਾਈਆਂ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵੀ ਸੈਮੀਨਾਰ ਲਗਾਉਣਗੇ। ਇਸ ਮੌਕੇ ਸ਼੍ਰੀ ਕਪਿਲ ਅਗਰਵਾਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਹਾਜ਼ਰ ਸਨ।
Punjab Post Daily Online Newspaper & Print Media