
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਹਸਪਤਾਲ ਅਤੇ ਲੈਬਾਰਟਰੀਆਂ ਡੇਂਗੂ ਦੇ ਟੈਸਟ ਲਈ 600 ਰੁਪਏ ਤੋਂ ਵੱਧ ਫੀਸ ਨਹੀਂ ਵਸੂਲ ਸਕਦੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਉਹ ਡੇਂਗੂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਕਰਵਾਉਣ ਕਿਉਂਕਿ ਇਸ ਬਿਮਾਰੀ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਵਿੱਚ ਡੇਂਗੂ ਦੇ 103 ਸ਼ੱਕੀ ਕੇਸਾਂ ਵਿਚੋਂ 54 ਕੇਸ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਢੁਕਵੇਂ ਕਦਮ ਚੁੱਕੇ ਗਏ ਹਨ ਜਿਸ ਤਹਿਤ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਖੜ੍ਹੇ ਪਾਣੀ ਵਿਚ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਵੱਖ-ਵੱਖ ਇਲਾਕਿਆਂ ਵਿਚ ਜਿਥੇ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ, ਉਥੇ ਡੇਂਗੂ ਪ੍ਰਤੀ ਲਾਪਰਵਾਹੀ ਵਰਤ ਰਹੇ ਲੋਕਾਂ ਦੇ ਚਾਲਾਨ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਕੰਮਕਾਜ਼ ਦੀ ਸਮੀਖਿਆ ਵੀ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਬਚਾਅ ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦਿਆਂ ਲੋਕਾਂ ਨੂੰ ਇਸ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਬੁਖਾਰ ਹੋਣ ਦੀ ਹਾਲਤ ਵਿਚ ਮਰੀਜ਼ ਨੂੰ ਨੇੜ੍ਹੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਮਰੀਜ਼ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਹੋ ਸਕੇ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਮਰੀਜ਼ ਵਿਚ ਤੇਜ਼ ਬੁਖਾਰ, ਤੇਜ਼ ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖਰਾਬ ਹੋਣ ‘ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖੂਨ ਵਗਣ ਦੀਆਂ ਨਿਸ਼ਾਨੀਆਂ ਪਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਟਾਈਫਾਈਡ, ਮਲੇਰੀਆ ਆਦਿ ਹੋਣ ‘ਤੇ ਵੀ ਸਰੀਰ ਵਿਚ ਬਲੱਡ ਪਲੇਟਲੈਟਸ ਘੱਟ ਜਾਂਦੇ ਹਨ ਅਤੇ ਮਾਹਿਰਾਂ ਵੱਲੋਂ ਸਮੁੱਚੇ ਲੱਛਣਾਂ ਦੀ ਜਾਂਚ ਤੋਂ ਬਾਅਦ ਪੀੜਤਾਂ ਨੂੰ ਤੁਰੰਤ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਘਰਾਂ ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਟੈਂਕੀਆਂ ਅਤੇ ਪਾਣੀ ਦੇ ਭਰੇ ਭਾਂਡਿਆਂ ਨੂੰ ਢੱਕ ਕੇ ਰੱਖਣ, ਕੂਲਰਾਂ ਦੀ ਹਫਤੇ ਵਿਚ ਇਕ ਵਾਰ ਸਫਾਈ ਕਰਨ ਅਤੇ ਦਿਨ ਵੇਲੇ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਪ੍ਰਾਈਵੇਟ ਹਸਪਤਾਲ ਵਿਚ ਡੇਂਗੂ ਦਾ ਕੇਸ ਪਾਇਆ ਜਾਂਦਾ ਹੈ ਤਾਂ ਉਸਦੀ ਸੂਚਨਾ ਦਫਤਰ ਸਿਵਲ ਸਰਜਨ ਵਿਖੇ ਭੇਜਣੀ ਸਰਕਾਰ ਵੱਲੋਂ ਲਾਜ਼ਮੀ ਕੀਤੀ ਗਈ ਹੈ ਤਾਂ ਜੋ ਸਿਹਤ ਵਿਭਾਗ ਵੱਲੋਂ ਬਿਮਾਰੀ ਦੀ ਰੋਕਥਾਮ ਸਬੰਧੀ ਸਬੰਧਿਤ ਇਲਾਕੇ ਵਿਚ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਐਸ. ਡੀ. ਐਮ ਅਜਨਾਲਾ ਡਾ. ਅਨੁਪ੍ਰੀਤ ਕੌਰ, ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਮਦਨ ਮੋਹਨ ਤੋਂ ਇਲਾਵਾ ਜ਼ਿਲ੍ਹੇ ਭਰ ਦੇ ਸਿਹਤ ਅਧਿਕਾਰੀ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media